- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸ਼ਾ ਵਰਕਰਾਂ ਵੱਲੋਂ ਵਿੱਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ/ਸ਼ੇਰਪੁਰ : ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਬਲਾਕ ਸ਼ੇਰਪੁਰ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਸ਼ੇਰਪੁਰ ਅੱਗੇ ਚੱਲ ਰਿਹਾ ਲੜੀਵਾਰ ਧਰਨਾ ਵੀਰਵਾਰ ਨੂੰ ਦਸਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਮੌਕੇ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ 19 ਸਤੰਬਰ ਨੂੰ ਸੂਬੇ ਭਰ ਦੀਆਂ ਆਸ਼ਾ ਵਰਕਰਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਯੂਨੀਅਨ ਦੀ ਬਲਾਕ ਆਗੂ ਛਿੰਦਰ ਪਾਲ ਕੌਰ ਕਾਤਰੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੰਮੇ ਸਮੇਂ ਤੋਂ ਆਸ਼ਾ ਵਰਕਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਵਰਕਰਾਂ ਵਿੱਚ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਰੋਸ ਵਜੋਂ ਯੂਨੀਅਨ ਦੇ ਸੱਦੇ ’ਤੇ ਆਸ਼ਾ ਵਰਕਰਾਂ ਨੂੰ 8 ਤੋਂ 18 ਸਤੰਬਰ ਤੱਕ ਸਰਕਾਰੀ ਕੰਮਕਾਜ ਦਾ ਬਾਈਕਾਟ ਕਰਕੇ ਧਰਨੇ ਦੇਣ ਲਈ ਮਜਬੂਰ ਹੋਣਾ ਪਿਆ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਆਸ਼ਾ ਵਰਕਰਾਂ ਨੇ ਆਪਣੀਆਂ ਜਾਨਾਂ ਜ਼ੋਖ਼ਮ ਵਿੱਚ ਪਾ ਕੇ ਲੋਕਾਂ ਦੀ ਸਿਹਤ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਈ। ਮਹਿੰਗਾਈ ਦੇ ਮੌਜੂਦਾ ਦੌਰ ਵਿੱਚ 2500 ਰੁਪਏ ਦੇ ਮਾਣ-ਭੱਤੇ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇੰਨੀ ਘੱਟ ਰਕਮ ਦੇ ਕੇ ਵਰਕਰਾਂ ਨਾਲ ਨਿਆਂ ਨਹੀਂ ਕੀਤਾ ਜਾ ਰਿਹਾ। ਬਲਾਕ ਆਗੂ ਨੇ ਕਿਹਾ ਕਿ ਆਸ਼ਾ ਵਰਕਰਾਂ ਤੋਂ ਸਰਕਾਰੀ ਕੰਮਕਾਜ ਦੇ ਨਾਲ-ਨਾਲ ਆਨਲਾਈਨ ਕੰਮ ਵੀ ਕਰਵਾਏ ਜਾਂਦੇ ਹਨ, ਪਰ ਇਨ੍ਹਾਂ ਕੰਮਾਂ ਲਈ ਲੋੜੀਂਦੀਆਂ ਸਹੂਲਤਾਂ ਅਤੇ ਮਾਣ-ਭੱਤਾ ਨਹੀਂ ਦਿੱਤਾ ਜਾਂਦਾ।
ਯੂਨੀਅਨ ਨੇ ਮੰਗ ਕੀਤੀ ਕਿ ਆਸ਼ਾ ਵਰਕਰਾਂ ਦਾ ਮਾਣ-ਭੱਤਾ 2500 ਰੁਪਏ ਤੋਂ ਵਧਾ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ। ਇਸ ਤੋਂ ਇਲਾਵਾ ਮਾਣ-ਭੱਤੇ ਵਿੱਚ ਵਾਧਾ, ਵਰਕਰਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ, ਸੇਵਾ ਮੁਕਤੀ ਸਮੇਂ ਇਕ ਲੱਖ ਰੁਪਏ ਦਾ ਭੱਤਾ ਅਤੇ ਪੰਜ ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਲਾਗੂ ਕਰਨ ਦੀ ਮੰਗ ਕੀਤੀ ਗਈ। ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਹਾਜ਼ਰੀ ਰਜਿਸਟਰ ਵਿੱਚ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ।
ਇਸ ਮੌਕੇ ਕਮਲਜੀਤ ਕੌਰ ਖੇੜੀ, ਸੁਖਦੀਪ ਕੌਰ ਖੇੜੀ, ਜਗਜੀਤ ਕੌਰ ਬੜੀ, ਭੋਲੀ ਕੌਰ, ਰਣਜੀਤ ਕੁਮਾਰੀ ਦੀਦਾਰਗੜ੍ਹ, ਗੁਰਜੀਤ ਕੌਰ ਅਲਾਲ ਅਤੇ ਰਸ਼ਪਾਲ ਕੌਰ ਜਹਾਂਗੀਰ ਹਾਜ਼ਰ ਸਨ।