- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋੜਵੰਦ ਬੱਚਿਆਂ ਦੇ ਮਾਪਿਆਂ ਲਈ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਆਯੋਜਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਹਿਮਦਗੜ੍ਹ : ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਅਹਿਮਦਗੜ੍ਹ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ, ਅਧਿਕਾਰਾਂ, ਸਿੱਖਿਆ ਅਤੇ ਸਰਵਪੱਖੀ ਵਿਕਾਸ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਜੰਡਾਲੀ ਕਲਾਂ ਵਿਖੇ ਇੱਕ ਰੋਜ਼ਾ ਮਾਪੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਪ੍ਰੋਗਰਾਮ ਦੀ ਰਹਿਨੁਮਾਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਹਿਮਦਗੜ੍ਹ ਬਲਜੀਤ ਸਿੰਘ ਲਤਾਲਾ ਵੱਲੋਂ ਕੀਤੀ ਗਈ। ਇਸ ਮੌਕੇ ਮਾਹਿਰਾਂ ਵੱਲੋਂ ਮਾਪਿਆਂ ਨੂੰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਅਧਿਕਾਰਾਂ, ਉਨ੍ਹਾਂ ਦੀਆਂ ਵਿਅਕਤੀਗਤ ਲੋੜਾਂ, ਵਿਸ਼ੇਸ਼ ਯੋਗਤਾਵਾਂ ਅਤੇ ਵੱਖਰੀਆਂ ਰੁਚੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣਨ, ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿੱਚ ਮਾਪਿਆਂ ਦੀ ਭੂਮਿਕਾ ਬਾਰੇ ਵੀ ਚਾਨਣਾ ਪਾਇਆ ਗਿਆ।
ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਕੂਲ ਦੇ ਹੈੱਡ ਟੀਚਰ ਸੁਖਰਾਜ ਸਿੰਘ, ਸਮੂਹ ਸਟਾਫ਼, ਆਈਈਆਰਟੀ ਬਲਜਿੰਦਰ ਕੌਰ ਅਤੇ ਆਈਈਆਰਟੀ ਬਲਵਿੰਦਰ ਸਿੰਘ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਮੌਕੇ ਸਰਕਾਰੀ ਮਿਡਲ ਸਕੂਲ ਬੇਗੋਵਾਲ ਤੋਂ ਅਵਤਾਰ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਕਲਾਂ ਤੋਂ ਗੁਰਪ੍ਰੀਤ ਸਿੰਘ ਖੰਗੂੜਾ ਨੇ ਵੀ ਸ਼ਿਰਕਤ ਕੀਤੀ।
ਇਸ ਸਮਾਗਮ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਬਲਾਕ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਰਿਫਰੈਸ਼ਮੈਂਟ ਅਤੇ ਖਾਣ-ਪੀਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਵਿੱਚ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਸਮੇਤ ਲਗਭਗ 70 ਵਿਅਕਤੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਇਸ ਮੌਕੇ ਬੀਪੀਈਓ ਬਲਜੀਤ ਸਿੰਘ ਲਤਾਲਾ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਵੀ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਨੂੰ ਪਿਆਰ, ਸਤਿਕਾਰ, ਬਰਾਬਰ ਦੇ ਮੌਕੇ ਅਤੇ ਉਚਿਤ ਸਹਿਯੋਗ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਮਾਪਿਆਂ, ਬੱਚਿਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਸਭ ਨੂੰ ਜੀ ਆਇਆਂ ਕਿਹਾ। ਇਸ ਮੌਕੇ ਗੁਰਪ੍ਰੀਤ ਸਿੰਘ, ਲੋਕੇਸ਼ ਢੰਡ, ਮਨਪ੍ਰੀਤ ਕੌਰ, ਜਗਵਿੰਦਰ ਸਿੰਘ, ਸੁਖਵਿੰਦਰ ਸਿੰਘ, ਆਈਈਏਟੀ ਸੁਰਿੰਦਰ ਪਾਲ ਕੌਰ ਮੌਜੂਦ ਸਨ।
ਇਸ ਮੌਕੇ ਸੀਐੱਚਟੀ ਗੁਰਵਿੰਦਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਸੰਦੌੜ, ਹਰਮਿੰਦਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਅਬਦੁੱਲਾਪੁਰ, ਬਲਜਿੰਦਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਗੜ੍ਹ ਛੰਨਾ ਅਤੇ ਗੁਰਪ੍ਰੀਤ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਅਕਬਰਪੁਰਾ ਅਤੇ ਅਧਿਆਪਕ ਰਜੇਸ਼ ਗੁਪਤਾ ਸਰਕਾਰੀ ਪ੍ਰਾਇਮਰੀ ਸਕੂਲ ਦਹਿਲੀਜ਼ ਖੁਰਦ ਅਤੇ ਅੰਮ੍ਰਿਤਪਾਲ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਫਰਵਾਲੀ ਨੇ ਵੀ ਉਚੇਚੇ ਤੌਰ 'ਤੇ ਸ਼ਿਰਕਤ ਕਰਕੇ ਪ੍ਰੋਗਰਾਮ ਦੀ ਸ਼ੋਭਾ ਵਧਾਈ ਅਤੇ ਇਸ ਉਪਰਾਲੇ ਪ੍ਰਤੀ ਆਪਣੀ ਦਿਲਚਸਪੀ ਤੇ ਸਹਿਯੋਗ ਦਾ ਪ੍ਰਗਟਾਵਾ ਕੀਤਾ।