ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡੀਸੀ
ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ: ਡਿਪਟੀ ਕਮਿਸ਼ਨਰ
Publish Date: Thu, 29 Jan 2026 05:42 PM (IST)
Updated Date: Fri, 30 Jan 2026 04:07 AM (IST)

--ਪਾਰਦਰਸ਼ਤਾ, ਸੁਵਿਧਾ ਤੇ ਭਰੋਸਾ ਯਕੀਨੀ ਬਣਾਉਣ ਲਈ ਅਸ਼ੀਰਵਾਦ ਆਨਲਾਈਨ ਪੋਰਟਲ ਸੇਵਾ ਕੇਂਦਰਾਂ ਨਾਲ ਜੋੜਿਆ --ਅਸ਼ੀਰਵਾਦ ਸਕੀਮ ਤਹਿਤ ਧੀਆਂ ਦੇ ਵਿਆਹ ਲਈ 51,000/- ਰੁਪਏ ਦੀ ਵਿੱਤੀ ਸਹਾਇਤਾ ਕਰਵਾਈ ਜਾ ਰਹੀ ਮੁਹਈਆ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ। ਡੀਸੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਤੋਂ ਅਸ਼ੀਰਵਾਦ ਸਕੀਮ ਹੇਠ ਲਾਭ ਲੈਣ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਸੇਵਾ ਕੇਂਦਰਾਂ ਰਾਹੀਂ ਅਰਜ਼ੀਆਂ ਲੈਣ ਨਾਲ ਭ੍ਰਿਸ਼ਟਾਚਾਰ, ਦਲਾਲੀ ਤੇ ਗਲਤ ਵਰਤੋਂ ’ਤੇ ਨੱਥ ਪਾਉਣੀ ਅਤੇ ਲੋਕਾਂ ਦਾ ਸਰਕਾਰੀ ਪ੍ਰਣਾਲੀ ’ਤੇ ਭਰੋਸਾ ਹੋਰ ਮਜ਼ਬੂਤ ਕਰਨਾ ਹੈ। ਜ਼ਿਲ੍ਹਾ ਭਲਾਈ ਅਫ਼ਸਰ ਬਰਨਾਲਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਕੀਮ ਹੇਠ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਤੇ ਤਲਾਕਸ਼ੁਦਾ ਔਰਤਾਂ ਦੇ ਵਿਆਹ ਸਮੇਂ 51,000/- ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲਾਭਪਾਤਰੀਆਂ ਨੂੰ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਵਿਭਾਗ ਦੇ ਤਹਿਸੀਲ ਦਫ਼ਤਰਾਂ ’ਚ ਜਮ੍ਹਾਂ ਕਰਵਾਉਣੀਆਂ ਪੈਂਦੀਆਂ ਸਨ, ਜਿਸ ਕਾਰਨ ਕਾਰਵਾਈ ਵਿਚ ਦੇਰੀ ਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਬਾਅਦ ਵਿਚ ਸਕੀਮ ਨੂੰ ਆਨਲਾਈਨ ਕਰਨ ਦੇ ਬਾਵਜੂਦ ਨਿੱਜੀ ਸਾਇਬਰ ਕੈਫ਼ਿਆਂ ਵੱਲੋਂ ਵੱਧ ਫੀਸ ਲੈਣ ਸਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਸ਼ੀਰਵਾਦ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਹੈ। ਇਸ ਨਾਲ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ ’ਤੇ ਆਸਾਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਲੈ ਸਕਣਗੇ।