ਐੱਸਡੀਐੱਮਜ਼ ਵੱਲੋਂ ਖੇਤਾਂ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਪਰਾਲੀ ਪ੍ਰਬੰਧਨ -ਐੱਸਡੀਐੱਮਜ ਵੱਲੋਂ ਖੇਤਾਂ ਦਾ ਦੌਰਾ: ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
Publish Date: Wed, 04 Nov 2026 04:27 PM (IST)
Updated Date: Thu, 05 Nov 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੀ ਅਗਵਾਈ ’ਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਤੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹੇ ਦੇ ਐੱਸ.ਡੀ.ਐੱਮਜ਼ ਵੱਲੋਂ ਕਿਸਾਨਾਂ ਦੇ ਖੇਤਾਂ ਤੇ ਮੰਡੀਆਂ ਦਾ ਦੌਰਾ ਕੀਤਾ ਗਿਆ ਤੇ ਮੌਕੇ ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਤਹਿਤ ਐੱਸਡੀਐੱਮ ਬਰਨਾਲਾ ਅਜੀਤਪਾਲ ਸਿੰਘ ਚਹਿਲ ਵੱਲੋਂ ਪਿੰਡ ਫਰਵਾਹੀ ਅਤੇ ਕੱਟੂ ਵਿਖੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦਾ ਖੇਤਾਂ ’ਚ ਹੀ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਐੱਸਡੀਐੱਮ ਤਪਾ ਆਯੂਸ਼ ਗੋਇਲ ਵੱਲੋਂ ਦਾਣਾ ਮੰਡੀ ਭਦੌੜ ਅਤੇ ਹੋਰ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਇੱਕ ਖੇਤ ਵਿੱਚ ਪਰਾਲੀ ਨੂੰ ਲੱਗੀ ਅੱਗ ਦੇਖ ਕੇ ਉਨ੍ਹਾਂ ਮੌਕੇ ਤੇ ਹੀ ਤੁਰੰਤ ਕਾਰਵਾਈ ਕਰਦਿਆਂ ਅੱਗ ਬੁਝਵਾਈ। ਐੱਸਡੀਐੱਮ ਮਹਿਲ ਕਲਾਂ ਬੇਅੰਤ ਸਿੰਘ ਵੱਲੋਂ ਵੀ ਆਪਣੇ ਇਲਾਕੇ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਜਾਇਜ਼ਾ ਲਿਆ ਗਿਆ। ਨਿਰੀਖਣ ਦੌਰਾਨ ਇੱਕ ਖੇਤ ’ਚ ਲੱਗੀ ਅੱਗ ਨੂੰ ਉਨ੍ਹਾਂ ਵੱਲੋਂ ਮੌਕੇ ਤੇ ਹੀ ਬੁਝਾਇਆ ਗਿਆ। ਸਮੂਹ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਵਾਤਾਵਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਪਰਾਲੀ ਨੂੰ ਬਿਲਕੁਲ ਅੱਗ ਨਾ ਲਗਾਈ ਜਾਵੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਸੰਭਾਲਣ ਲਈ ਕਿਸੇ ਮਸ਼ੀਨਰੀ ਦੀ ਲੋੜ ਹੈ, ਤਾਂ ਉਹ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕਰਨ, ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।