- ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਵਾਸੀਆਂ ਨੂੰ ਕੱਪੜੇ ਦੇ ਥੈਲਿਆਂ ਦੀ ਵਰਤੋਂ ਦਾ ਸੱਦਾ

ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਨਸ਼ੀਲਤਾ ਦੀ ਵਚਨਬੱਧਤਾ ਤਹਿਤ ਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 5 ਅਗਸਤ ਨੂੰ ਜਾਗਰੂਕਤਾ ਮੁਹਿੰਮ ਵਿੱਢ ਕੇ ਲਿਫਾਫਿਆਂ ਤੇ ਇਕ ਵਾਰ ਵਰਤੋਂ ਵਾਲੀ ਪਲਾਸਟਿਕ 'ਤੇ ਪੂਰਨ ਪਾਬੰਦੀ ਦਾ ਸੱਦਾ ਦਿੱਤਾ ਜਾਵੇਗਾ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ 5 ਅਗਸਤ ਨੂੰ ਮੁੱਖ ਮੰਤਰੀ ਖੁਦ ਵੀ ਸੂਬਾ ਵਾਸੀਆਂ ਨੂੰ ਪਲਾਸਿਟਕ ਮੁਕਤ ਪੰਜਾਬ ਬਣਾਉਣ ਦਾ ਸੱਦਾ ਦੇਣਗੇ। ਇਸ ਤਹਿਤ ਜ਼ਿਲ੍ਹਾ ਬਰਨਾਲਾ 'ਚ ਵੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ, ਜਿਸ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੱਦਾ ਦਿੱਤਾ ਜਾਵੇਗਾ ਤੇ ਜੂਟ ਬੈਗ ਵੀ ਵੰਡੇ ਜਾਣਗੇ। ਇਸ ਮਗਰੋਂ ਪਲਾਸਟਿਕ ਵਿਰੋਧੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣੇ ਅਧਿਕਾਰ ਖੇਤਰ 'ਚ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪੇ੍ਰਿਤ ਕਰਨ ਕਿਉਂਕਿ ਪਲਾਸਟਿਕ ਕਾਰਨ ਜਿੱਥੇ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ, ਉਥੇ ਮਨੁੱਖੀ ਜ਼ਿੰਦਗੀ ਲਈ ਵੀ ਇਹ ਘਾਤਕ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਮਗਰੋਂ ਪਲਾਸਟਿਕ ਦੀ ਵਰਤੋਂ ਵਿਰੁੱਧ ਸਖ਼ਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪਹਿਲੀ ਜੁਲਾਈ 2022 ਤੋਂ ਇਕ ਵਾਰ ਦੀ ਵਰਤੋਂ ਵਾਲੇ ਪਲਾਸਟਿਕ 'ਤੇ ਪਾਬੰਦੀ ਲਗਾਈ ਗਈ ਹੈ ਤੇ ਪੰਜਾਬ 'ਚ ਵੀ ਇਹ ਨਿਰਦੇਸ਼ ਲਾਗੂ ਹਨ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ 'ਚ ਸਹਿਯੋਗ ਦੇ ਕੇ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਐਸਡੀਐਮ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸੁਖਪਾਲ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਐਕਸੀਅਨ ਵਿਕੀ ਬਾਂਸਲ, ਐੱਸਡੀਓ ਸਿਮਰਦੀਪ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

- ਪਲਾਸਟਿਕ ਲਿਫ਼ਾਫੇ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਤੇ ਵਰਤੋਂ 'ਤੇ ਪਾਬੰਦੀ

ਜ਼ਿਲ੍ਹਾ ਮੈਜਿਸਟੇ੍ਟ ਡਾ. ਹਰੀਸ਼ ਨਈਅਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਲਾਸਟਿਕ ਕੈਰੀ ਬੈਗਜ਼ (ਮੈਨੂੰਫੈਕਚਰਜ਼, ਯੂਜ਼ਿਜ਼, ਡਿਸਪੋਜ਼ਲ) ਕੰਟਰੋਲ ਐਕਟ 2005 ਤਹਿਤ ਜ਼ਿਲਾ ਬਰਨਾਲਾ ਅੰਦਰ ਪਲਾਸਟਿਕ ਲਿਫ਼ਾਫੇ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਤੇ ਵਰਤੋਂ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 18 ਸਤੰਬਰ ਤਕ ਲਾਗੂ ਰਹਿਣਗੇ।