- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸ਼ਾ ਵਰਕਰਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ/ਸ਼ੇਰਪੁਰ : ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤਾ ਸੰਘਰਸ਼ ਸ਼ੁੱਕਰਵਾਰ ਨੂੰ 11ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਵਰਕਰਾਂ ਨੇ ਸ਼ੇਰਪੁਰ ਦੇ ਸਰਕਾਰੀ ਹਸਪਤਾਲ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ।
ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਬਲਾਕ ਸ਼ੇਰਪੁਰ ਦੀ ਪ੍ਰਧਾਨ ਛਿੰਦਰ ਪਾਲ ਕੌਰ ਕਾਤਰੋਂ ਨੇ ਕਿਹਾ ਕਿ ਵਰਕਰ ਲੰਮੇ ਸਮੇਂ ਤੋਂ ਆਪਣੇ ਕੱਟੇ ਹੋਏ ਇਨਸੈਂਟਿਵ ਬਹਾਲ ਕਰਵਾਉਣ ਅਤੇ ਮਾਣ-ਭੱਤੇ ਵਿੱਚ ਵਾਧੇ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਮੰਨਣ ਦੀ ਬਜਾਏ ਵਰਕਰਾਂ ਉੱਪਰ ਲਗਾਤਾਰ ਕੰਮ ਦਾ ਬੋਝ ਵਧਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ 8 ਤੋਂ 18 ਸਤੰਬਰ ਤੱਕ ਚੱਲ ਰਹੀ ਹੜਤਾਲ ਕਾਰਨ ਪਿੰਡਾਂ ਵਿੱਚ ਆਸ਼ਾ ਵਰਕਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਨਾਲ ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਵਰਕਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇ ਕੇ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।
ਆਗੂਆਂ ਨੇ ਐਲਾਨ ਕੀਤਾ ਕਿ ਸੂਬਾ ਜਥੇਬੰਦੀ ਦੇ ਸੱਦੇ ’ਤੇ 19 ਸਤੰਬਰ ਨੂੰ ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਬਲਾਕ ਦੀਆਂ ਸਮੂਹ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਘੱਟੋ-ਘੱਟ ਉਜ਼ਰਤ ਦੇ ਘੇਰੇ ਵਿੱਚ ਲਿਆਂਦਾ ਜਾਵੇ, ਕੱਟੇ ਗਏ ਇਨਸੈਂਟਿਵ ਬਹਾਲ ਕਰਕੇ ਉਨ੍ਹਾਂ ਵਿੱਚ ਵਾਧਾ ਕੀਤਾ ਜਾਵੇ, ਹਾਜ਼ਰੀ ਰਜਿਸਟਰ ਲਗਾ ਕੇ ਹਾਜ਼ਰੀ ਯਕੀਨੀ ਬਣਾਈ ਜਾਵੇ, ਸੱਤ ਆਸ਼ਾ ਵਰਕਰਾਂ ਪਿੱਛੇ ਇੱਕ ਆਸ਼ਾ ਫੈਸਿਲੀਟੇਟਰ ਦੀ ਨਿਯੁਕਤੀ ਕੀਤੀ ਜਾਵੇ, ਆਸ਼ਾ ਵਰਕਰਾਂ, ਫੈਸਿਲੀਟੇਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਜਾਣ, ਸੇਵਾ-ਮੁਕਤ ਹੋਣ ਵਾਲੀਆਂ ਵਰਕਰਾਂ ਨੂੰ ਘੱਟੋ-ਘੱਟ ਪੰਜ ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇ, ਸੇਵਾ-ਮੁਕਤੀ ਤੋਂ ਬਾਅਦ ਘੱਟੋ-ਘੱਟ 5 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇ, ਹਰ ਮਹੀਨੇ 7 ਤਰੀਕ ਤੱਕ ਮਾਣ-ਭੱਤਾ/ਭੁਗਤਾਨ ਜਾਰੀ ਕਰਨਾ ਯਕੀਨੀ ਬਣਾਇਆ ਜਾਵੇ।