ਪੁਲਿਸ ਨੇ ਜ਼ਿਲ੍ਹੇ ਭਰ ’ਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ
Publish Date: Wed, 25 Nov 2026 05:17 PM (IST)
Updated Date: Thu, 26 Nov 2026 04:05 AM (IST)
ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਕੀਤੀ ਚੈਕਿੰਗ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਬਰਨਾਲਾ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਾਫਰਾਜ ਆਲਮ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਰਾਤ ਸਮੇਂ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਚੌਕਸੀ ਵਰਤਦਿਆਂ ਚੈਕਿੰਗ ਕੀਤੀ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਰਾਤ ਦੇ ਸਮੇਂ ਪੁਲਿਸ ਦੀ ਮੌਜੂਦਗੀ ਨੂੰ ਪ੍ਰਭਾਵਸ਼ਾਲੀ ਬਣਾਉਣਾ, ਸ਼ਰਾਰਤੀ ਅਨਸਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਨੱਥ ਪਾਉਣਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ। ਮੁਹਿੰਮ ਦੌਰਾਨ ਪੁਲਿਸ ਟੀਮਾਂ ਵੱਲੋਂ ਜਨਤਕ ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਅਤੇ ਉੱਥੋਂ ਲੰਘਣ ਵਾਲੇ ਸ਼ੱਕੀ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਅਤੇ ਪਛਾਣ ਸਬੰਧੀ ਜਾਂਚ ਵੀ ਕੀਤੀ ਗਈ। ਪੁਲਿਸ ਵੱਲੋਂ ਹੋਟਲਾਂ ਅਤੇ ਹੋਰ ਜਨਤਕ ਥਾਵਾਂ ਦੀ ਵੀ ਚੈਕਿੰਗ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਵੱਖ-ਵੱਖ ਥਾਵਾਂ ’ਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕਰਕੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ। ਬਰਨਾਲਾ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ, ਅਮਨ-ਕਾਨੂੰਨ ਦੀ ਪਾਲਣਾ ਅਤੇ ਅਪਰਾਧ ਮੁਕਤ ਸਮਾਜ ਦੀ ਸਿਰਜਣਾ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਪੁਲਿਸ ਦੀ ਇਸ ਕਾਰਵਾਈ ਦਾ ਮਕਸਦ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਦਾ ਮਾਹੌਲ ਬਣਾਈ ਰੱਖਣਾ ਹੈ।