ਵਿੱਤ ਮੰਤਰੀ ਚੀਮਾ ਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ ਵਿੱਤ ਮੰਤਰੀ ਚੀਮਾ ਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ
Publish Date: Thu, 17 Sep 2026 03:50 PM (IST)
Updated Date: Fri, 18 Sep 2026 04:02 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜਬਾ : ਪਿਛਲੇ ਦਿਨੀਂ ਸਥਾਨਕ ਹਲਕੇ ਅੰਦਰ ਗੁਲਜ਼ਾਰ ਸਿੰਘ ਤੂਰਬੰਜਾਰਾ ਵੱਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਘਟਨਾ ਤੋਂ ਬਾਅਦ ਇਸ ਮਾਮਲੇ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਬਹੁਤ ਹੀ ਮੰਦਭਾਗੀ ਹੈ। ਇਸ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਸ਼ਹਿਰੀ ਪ੍ਰਧਾਨ ਧਰਮਪਾਲ ਗਰਗ ਅਤੇ ਸਰਪੰਚ ਰਵਿੰਦਰ ਸਿੰਘ ਮਾਨ ਮਹਿਲਾਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਇੱਕ ਦੁਖਦਾਈ ਘਟਨਾ ਨੂੰ ਹਲਕੇ ਦੀ ਸਿਆਸਤ ਨਾਲ ਜੋੜਨਾ ਠੀਕ ਨਹੀਂ ਹੈ। ਉਨ੍ਹਾਂ ਅਨੁਸਾਰ ਗੁਲਜ਼ਾਰ ਸਿੰਘ ਇੱਕ ਸਿੱਧਾ-ਸਾਦਾ ਵਿਅਕਤੀ ਸੀ ਅਤੇ ਪਰਿਵਾਰਕ ਪਰੇਸ਼ਾਨੀਆਂ ਕਾਰਨ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਬਾਅਦ ਵਿੱਚ ਸਿਆਸੀ ਬਦਲਾਖੋਰੀ ਨਾਲ ਜੋੜ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਜੋ ਬੇਹੱਦ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਨਰਮਦਿਲ, ਸ਼ਾਂਤ ਸੁਭਾਅ ਵਾਲੇ ਅਤੇ ਵਿਕਾਸ ਨੂੰ ਸਮਰਪਿਤ ਆਗੂ ਵਜੋਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਦੀ ਮੌਤ ਵਰਗੀ ਦੁਖਦਾਈ ਘਟਨਾ ਨੂੰ ਸਿਆਸੀ ਲਾਹਾ ਲੈਣ ਲਈ ਵਰਤਣਾ ਸਮਾਜ ਲਈ ਚੰਗਾ ਸੰਦੇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਦੁੱਖ ਨੂੰ ਸਮਝਣ ਅਤੇ ਉਨ੍ਹਾਂ ਦੇ ਨਾਲ ਖੜ੍ਹਨ ਦੀ ਲੋੜ ਹੈ, ਨਾ ਕਿ ਘਟਨਾ ਨੂੰ ਸਿਆਸੀ ਵਿਵਾਦ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਬਿਨਾਂ ਪੱਕੇ ਤੱਥਾਂ ਦੇ ਕਿਸੇ ’ਤੇ ਦੋਸ਼ ਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦੀ ਮਦਦ ਕੀਤੀ ਜਾਵੇ।