- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਂਗਣਵਾੜੀ ਵਰਕਰਾਂ ਬਠਿੰਡਾ-ਚੰਡੀਗੜ੍ਹ ਹਾਈਵੇ ਕੀਤਾ ਜਾਮ

ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਕੀਤਾ ਰੋਸ ਪ੍ਰਦਰਸ਼ਨ
ਜਸਵੀਰ ਸਿੰਘ\ਬਲਜਿੰਦਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ ਕੀਤਾ। ਇਸਤੋ ਬਾਅਦ ਪ੍ਰਦਰਸ਼ਨਕਾਰੀਆਂ ਨੇ ਬਠਿੰਡਾ-ਚੰਡੀਗੜ੍ਹ ਹਾਈਵੇ ਤਾ ਜਾਮ ਲਾ ਦਿੱਤਾ।
ਇਸ ਮੌਕੇ ਆਲ ਇੰਡੀਆ ਦੇ ਜਰਨਲ ਸਕੱਤਰ ਕਾਮਰੇਡ ਊਸ਼ਾ ਰਾਣੀ ਨੇ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਸਿਰਫ਼ ਆਂਗਣਵਾੜੀ ਮੁਲਾਜ਼ਮਾਂ ਦੀਆਂ ਸੇਵਾ ਸੰਬੰਧੀ ਮੰਗਾਂ ਤੱਕ ਸੀਮਿਤ ਨਹੀਂ, ਸਗੋਂ ਦੇਸ਼ ਦੇ ਬੱਚਿਆਂ ਦੇ ਪੋਸ਼ਣ, ਸਿਹਤ, ਮੁੱਢਲੀ ਸਿੱਖਿਆ ਅਤੇ ਆਈਸੀਡੀਐਸ ਨੂੰ ਮਜ਼ਬੂਤ ਤੇ ਸਥਾਈ ਬਣਾਉਣ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ 2 ਅਕਤੂਬਰ 1975 ਨੂੰ ਸ਼ੁਰੂ ਹੋਇਆ ਆਈਸੀਡੀਐੱਸ ਆਪਣੀ ਹੋਂਦ ਦੇ 51 ਸਾਲ ਪੂਰੇ ਕਰਕੇ 52ਵੇਂ ਸਾਲ ਵਿੱਚ ਦਾਖ਼ਲ ਹੋ ਰਿਹਾ ਹੈ। ਪਿਛਲੇ ਸਾਢੇ ਪੰਜ ਦਹਾਕਿਆਂ ਤੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਤੱਕ ਪੋਸ਼ਣ ਅਤੇ ਸਿਹਤ ਸੇਵਾਵਾਂ ਪਹੁੰਚਾਉਣ ਦਾ ਕੰਮ ਕੀਤਾ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਆਂਗਣਵਾੜੀ ਮੁਲਾਜ਼ਮਾਂ ਨੂੰ ਅਜੇ ਤੱਕ ਉਨ੍ਹਾਂ ਦੀ ਮਿਹਨਤ ਅਤੇ ਜ਼ਿੰਮੇਵਾਰੀ ਦੇ ਅਨੁਕੂਲ ਹੱਕ ਅਤੇ ਸਨਮਾਨ ਨਹੀਂ ਦਿੱਤਾ ਗਿਆ।
ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਅਤੇ ਮਜ਼ਦੂਰ ਵਿਰੋਧੀ ਨਵੇਂ ਤੋਂ ਨਵੇਂ ਕਾਨੂੰਨ ਘੜੇ ਜਾ ਰਹੇ ਹਨ ਸਰਕਾਰ ਦੀਆਂ ਸਕੀਮਾਂ ਜੋ ਲੋਕ ਹਿੱਤ ਵਿੱਚ ਕੰਮ ਕਰਦੀਆਂ ਸਨ ਉਹਨਾਂ ਨੂੰ ਲਗਾਤਾਰ ਤੋੜਿਆ ਮਰੋੜਿਆ ਜਾ ਰਿਹਾ ਹੈ ਅਤੇ ਚਾਰ ਲੇਬਰ ਕੋਡ ਲਾਗੂ ਕਰਕੇ ਮਜ਼ਦੂਰ ਦੇ ਹੱਕਾਂ ਉੱਤੇ ਡਾਕਾ ਮਾਰਿਆ ਜਾ ਰਿਹਾ ਹੈ ।
ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਗਰੰਟੀ ਅਨੁਸਾਰ ਮਾਣਭੱਤੇ ਵਿੱਚ ਤੁਰੰਤ ਵਾਧਾ ਕਰਕੇ ਸਨਮਾਨਜਨਕ ਮਿਹਨਤਾਨਾ ਦਿੱਤਾ ਜਾਵੇ । ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤਾ ਜਾ ਰਿਹਾ ਮਾਣਭੱਤਾ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੇ ਮੁਕਾਬਲੇ ਬਹੁਤ ਘੱਟ ਹੈ। ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਭੱਤੇ ਵਿੱਚ ਤੁਰੰਤ ਵਾਧਾ ਕਰੇ ਅਤੇ ਉਨ੍ਹਾਂ ਨੂੰ ਸਨਮਾਨਜਨਕ ਮਿਹਨਤਾਨਾ ਦਿੱਤਾ ਜਾਵੇ।
ਇਸ ਮੌਕੇ ਸੂਬਾ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਗੁਰਦੀਪ ਕੌਰ ਮੋਹਾਲੀ, ਬਲਰਾਜ ਕੌਰ ਬਰਨਾਲ਼ਾ, ਰਣਜੀਤ ਕੌਰ ਮਾਨਸਾ, ਜਸਵਿੰਦਰ ਕੌਰ ਨੀਲੋਵਾਲ, ਪ੍ਰਤਿਭਾ ਬਠਿੰਡਾ, ਅਨੂਪ ਕੌਰ ਤਰਨਤਾਰਨ, ਰੁਪਿੰਦਰ ਕੌਰ ਮਾਲੇਰਕੋਟਲਾ, ਕਾਂਤਾ ਫਿਰੋਜਪੁਰ, ਗੁਰਪ੍ਰੀਤ ਕੌਰ ਮੋਹਾਲੀ, ਗੁਰਮੀਤ ਕੌਰ ਚੁੰਨੀ, ਭਿੰਦਰ ਕੌਰ ਲੁਧਿਆਣਾ, ਸੁਰਜੀਤ ਕੌਰ ਲੁਧਿਆਣਾ, ਪ੍ਰਕਾਸ਼ ਕੌਰ ਅੰਨਦਾਣਾ, ਅੰਮ੍ਰਿਤਪਾਲ ਕੌਰ ਮੁਕਤਸਰ ਮੌਜੂਦ ਸਨ।