- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਕਰੋਦਾ ’ਚ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਾਇਆ

ਹਰਜੀਤ ਸਿੰਘ, ਪੰਜਾਬੀ ਜਾਗਰਣ,
ਖਨੌਰੀ : ਡਿਪਟੀ ਕਮਿਸ਼ਨਰ ਸੰਗਰੂਰ ਅਤੇ ਉਪ ਮੰਡਲ ਮੈਜਿਸਟਰੇਟ (ਐੱਸਡੀਐੱਮ) ਮੂਨਕ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਪ੍ਰਥਾ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਕਰੋਦਾ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧ ਕਰਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ।
ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਆਧੁਨਿਕ ਖੇਤੀ ਮਸ਼ੀਨਰੀ ਅਤੇ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਪਰਾਲੀ ਦੇ ਪ੍ਰਬੰਧਨ ਲਈ ਉਪਲੱਬਧ ਵੱਖ-ਵੱਖ ਤਰੀਕਿਆਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਹਾਜ਼ਰ ਅਧਿਕਾਰੀਆਂ, ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਪ੍ਰਬੰਧਨ ਦੇ ਉਪਾਅ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦਾ ਅਹਿਦ ਲਿਆ।
ਇਸ ਮੌਕੇ ਕਲੱਸਟਰ ਅਫ਼ਸਰ ਸੰਜੀਵ ਕੁਮਾਰ, ਨੋਡਲ ਅਫ਼ਸਰ ਪ੍ਰਵੀਨ ਕੁਮਾਰ ਗੁਲਾੜੀ, ਪਟਵਾਰੀ ਪੰਕਜ, ਸਰਪੰਚ ਸ਼ਮਸ਼ੇਰ ਸਿੰਘ, ਸੈਕਟਰੀ ਦਰਸ਼ੇਰ ਸਿੰਘ, ਨੰਬਰਦਾਰ ਪ੍ਰਵੀਨ ਕੁਮਾਰ, ਨੰਬਰਦਾਰ ਸਤਵੀਰ ਸਿੰਘ, ਨੰਬਰਦਾਰ ਕਲਾਮਵੀਰ ਸਿੰਘ, ਰਾਜਪਾਲ ਸਿੰਘ ਹਾਜ਼ਰ ਸਨ।