- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸ਼ਾ ਵਰਕਰਾਂ ਵੱਲੋਂ ਹਸਪਤਾਲ ਸ਼ੇਰਪੁਰ ਅੱਗੇ ਧਰਨਾ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਸ਼ੇਰਪੁਰ : ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਬਲਾਕ ਸ਼ੇਰਪੁਰ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੇ ਸੋਮਵਾਰ ਨੂੰ ਸੱਤਵੇਂ ਦਿਨ ਵੀ ਕਮਿਊਨਿਟੀ ਹੈਲਥ ਸੈਂਟਰ ਸ਼ੇਰਪੁਰ ਅੱਗੇ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਯੂਨੀਅਨ ਵੱਲੋਂ 8 ਤੋਂ 18 ਸਤੰਬਰ ਤੱਕ ਸਰਕਾਰੀ ਕੰਮਕਾਜ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ।
ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਛਿੰਦਰਪਾਲ ਕੌਰ ਕਾਤਰੋਂ ਅਤੇ ਚੇਅਰਪਰਸਨ ਜਸਵਿੰਦਰ ਕੌਰ ਕਿਲਾ ਹਕੀਮਾਂ ਨੇ ਕਿਹਾ ਕਿ ਆਸ਼ਾ ਵਰਕਰਾਂ ਲੰਮੇ ਸਮੇਂ ਤੋਂ ਸਿਹਤ ਵਿਭਾਗ ਦੀਆਂ ਜ਼ਿੰਮੇਵਾਰੀਆਂ ਨਿਭਾਅ ਰਹੀਆਂ ਹਨ, ਪਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਦੌਰ ਵਿੱਚ ਮੌਜੂਦਾ ਮਾਣ-ਭੱਤੇ ਨਾਲ ਗੁਜ਼ਾਰਾ ਕਰਨਾ ਮੁਸ਼ਕਿਲ ਹੈ।
ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਸ਼ਾ ਵਰਕਰਾਂ ਦਾ ਮਾਣ-ਭੱਤਾ ਵਧਾਉਣ ਅਤੇ ਇਨਸੈਂਟਿਵ ਵਿੱਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਤੱਕ ਇਸ ’ਤੇ ਅਮਲ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀ ਹਾਜ਼ਰੀ ਰਜਿਸਟਰ ਵਿੱਚ ਯਕੀਨੀ ਬਣਾਈ ਜਾਵੇ, ਮਾਣ-ਭੱਤਾ 2500 ਤੋਂ ਵਧਾ ਕੇ ਘੱਟੋ-ਘੱਟ 18 ਹਜ਼ਾਰ ਰੁਪਏ ਕੀਤਾ ਜਾਵੇ ਅਤੇ ਸੇਵਾਮੁਕਤ ਵਰਕਰਾਂ ਨੂੰ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਤੇ ਪੰਜ ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਸੰਘਰਸ਼ ਨੂੰ ਜ਼ਿਲ੍ਹਾ ਅਤੇ ਪੰਜਾਬ ਪੱਧਰ ’ਤੇ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਵਿੰਦਰ ਕੌਰ ਸੁਪਰਵਾਈਜ਼ਰ, ਹਰਪ੍ਰੀਤ ਕੌਰ ਬਾਲੀਆਂ, ਰੁਪਿੰਦਰ ਕੌਰ ਹੇੜੀਕੇ, ਗੁਰਜੀਤ ਕੌਰ ਅਲਾਲ, ਕੁਲਦੀਪ ਕੌਰ ਕਿਲਾ ਹਕੀਮਾਂ, ਕਮਲਜੀਤ ਕੌਰ ਖੇੜੀ ਅਤੇ ਅਮਰਜੀਤ ਕੌਰ ਸ਼ੇਰਪੁਰ ਹਾਜ਼ਰ ਸਨ।