ਆਸ਼ਾ ਵਰਕਰਾਂ ਨੇ ਸਰਕਾਰ ਨੂੰ ਦਿੱਤਾ ਸੰਘਰਸ਼ ਦਾ ਅਲਟੀਮੇਟਮ
ਆਸ਼ਾ ਵਰਕਰਾਂ ਨੇ ਸਰਕਾਰ ਨੂੰ ਦਿੱਤਾ ਸੰਘਰਸ਼ ਦਾ ਅਲਟੀਮੇਟਮ
Publish Date: Thu, 11 Jun 2026 04:39 PM (IST)
Updated Date: Fri, 12 Jun 2026 04:06 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਆਸ਼ਾ ਵਰਕਰਾਂ ਤੇ ਆਸ਼ਾ ਫੈਸਲੀਟੇਟਰਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਮੰਗਾਂ ਤੇ ਕੱਟੇ ਗਏ ਇਨਸੈਂਟਿਵਾਂ ਦੀ ਤੁਰੰਤ ਬਹਾਲੀ ਲਈ ਆਸ਼ਾ ਵਰਕਰ ਯੂਨੀਅਨ ਵੱਲੋਂ ਡੀਸੀ ਬਰਨਾਲਾ ਨੂੰ ਸੰਘਰਸ਼ ਦਾ ਅਲਟੀਮੇਟਮ ਪੱਤਰ ਸੌਂਪਿਆ ਗਿਆ। ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ’ਚ ਸੂਬਾ ਪੱਧਰੀ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਜਾਣਕਾਰੀ ਦਿੰਦਿਆਂ ਆਸ਼ਾ ਵਰਕਰ ਯੂਨੀਅਨ ਬਰਨਾਲਾ ਦੀ ਪ੍ਰਧਾਨ ਪਵਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਨਾਲ ਲੰਬੇ ਸਮੇਂ ਤੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਭਰ ਦੇ 24 ਹਜ਼ਾਰ ਪਰਿਵਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਤੇ ਫੈਸਲੀਟੇਟਰ ਸਿਹਤ ਵਿਭਾਗ ਦੀ ਰੀੜ ਦੀ ਹੱਡੀ ਵਜੋਂ ਕੰਮ ਕਰਦੀਆਂ ਹਨ ਤੇ ਸਰਕਾਰ ਦੀਆਂ ਸਿਹਤ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਕੋਰੋਨਾ ਮਹਾਮਾਰੀ, ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਅਤੇ ਹੋਰ ਐਮਰਜੈਂਸੀ ਹਾਲਾਤਾਂ ਦੌਰਾਨ ਵੀ ਉਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਫਰੰਟਲਾਈਨ ‘ਤੇ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਹੈ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਗਿਆ। ਯੂਨੀਅਨ ਨੇ ਅੱਗੇ ਦੱਸਿਆ ਕਿ 20 ਜੂਨ ਨੂੰ ਪਟਿਆਲਾ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦੇ ਸ਼ਹਿਰ ’ਚ ਪੰਜਾਬ ਪੱਧਰੀ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜੇਕਰ ਇਸ ਤੋਂ ਬਾਅਦ ਵੀ ਮੰਗਾਂ ਦਾ ਹੱਲ ਨਾ ਹੋਇਆ ਤਾਂ 27 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ’ਚ ਸੂਬਾ ਪੱਧਰੀ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਜੁਲਾਈ ਦੇ ਪਹਿਲੇ ਹਫ਼ਤੇ ’ਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਸ਼ਾ ਵਰਕਰ ਆਗੂਆਂ ਨੇ ਕਿਹਾ ਕਿ ਭਿਆਨਕ ਗਰਮੀ ਅਤੇ ਲੂ ਦੇ ਮੌਸਮ ’ਚ ਚੱਲਣ ਵਾਲੇ ਇਸ ਅੰਦੋਲਨ ਦੌਰਾਨ ਜੇਕਰ ਕਿਸੇ ਵੀ ਵਰਕਰ ਦਾ ਜਾਨੀ ਜਾਂ ਸਰੀਰਕ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਮੰਗਾਂ ਦਾ ਤੁਰੰਤ ਹੱਲ ਕੱਢਣ ਦੀ ਅਪੀਲ ਕਰਦਿਆਂ ਕਿਹਾ ਕਿ ਟਕਰਾਅ ਦੀ ਸਥਿਤੀ ਤੋਂ ਬਚਣ ਲਈ ਆਸ਼ਾ ਵਰਕਰਾਂ ਅਤੇ ਫੈਸਲੀਟੇਟਰਾਂ ਨਾਲ ਜਲਦ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮਨਜ਼ੂਰ ਕੀਤਾ ਜਾਵੇ। ਇਸ ਮੌਕੇ ਪਵਨਪ੍ਰੀਤ ਕੌਰ ਨਾਲ ਆਸ਼ਾ ਵਰਕਰ ਗੁਰਜੀਤ ਕੌਰ ਅਤੇ ਕਮਲਜੀਤ ਕੌਰ ਵੀ ਹਾਜਰ ਸਨ।