8 ਤੋਂ 18 ਸਤੰਬਰ ਤੱਕ ਸਰਕਾਰੀ ਕੰਮਾਂ ਦੇ ਬਾਈਕਾਟ ਕਰਨ ਦਾ ਐਲਾਨ 8 ਤੋਂ 18 ਸਤੰਬਰ ਤੱਕ ਸਰਕਾਰੀ ਕੰਮਾਂ ਦੇ ਬਾਈਕਾਟ ਕਰਨ ਦਾ ਐਲਾਨ
Publish Date: Mon, 07 Sep 2026 04:07 PM (IST)
Updated Date: Tue, 08 Sep 2026 04:01 AM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਤੋਂ ਖ਼ਫ਼ਾ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਨੇ 8 ਤੋਂ 18 ਸਤੰਬਰ 2026 ਤੱਕ ਸਰਕਾਰੀ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਬਲਾਕ ਪ੍ਰਧਾਨ ਛਿੰਦਰਪਾਲ ਕੌਰ ਕਾਤਰੋਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਆਸ਼ਾ ਵਰਕਰਾਂ ਨੇ ਐੱਸਐੱਮਓ ਸ਼ੇਰਪੁਰ ਦੇ ਨਾਂ ਹੇਠ ਡਾ. ਯਤਨ ਜੈਨ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰਾਂ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਿਹਤ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਗਰਭਵਤੀ ਔਰਤਾਂ, ਬੱਚਿਆਂ, ਬਜ਼ੁਰਗਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਨਾਲ ਜੋੜਨ ਤੋਂ ਲੈ ਕੇ ਸਰਕਾਰੀ ਸਿਹਤ ਮੁਹਿੰਮਾਂ ਨੂੰ ਸਫ਼ਲ ਬਣਾਉਣ ਤੱਕ ਆਸ਼ਾ ਵਰਕਰਾਂ ਤੇ ਫੈਸਲਿਟੇਟਰ ਲਗਾਤਾਰ ਸੇਵਾਵਾਂ ਨਿਭਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਵੱਲੋਂ ਵੀ ਪਿਛਲੀਆਂ ਸਰਕਾਰਾਂ ਦੀ ਤਰਜ਼ ’ਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਸਮੇਤ ਸਰਕਾਰ ਦੇ ਆਗੂਆਂ ਵੱਲੋਂ ਆਸ਼ਾ ਵਰਕਰਾਂ ਦੀਆਂ ਮੰਗਾਂ ਹੱਲ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਜਿਹੜੀਆਂ ਮੰਗਾਂ ’ਤੇ ਸਹਿਮਤੀ ਬਣੀ ਸੀ, ਉਨ੍ਹਾਂ ਨੂੰ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਥੇਬੰਦੀ ਨੂੰ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਕਾਰਨ ਵਰਕਰਾਂ ਵਿੱਚ ਰੋਸ ਹੋਰ ਵਧ ਰਿਹਾ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਮੀਟਿੰਗ ਕਰਕੇ ਮੰਗਾਂ ਦਾ ਠੋਸ ਹੱਲ ਨਾ ਕੀਤਾ ਗਿਆ ਤਾਂ 8 ਸਤੰਬਰ ਤੋਂ 18 ਸਤੰਬਰ ਤੱਕ ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਸਰਕਾਰੀ ਕੰਮਾਂ ਦਾ ਬਾਈਕਾਟ ਕਰਕੇ ਹੜਤਾਲ ਕਰਨਗੀਆਂ। ਇਸ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸ ਮੌਕੇ ਸੁਪਰਵਾਈਜ਼ਰ ਬਲਵਿੰਦਰ ਕੌਰ ਕਾਲਾਬੂਲਾ, ਜਸਵਿੰਦਰ ਕੌਰ, ਇੰਦਰਜੀਤ ਕੌਰ, ਹਰਜੀਤ ਕੌਰ, ਭੋਲੀ ਕੌਰ ਹਾਜ਼ਰ ਸਨ।