ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਬੇਅਦਬੀ ਦੀ ਕੋਸ਼ਿਸ਼ ਨਾਕਾਮ
ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਬੇਅਦਬੀ ਦੀ ਕੋਸ਼ਿਸ਼ ਨਾਕਾਮ
Publish Date: Sat, 28 Feb 2026 06:19 PM (IST)
Updated Date: Sat, 28 Feb 2026 06:19 PM (IST)

-ਸੇਵਾਦਾਰਾਂ ਨੇ ਸੂਝ-ਬੂਝ ਨਾਲ ਮੌਕੇ ’ਤੇ ਔਰਤ ਨੂੰ ਕਾਬੂ ਕੀਤਾ, ਸਾਥੀ ਸਮੇਤ ਪੁਲਿਸ ਹਵਾਲੇ -ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀ ਸਖ਼ਤ ਪ੍ਰਤੀਕ੍ਰਿਆ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਠੁੱਲੀਵਾਲ ’ਚ ਸਥਿਤ ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਚੱਲ ਰਹੀ ਅਖੰਡ ਪਾਠਾਂ ਦੀ ਲੜੀ ਦੌਰਾਨ ਇਕ ਔਰਤ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਮੌਜੂਦ ਪਾਠੀ ਸਿੰਘਾਂ ਅਤੇ ਸੇਵਾਦਾਰਾਂ ਆਪਣੀ ਸੂਝ ਬੂਝ ਨਾਲ ਘਟਨਾ ਨੂੰ ਤੁਰੰਤ ਨਾਕਾਮ ਕਰਦੇ ਹੋਏ ਉਕਤ ਔਰਤ ਅਤੇ ਉਸਦੇ ਸਾਥੀ ਨੂੰ ਕਾਬੂ ਕਰਕੇ ਥਾਣਾ ਠੁੱਲੀਵਾਲ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਇੱਕ ਔਰਤ ਆਪਣੇ ਨਾਬਾਲਗ ਬੱਚੇ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਈ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਮੱਥਾ ਟੇਕਣ ਤੋਂ ਬਾਅਦ ਉਸ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਅਸਥਾਨ ਨੇੜੇ ਬਣੀ ਖਿੜਕੀ ਰਾਹੀਂ ਬੱਚੇ ਨੂੰ ਅੰਦਰ ਸੁੱਟਣ ਅਤੇ ਖੁਦ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਉੱਥੇ ਮੌਜੂਦ ਪਾਠੀ ਸਿੰਘਾਂ ਨੇ ਤੁਰੰਤ ਰੋਕ ਲਗਾਈ ਅਤੇ ਸੇਵਾਦਾਰਾਂ ਦੀ ਮਦਦ ਨਾਲ ਔਰਤ ਨੂੰ ਕਾਬੂ ਕਰ ਲਿਆ। ਇਸ ਦੌਰਾਨ ਉਸ ਦੇ ਨਾਲ ਆਏ ਇੱਕ ਵਿਅਕਤੀ ਨੂੰ ਵੀ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ ਅਤੇ ਐਸ.ਐਚ.ਓ. ਠੁੱਲੀਵਾਲ ਗੁਰਪਾਲ ਸਿੰਘ ਧਨੌਲਾ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡੀਐਸਪੀ ਧਾਲੀਵਾਲ ਤੇ ਥਾਣਾ ਮੁਖੀ ਦੇ ਸਾਂਝੇ ਤੌਰ ਤੇ ਦੱਸਿਆ ਕਿ ਪੁਲਿਸ ਵੱਲੋਂ ਕਮੇਟੀ ਪ੍ਰਧਾਨ ਗੁਰਸੇਵਕ ਸਿੰਘ ਠੁੱਲੀਵਾਲ ਦੇ ਬਿਆਨਾਂ ਦੇ ਅਧਾਰ ਤੇ ਔਰਤ ਸਰਬਜੀਤ ਕੌਰ ਅਤੇ ਉਸ ਨਾਲ ਆਏ ਵਿਅਕਤੀ ਰਾਮ ਸਿੰਘ ਦੇ ਖ਼ਿਲਾਫ ਥਾਣਾ ਠੁੱਲੀਵਾਲ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਡੀਐਸਪੀ ਧਾਲੀਵਾਲ ਨੇ ਦੱਸਿਆ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਠੁੱਲੀਵਾਲ ਨੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਘਟਨਾ ਉਪਰੰਤ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਮਾਲਵਾ ਜੋਨ ਦੇ ਇੰਚਾਰਜ ਬਾਬਾ ਬੂਟਾ ਸਿੰਘ ਗੁਰਥੜੀ ਵੀ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਦੀ ਪ੍ਰਬੰਧਕ ਕਮੇਟੀ ਨੂੰ 1 ਮਾਰਚ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਤਲਬ ਕੀਤਾ ਜਾਵੇਗਾ ਤਾਂ ਜੋ ਸੁਰੱਖਿਆ ਪ੍ਰਬੰਧਾਂ ਬਾਰੇ ਸਪਸ਼ਟੀਕਰਨ ਲਿਆ ਜਾ ਸਕੇ। ਉਨ੍ਹਾਂ ਹੋਰ ਗੁਰੂ ਘਰਾਂ ਦੀਆਂ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਸਮੇਂ ਦੀ ਲੋੜ ਨੂੰ ਸਮਝਦਿਆਂ ਪਹਿਰੇਦਾਰ ਤਾਇਨਾਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਾਨ-ਸਤਿਕਾਰ ਬਰਕਰਾਰ ਰੱਖਿਆ ਜਾਵੇ।