ਨਸ਼ਿਆਂ ਦੇ ਹਾਟ ਸਪਾਟ ਖੇਤਰਾਂ ’ਚ ਜਾਗਰੂਕਤਾ ਮੁਹਿੰਮ ਜਾਰੀ : ਡਾ. ਜੋਤੀ ਕਪੂਰ ਨਸ਼ਿਆਂ ਦੇ ਹਾਟ ਸਪਾਟ ਖੇਤਰਾਂ ’ਚ ਜਾਗਰੂਕਤਾ ਮੁਹਿੰਮ ਜਾਰੀ : ਡਾ. ਜੋਤੀ ਕਪੂਰ
Publish Date: Thu, 26 Nov 2026 03:25 PM (IST)
Updated Date: Thu, 26 Nov 2026 03:28 PM (IST)
ਪਿੰਡ ਕੰਗਣਵਾਲ ਵਿਖੇ ਵਿਸ਼ੇਸ਼ ਕੈਂਪ ਲਾ ਕੇ ਨਸ਼ਾ ਪੀੜਤਾਂ ਦੀ ਕੀਤੀ ਕਾਊਂਸਲਿੰਗ ਇਲਾਜ ਤੇ ਮੁੜ ਵਸੇਬੇ ਲਈ ਕੀਤਾ ਪ੍ਰੇਰਿਤ ਸੱਤਪਾਲ ਸਿੰਘ ਕਾਲਾਬੂਲਾ/ ਰਹਿਮਾਨ, ਪੰਜਾਬੀ ਜਾਗਰਣ, ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਹਾਟ ਸਪਾਟ ਖੇਤਰਾਂ ਅੰਦਰ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਕੰਗਣਵਾਲ ਵਿਖੇ ਵਿਸ਼ੇਸ਼ ਮਾਨਸਿਕ ਸਿਹਤ ਜਾਗਰੂਕਤਾ ਅਤੇ ਨਸ਼ਾ ਮੁਕਤੀ ਕਾਊਂਸਲਿੰਗ ਕੈਂਪ ਲਗਾਇਆ ਗਿਆ। ਇਸ ਦੌਰਾਨ ਮਾਹਿਰਾਂ ਵੱਲੋਂ ਨਸ਼ਿਆਂ ਦੀ ਲਤ ਤੋਂ ਪੀੜਤ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਲਾਹ ਅਤੇ ਮਾਰਗਦਰਸ਼ਨ ਦਿੱਤਾ ਗਿਆ। ਇਸ ਸਬੰਧੀ ਐੱਸਐੱਮਓ ਅਹਿਮਦਗੜ੍ਹ ਕਮ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਕਪੂਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਨਸ਼ਿਆਂ ਦੀ ਲਪੇਟ ਵਿੱਚ ਆਏ ਵਿਅਕਤੀਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਇਲਾਜ, ਨਸ਼ਾ ਮੁਕਤੀ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਦਵਾਈਆਂ ਹੀ ਕਾਫ਼ੀ ਨਹੀਂ, ਸਗੋਂ ਮਾਨਸਿਕ ਸਿਹਤ ਸੰਭਾਲ, ਪਰਿਵਾਰਕ ਸਹਿਯੋਗ ਅਤੇ ਸਮਾਜ ਦੀ ਹਾਂ-ਪੱਖੀ ਭੂਮਿਕਾ ਵੀ ਬੇਹੱਦ ਅਹਿਮ ਹੈ। ਕੈਂਪ ਦੌਰਾਨ ਮੈਂਟਲ ਹੈਲਥ ਫੈਲੋ ਵਕੀਲ ਅਹਿਮਦ ਅਤੇ ਕਾਊਂਸਲਰ ਅਰਵਿੰਦਰ ਵੱਲੋਂ ਲੋਕਾਂ ਦੀ ਕਾਊਂਸਲਿੰਗ ਕੀਤੀ ਗਈ। ਉਨ੍ਹਾਂ ਨੇ ਨਸ਼ਿਆਂ ਦੀ ਆਦਤ ਦੇ ਕਾਰਨਾਂ, ਇਸ ਦੀ ਦੁਰਵਰਤੋਂ ਅਤੇ ਨਸ਼ਿਆਂ ਕਾਰਨ ਪੈਦਾ ਹੋਣ ਵਾਲੀਆਂ ਮਾਨਸਿਕ, ਸਰੀਰਕ ਤੇ ਸਮਾਜਿਕ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਮਾਹਿਰਾਂ ਦੀ ਸਲਾਹ ਅਨੁਸਾਰ ਇਲਾਜ ਕਰਵਾਉਣ ਅਤੇ ਸਿਹਤ ਸੰਸਥਾਵਾਂ ਨਾਲ ਸੰਪਰਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਾ. ਜੋਤੀ ਕਪੂਰ ਨੇ ਕਿਹਾ ਕਿ ਨਸ਼ਿਆਂ ਦੀ ਆਦਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਨਫ਼ਰਤ ਜਾਂ ਤਿਰਸਕਾਰ ਦੀ ਨਹੀਂ, ਸਗੋਂ ਹਮਦਰਦੀ, ਸਹਿਯੋਗ ਅਤੇ ਸਹੀ ਇਲਾਜ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਲਪੇਟ ਵਿੱਚ ਆਏ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਿਹਤ ਵਿਭਾਗ ਵੱਲੋਂ ਨਸ਼ਾ ਮੁਕਤ, ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਜਿਹੇ ਜਾਗਰੂਕਤਾ ਕੈਂਪ ਅਤੇ ਕਾਊਂਸਲਿੰਗ ਗਤੀਵਿਧੀਆਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ।