- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਦੀ ਸਰਕਾਰ ਤੇ ਮੁੱਖ ਚੋਣ ਕਮਿਸ਼ਨਰ ਦੇ ਪੁਤਲੇ ਫੂਕਣ ਦਾ ਐਲਾਨ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸੀਪੀਆਈ (ਐੱਮਐੱਲ) ਲਿਬਰੇਸ਼ਨ ਵੱਲੋਂ 9 ਅਕਤੂਬਰ ਨੂੰ ਬਰਨਾਲਾ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਪਿੰਡ ਮੱਲੀਆਂ ਵਿਖੇ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਐੱਸਆਈਆਰ ਤਹਿਤ ਕਥਿਤ ਤੌਰ ’ਤੇ ਕਰੋੜਾਂ ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕੀਤਾ ਗਿਆ ਹੈ, ਜੋ ਲੋਕਤੰਤਰ ਦਾ ਦਿਨ-ਦਿਹਾੜੇ ਘਾਣ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਿੱਚ ਮਨੂ-ਸਮ੍ਰਿਤੀ ਲਾਗੂ ਕਰਕੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਲਤ ਐੱਸਆਈਆਰ ਰੱਦ ਕਰਨ ਅਤੇ ਈਵੀਐੱਮ ਸਬੰਧੀ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ 9 ਅਕਤੂਬਰ ਨੂੰ ਬਰਨਾਲਾ ਵਿੱਚ ਸੈਂਕੜੇ ਲੋਕਾਂ ਦੀ ਸ਼ਮੂਲੀਅਤ ਨਾਲ ਡੀਸੀ ਦਫ਼ਤਰ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਰੈਲੀ ਤੋਂ ਬਾਅਦ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਦੱਸਿਆ ਕਿ ਪਿੰਡ ਮੱਲੀਆਂ ਤੋਂ ਮਜ਼ਦੂਰ ਮਰਦ ਅਤੇ ਔਰਤਾਂ ਵੱਡੀ ਗਿਣਤੀ ਵਿੱਚ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਸਮਾਜ ਸੇਵੀ ਭਾਨ ਸਿੰਘ ਜੱਸੀ ਭੇਦਨੀ ਨੇ ਕਿਹਾ ਕਿ ਅੱਜ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਵਰਗ ਦੇ ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਗਰੀਬ ਤੇ ਮਜ਼ਦੂਰ ਵਰਗ ਦੇ ਲੋਕਾਂ ਨੂੰ ਡਾ. ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਨੂੰ ਸਮਝਣ ਅਤੇ ‘ਪੜ੍ਹੋ, ਜੁੜੋ ਤੇ ਸੰਘਰਸ਼ ਕਰੋ’ ਦੇ ਸੱਦੇ ਨੂੰ ਅਮਲੀ ਰੂਪ ਦੇਣ ਦੀ ਅਪੀਲ ਕੀਤੀ। ਇਸ ਮੌਕੇ ਬਿੰਦਰ ਸਿੰਘ, ਜਸਵਿੰਦਰ ਕੌਰ, ਸ਼ਿੰਦਰ ਕੌਰ, ਕਰਮਜੀਤ ਕੌਰ, ਪਲੀ ਸਿੰਘ, ਦਰਸ਼ਨ ਸਿੰਘ ਮੱਲੀਆਂ ਸਮੇਤ ਵੱਡੀ ਗਿਣਤੀ ਵਿੱਚ ਮਰਦ ਅਤੇ ਔਰਤਾਂ ਹਾਜ਼ਰ ਸਨ।