- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਨੇ ਐਸਐਮਓ ਨੂੰ ਸੌਂਪਿਆ ਮੰਗ ਪੱਤਰ

ਮਰੀਜ਼ਾਂ ਦੀਆਂ ਮੁਸ਼ਕਲਾਂ ਵਧਣ ਦੇ ਆਸਾਰ
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ,
ਸੰਗਰੂਰ : ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਆਸ਼ਾ ਵਰਕਰਾਂ ਨੇ ਸੋਮਵਾਰ ਤੋਂ ਦਸ ਰੋਜ਼ਾ ਕੰਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਆਸ਼ਾ ਵਰਕਰ ਐਂਡ ਫੈਸਿਲੀਟੇਟਰ ਨੈਸ਼ਨਲ ਯੂਨੀਅਨ ਪੰਜਾਬ ਵੱਲੋਂ ਪਿਛਲੇ ਦਿਨੀਂ ਹੜਤਾਲ ਸਬੰਧੀ ਸਰਕਾਰੀ ਹਸਪਤਾਲ ਸੰਗਰੂਰ ਦੇ ਐੱਸਐੱਮਓ ਨੂੰ ਅਲਟੀਮੇਟਮ ਦਿੱਤਾ ਗਿਆ ਸੀ। ਇਸ ਤਹਿਤ 15 ਸਤੰਬਰ ਤੱਕ ਕੰਮ ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਸੰਗਰੂਰ ਦੀ ਪ੍ਰਧਾਨ ਲਾਭ ਕੌਰ, ਮਨਦੀਪ ਕੌਰ ਧੰਦੀਵਾਲ ਅਤੇ ਚਰਨਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀਆਂ ਜਾਂਦੀਆਂ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ। ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਕਾਰਨ ਆਸ਼ਾ ਵਰਕਰਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ।
ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਕਰੀਬ 23 ਹਜ਼ਾਰ ਆਸ਼ਾ ਵਰਕਰ ਕੰਮ ਕਰ ਰਹੀਆਂ ਹਨ ਅਤੇ ਉਨ੍ਹਾਂ ਦੇ ਪਰਿਵਾਰ ਉਨ੍ਹਾਂ ਦੀ ਆਮਦਨ ’ਤੇ ਨਿਰਭਰ ਹਨ। ਪਰ ਭਿਆਨਕ ਮਹਿੰਗਾਈ ਦੇ ਦੌਰ ਵਿੱਚ ਉਨ੍ਹਾਂ ਨੂੰ ਸਿਰਫ਼ 2500 ਰੁਪਏ ਵਿੱਚ ਗੁਜ਼ਾਰਾ ਕਰਨਾ ਪੈ ਰਿਹਾ ਹੈ।
ਆਸ਼ਾ ਵਰਕਰ ਯੂਨੀਅਨ ਦੀ ਹੜਤਾਲ ਕਾਰਨ ਸਰਕਾਰੀ ਹਸਪਤਾਲ ਸੰਗਰੂਰ ਵਿੱਚ ਜੱਚਾ-ਬੱਚਾ ਦੀ ਦੇਖਭਾਲ ਅਤੇ ਟੀਕਾਕਰਨ, ਹਾਈ ਰਿਸਕ ਗਰਭਵਤੀ ਔਰਤਾਂ ਦੇ ਚੈੱਕਅੱਪ, ਡਿਲਿਵਰੀ ਅਤੇ ਟੀਬੀ ਮਰੀਜ਼ਾਂ ਦੀ ਜਾਂਚ ਸਮੇਤ ਕਈ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਘੱਟੋ-ਘੱਟ ਉਜ਼ਰਤ ਦੇ ਅਨੁਸਾਰ 24 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਅਤੇ ਰੈਂਕ-4 ਦਾ ਗਰੇਡ ਦਿੱਤਾ ਜਾਵੇ। ਇਸ ਤੋਂ ਇਲਾਵਾ ਈਪੀਐੱਫ ਦੀ ਸਹੂਲਤ ਲਾਗੂ ਕੀਤੀ ਜਾਵੇ ਅਤੇ ਆਸ਼ਾ ਵਰਕਰਾਂ ਦੀ ਤਨਖ਼ਾਹ ਦੁੱਗਣੀ ਕਰਕੇ ਹਰਿਆਣਾ ਪੈਟਰਨ ਲਾਗੂ ਕੀਤਾ ਜਾਵੇ।
ਉਨ੍ਹਾਂ ਰਿਟਾਇਰਮੈਂਟ ਤੋਂ ਬਾਅਦ ਆਸ਼ਾ ਵਰਕਰਾਂ ਨੂੰ ਆਂਗਣਵਾੜੀ ਵਰਕਰਾਂ ਦੀ ਤਰਜ਼ ’ਤੇ ਘੱਟੋ-ਘੱਟ ਪੰਜ ਲੱਖ ਰੁਪਏ ਦਾ ਰਾਹਤ ਫੰਡ ਦੇਣ, ਰਿਟਾਇਰਡ ਵਰਕਰਾਂ ਲਈ ਪੈਨਸ਼ਨ ਸਕੀਮ ਲਾਗੂ ਕਰਨ, ਪਿੰਡਾਂ ਵਿੱਚ ਸੀਐੱਚਸੀ ਅਤੇ ਪੀਐੱਚਸੀ ਵਿੱਚ ਬੈਠਣ ਲਈ ਕਮਰੇ ਮੁਹੱਈਆ ਕਰਵਾਉਣ ਅਤੇ ਸਮਾਰਟ ਫੋਨ ਤੇ ਟੈਬਲੇਟ ਦੇਣ ਦੀ ਵੀ ਮੰਗ ਕੀਤੀ।
ਇਸ ਦੇ ਨਾਲ ਹੀ 27 ਅਪ੍ਰੈਲ ਨੂੰ ਆਸ਼ਾ ਦਿਵਸ ਐਲਾਨਣ ਅਤੇ ਇਸ ਦਿਨ ਬਿਹਤਰੀਨ ਕਾਰਗੁਜ਼ਾਰੀ ਵਾਲੀਆਂ ਆਸ਼ਾ ਵਰਕਰਾਂ ਨੂੰ ਸਨਮਾਨਿਤ ਕਰਨ ਦੀ ਮੰਗ ਵੀ ਕੀਤੀ ਗਈ।
ਇਸ ਮੌਕੇ ਪ੍ਰਧਾਨ ਲਾਭ ਕੌਰ, ਜਸਵੀਰ ਕੌਰ, ਗੁਰਪ੍ਰੀਤ ਕੌਰ, ਜੋਤੀ ਰਾਣੀ, ਰਮਨਦੀਪ ਕੌਰ, ਰਾਜ ਰਾਣੀ ਅਤੇ ਜਨਰਲ ਸਕੱਤਰ ਸਿੰਦਰਪਾਲ ਕੌਰ ਮੌਜੂਦ ਸਨ।