- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਨਾਨਕ ਨੇ ਮਨੁੱਖਤਾ ਨੂੰ ਸ਼ਬਦ, ਕਿਰਤ ਅਤੇ ਵੰਡ ਛਕਣ ਦਾ ਮਾਰਗ ਦਿਖਾਇਆ: ਖਾਲਸਾ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਸ਼ੇਰਪੁਰ : ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ, ਪਿੰਡ ਅਲੀਪੁਰ ਖਾਲਸਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਸਮਾਗਮ ਦੌਰਾਨ ਸੰਗਤਾਂ ਨੂੰ ਕਥਾ-ਵਿਚਾਰ ਰਾਹੀਂ ਨਿਹਾਲ ਕਰਦਿਆਂ ਉੱਘੇ ਪੰਥ ਪ੍ਰਚਾਰਕ ਸੰਤ ਬਾਬਾ ਮਨਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਦੇ ਸਰਬਸਾਂਝੀਵਾਲਤਾ ਦੇ ਸੰਦੇਸ਼ ਦੀ ਜੈ-ਜੈਕਾਰ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਸ਼ਬਦ ਅਤੇ ਨਾਮ ਨਾਲ ਜੋੜਦਿਆਂ ਹੱਕ-ਸੱਚ ਦੀ ਕਿਰਤ ਕਰਨ, ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਕੇਵਲ ਧਾਰਮਿਕ ਸਮਾਗਮਾਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਇਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾ ਕੇ ਜੀਵਨ ਨੂੰ ਸਫਲ ਬਣਾਇਆ ਜਾਵੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ ਅਤੇ ਸਮਾਗਮ ਦੌਰਾਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਨ ਦਾ ਸੰਦੇਸ਼ ਦਿੱਤਾ ਗਿਆ।