1 ਜੁਲਾਈ ਤੋਂ ਪੰਜਾਬ ਭਰ ਦੇ ਸਕੂਲਾਂ ’ਚ ਮਿਡ-ਡੇ ਮੀਲ ਬੰਦ ਕਰਨ ਦਾ ਐਲਾਨ
1 ਜੁਲਾਈ ਤੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਡ ਡੇ ਮੀਲ ਬੰਦ ਕਰਨ ਦਾ ਐਲਾਨ
Publish Date: Thu, 18 Jun 2026 06:18 PM (IST)
Updated Date: Fri, 19 Jun 2026 04:10 AM (IST)

ਮਿਡ-ਡੇ ਮੀਲ ਵਰਕਰਾਂ ਨੇ ਸਿੱਖਿਆ ਅਫ਼ਸਰ ਰਾਹੀਂ ਸਰਕਾਰ ਨੂੰ ਭੇਜਿਆ ਮੰਗ ਪੱਤਰ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਮਿਡ-ਡੇ ਮੀਲ ਵਰਕਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਪ੍ਰਧਾਨ ਕਰਮਜੀਤ ਕੌਰ ਰਾਏਸਰ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਵਰਕਰਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਮਿਡ ਡੇ ਮੀਲ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ।ਵਰਕਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਸਕੂਲਾਂ ਵਿੱਚ ਕੰਮ ਕਰ ਰਹੀਆਂ ਮਿਡ ਡੇ ਮੀਲ ਵਰਕਰਾਂ ਨਾਲ ਅਕਸਰ ਦੁਰਵਿਹਾਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਤੋਂ ਨਿਰਧਾਰਿਤ ਕੰਮ ਤੋਂ ਇਲਾਵਾ ਵਾਧੂ ਡਿਊਟੀਆਂ ਵੀ ਲਈਆਂ ਜਾਂਦੀਆਂ ਹਨ। ਕਈ ਸਕੂਲਾਂ ਵਿੱਚ ਵਰਕਰਾਂ ਦੇ ਆਉਣ-ਜਾਣ ਸਮੇਂ ਉਨ੍ਹਾਂ ਦੇ ਬੈਗਾਂ ਦੀ ਤਲਾਸ਼ੀ ਲਈ ਜਾਂਦੀ ਹੈ, ਜੋ ਉਨ੍ਹਾਂ ਦੀ ਇੱਜ਼ਤ ਅਤੇ ਸਵੈ-ਮਾਣ ਦੇ ਖ਼ਿਲਾਫ਼ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਤੁਰੰਤ ਬੰਦ ਕੀਤੀਆਂ ਜਾਣ ਅਤੇ ਵਰਕਰਾਂ ਨਾਲ ਸਨਮਾਨਜਨਕ ਵਿਵਹਾਰ ਯਕੀਨੀ ਬਣਾਇਆ ਜਾਵੇ।ਆਗੂਆਂ ਨੇ ਕਿਹਾ ਕਿ ਬਹੁਤ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਕਾਫ਼ੀ ਵੱਧ ਹੈ ਪਰ ਉੱਥੇ ਸਿਰਫ਼ ਇੱਕ ਹੀ ਵਰਕਰ ਨਾਲ ਕੰਮ ਚਲਾਇਆ ਜਾ ਰਿਹਾ ਹੈ, ਜਿਸ ਕਾਰਨ ਕੰਮ ਦਾ ਬੇਹੱਦ ਬੋਝ ਪੈਂਦਾ ਹੈ। ਇਸ ਲਈ ਵਿਦਿਆਰਥੀਆਂ ਦੀ ਗਿਣਤੀ ਦੇ ਅਨੁਸਾਰ ਵਾਧੂ ਵਰਕਰਾਂ ਦੀ ਭਰਤੀ ਕੀਤੀ ਜਾਵੇ।ਵਰਕਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿਡ ਡੇ ਮੀਲ ਵਰਕਰਾਂ ਨੂੰ ਗਰਮੀ ਅਤੇ ਸਰਦੀ ਦੇ ਮੌਸਮ ਲਈ ਵਰਦੀਆਂ ਮੁਹੱਈਆ ਕਰਵਾਈਆਂ ਜਾਣ, ਮੁਫ਼ਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿੱਚ ਲਿਆਂਦਾ ਜਾਵੇ, ਜੀ.ਪੀ.ਐਫ. ਕਟੌਤੀ ਸ਼ੁਰੂ ਕਰਕੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਬਣਦਾ ਮਾਣ-ਭੱਤਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਵਰਕਰ ਸਾਲਾਂ ਤੋਂ ਬਹੁਤ ਘੱਟ ਮਾਨਦੇਹ ਤੇ ਕੰਮ ਕਰ ਰਹੀਆਂ ਹਨ, ਜਦਕਿ ਮਹਿੰਗਾਈ ਲਗਾਤਾਰ ਵੱਧ ਰਹੀ ਹੈ।ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ 30 ਜੂਨ ਤੱਕ ਮੰਗਾਂ ਦੇ ਹੱਲ ਲਈ ਕੋਈ ਠੋਸ ਅਤੇ ਸਕਾਰਾਤਮਕ ਕਦਮ ਨਾ ਚੁੱਕਿਆ ਗਿਆ ਤਾਂ 1 ਜੁਲਾਈ ਤੋਂ ਪੰਜਾਬ ਭਰ ਦੇ ਮਿਡ ਡੇ ਮੀਲ ਵਰਕਰ ਸਕੂਲਾਂ ਵਿੱਚ ਖਾਣਾ ਬਣਾਉਣ ਦਾ ਕੰਮ ਬੰਦ ਕਰਕੇ ਹੜਤਾਲ ਤੇ ਚਲੇ ਜਾਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰਕੇ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।ਇਸ ਮੌਕੇ ਕਰਮਜੀਤ ਕੌਰ ਰਾਏਸਰ, ਗੁਰਮੀਤ ਕੌਰ ਅੰਡਿਆਣਾ, ਅਜਮੇਰ ਕੌਰ ਖਿਆਲੀ, ਜਸਵੀਰ ਕੌਰ ਮਹਿਲ ਖੁਰਦ, ਕਰਮਜੀਤ ਕੌਰ ਕਲਾਲਾ, ਰਾਜਵਿੰਦਰ ਕੌਰ ਕਲਾਲਾ, ਵੀਰਪਾਲ ਕੌਰ, ਸਰਬਜੀਤ ਕੌਰ, ਹਰਜਿੰਦਰ ਕੌਰ ਤੋਂ ਇਲਾਵਾ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਚੀਮਾ, ਰਸਪਾਲ ਸਿੰਘ ਔਲਖ, ਅਜਿੰਦਰਪਾਲ ਸਿੰਘ ਅਤੇ ਬਲਜੀਤ ਸਿੰਘ ਮਹਿਤਾ ਵੀ ਹਾਜ਼ਰ ਸਨ।