- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਕੇ ਮੋਰਚੇ 'ਚ ਫੁੱਟਿਆ ਕੰਪਿਊਟਰ ਅਧਿਆਪਕਾਂ ਦਾ ਗੁੱਸਾ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਥਾਨਕ ਡੀਸੀ ਦਫਤਰ ਦੇ ਗੇਟ ਅੱਗੇ ਪਿਛਲੇ 27 ਦਿਨਾਂ ਤੋ ਪੱਕਾ ਮੋਰਚਾ ਲਾਈ ਬੈਠੇ ਕੰਪਿਊਟਰ ਅਧਿਆਪਕਾਂ ਦੇ ਸਬਰ ਦਾ ਬੰਨ੍ਹ ਸ਼ੁੱਕਰਵਾਰ ਨੂੰ ਟੁੱਟ ਗਿਆ। ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਟਾਲ-ਮਟੋਲ ਅਤੇ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੁੱਕਰਨ ਦੀ ਨੀਤੀ ਤੋਂ ਭੜਕੇ ਜ਼ਿਲ੍ਹਾ ਸੰਗਰੂਰ ਦੇ ਕੰਪਿਊਟਰ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਸੂਬਾ ਆਗੂ ਨਰਦੀਪ ਸ਼ਰਮਾ ਦੀਅਗਵਾਈ ਹੇਠ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦਾ ਰਾਵਣ ਰੂਪੀ ਪੁਤਲਾ ਫੂਕ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੂਬਾ ਆਗੂ ਨਰਦੀਪ ਸ਼ਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਸਰਕਾਰ ਬਣਨ ਤੋਂ ਬਾਅਦ ਵੀ ਸਿੱਖਿਆ ਮੰਤਰੀ ਵੱਲੋਂ 2022 ਦੀ ਦੀਵਾਲੀ ਮੌਕੇ ਛੇਵਾਂ ਪੇ-ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸ ਰੂਲਜ਼ ਲਾਗੂ ਕਰਨ ਦਾ ਅਧਿਕਾਰਤ ਐਲਾਨ ਕੀਤਾ ਗਿਆ ਸੀ, ਜੋ ਅੱਜ ਤੱਕ ਵਫ਼ਾ ਨਹੀਂ ਹੋਇਆ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਜਾਣ-ਬੁੱਝ ਕੇ ਕੰਪਿਊਟਰ ਅਧਿਆਪਕਾਂ ਨੂੰ ਖੁਆਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਕੈਬਨਿਟ ਸਬ-ਕਮੇਟੀ ਦੀ ਮੀਟਿੰਗ 8 ਅਕਤੂਬਰ ਲਈ ਤੈਅ ਕੀਤੀ ਗਈ, ਫਿਰ ਇਸਨੂੰ ਬਿਨਾਂ ਕਾਰਨ ਦੱਸੇ ਮੁਲਤਵੀ ਕਰਕੇ 16 ਅਕਤੂਬਰ ਕਰ ਦਿੱਤਾ ਗਿਆ ਅਤੇ ਹੁਣ ਫਿਰ ਤੋਂ ਐਨ ਮੌਕੇ ’ਤੇ ਮੀਟਿੰਗ ਕੈਂਸਲ ਕਰ ਦਿੱਤੀ ਗਈ ਹੈ। ਸਰਕਾਰ ਦਾ ਇਹ ਰਵੱਈਆ ਮੁਲਾਜ਼ਮਾਂ ਦੇ ਭਵਿੱਖ ਨਾਲ ਇੱਕ ਕੋਝਾ ਮਜ਼ਾਕ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕੰਪਿਊਟਰ ਅਧਿਆਪਕ ਹੁਣ ਇਨ੍ਹਾਂ ਝੂਠੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ ਹਨ। ਜੇਕਰ ਸਰਕਾਰ ਨੇ ਆਪਣਾ ਇਹ ਅੜੀਅਲ ਵਤੀਰਾ ਨਾ ਛੱਡਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਅਤੇ ਅਜਿਹੇ ਤਿੱਖੇ ਗੁਪਤ ਐਕਸ਼ਨ ਕੀਤੇ ਜਾਣਗੇ।
ਉਨ੍ਹਾਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਕੰਪਿਊਟਰ ਅਧਿਆਪਕਾਂ 'ਤੇ ਅਨਰਿਵਾਇਜ਼ਡ ਪੂਰਾ ਡੀਏ ਜਾਂ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਜਾਵੇ, ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿੰਦੇ ਹੋਏ ਉਹਨਾਂ ਨੂੰ ਤੁਰੰਤ ਸਰਕਾਰੀ ਨੌਕਰੀ ਦਿੱਤੀ ਜਾਵੇ, ਸੇਵਾ ਮੁਕਤ ਹੋ ਚੁੱਕੇ ਕੰਪਿਊਟਰ ਅਧਿਆਪਕਾਂ ਨੂੰ ਬਣਦੇ ਸਾਰੇ ਸੇਵਾਮੁਕਤੀ ਦੇ ਲਾਭ ਦਿੱਤੇ ਜਾਣ, ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਸੰਘਰਸ਼ ਹੋਰ ਤਿੱਖਾ ਹੁੰਦਾ ਜਾਵੇਗਾ।
ਇਸ ਮੌਕੇ ਮਨਦੀਪ ਗੋਇਲ, ਰਾਜੇਸ਼ ਕੁਮਾਰ, ਜਗਤਾਰ ਸਿੰਘ, ਲਲਿਤ ਕੁਮਾਰ, ਅਵਤਾਰ ਸਿੰਘ, ਵਿਸ਼ਾਲ ਕੁਮਾਰ, ਅੰਜੂ ਜੈਨ, ਮੰਜੂ ਰਾਣੀ, ਸੋਨੀਆ ਬਾਂਸਲ, ਸਾਲਿਨੀ, ਭਾਰਤੀ, ਰੀਤੂ, ਰਾਜਪਾਲ, ਬੀਰਬਲ ਸਿੰਘ, ਸਤਿਆਵਾਨ, ਅਜੇ ਕੁਮਾਰ, ਗੁਰਪ੍ਰੀਤ ਸਿੰਘ, ਤੇਜਿੰਦਰ ਬਾਂਸਲ, ਮਹਿੰਦਰ ਸਿੰਘ, ਬਲਜਿੰਦਰ ਸਿੰਘ, ਕਿਰਨਪਾਲ, ਸੁਮੀਤ ਖੁਰਾਣਾ, ਮਨਦੀਪ ਸਿੰਘ, ਸੁਨਿਲ ਕੁਮਾਰ,ਰਾਕੇਸ਼ ਕੁਮਾਰ, ਜਸਵਿੰਦਰ ਸਿੰਘ, ਪਰਵਿੰਦਰ ਸਿੰਘ, ਗੁਰਦੀਪ ਸਿੰਘ, ਧਰਮਿੰਦਰ ਸਿੰਘ, ਵਿਮਲ ਕੁਮਾਰ ਮੌਜੂਦ ਸਨ।