- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਹਿਰਾਗਾਗਾ-ਜਾਖਲ ਰੋਡ ’ਤੇ ਪਿੰਡ ਚੋਟੀਆਂ ਨੇੜੇ ਐਤਵਾਰ ਦੁਪਹਿਰ ਬਾਅਦ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਸੜਕ ਕਿਨਾਰੇ ਮਨਰੇਗਾ ਤਹਿਤ ਕੰਮ ਕਰ ਰਹੇ ਪਿੰਡ ਅਲੀਸ਼ੇਰ ਦੇ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਦਰੜ ਦਿੱਤਾ।

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਲਹਿਰਾਗਾਗਾ-ਜਾਖਲ ਰੋਡ ’ਤੇ ਪਿੰਡ ਚੋਟੀਆਂ ਨੇੜੇ ਐਤਵਾਰ ਦੁਪਹਿਰ ਬਾਅਦ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਸੜਕ ਕਿਨਾਰੇ ਮਨਰੇਗਾ ਤਹਿਤ ਕੰਮ ਕਰ ਰਹੇ ਪਿੰਡ ਅਲੀਸ਼ੇਰ ਦੇ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਦਰੜ ਦਿੱਤਾ। ਹਾਦਸੇ ਵਿੱਚ ਲਗਪਗ ਸੱਤ ਮਹਿਲਾ ਮਜ਼ਦੂਰਾਂ ਅਤੇ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਸੂਚਨਾ ਹੈ, ਜਦਕਿ 12 ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਨੂੰ ਇਲਾਜ ਲਈ ਲਹਿਰਾਗਾਗਾ, ਸੁਨਾਮ ਅਤੇ ਸੰਗਰੂਰ ਦੇ ਸਿਵਲ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਉੱਧਰ, ਹਾਦਸੇ ਤੋਂ ਬਾਅਦ ਕਾਰ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਸਮੇਂ ਸੜਕ ਕਿਨਾਰੇ ਮਨਰੇਗਾ ਤਹਿਤ ਕੰਮ ਕਰ ਰਹੇ ਲਗਪਗ ਦੋ ਦਰਜਨ ਮਹਿਲਾ ਅਤੇ ਪੁਰਸ਼ ਮਜ਼ਦੂਰ ਮੌਜੂਦ ਸਨ। ਕੰਮ ਦੌਰਾਨ ਮਜ਼ਦੂਰ ਸੜਕ ਕਿਨਾਰੇ ਬੈਠ ਕੇ ਪਾਣੀ ਪੀ ਰਹੇ ਸਨ। ਇਸੇ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਭਿਆਨਕ ਸੀ ਕਿ ਕਈ ਮਜ਼ਦੂਰ ਕਾਰ ਹੇਠ ਬੁਰੀ ਤਰ੍ਹਾਂ ਕੁਚਲੇ ਗਏ, ਜਦਕਿ ਕੁਝ ਕਾਰ ਦੇ ਨਾਲ ਦੂਰ ਤੱਕ ਘੜੀਸੇ ਗਏ। ਇਸ ਕਾਰਨ ਕਈ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ।
ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਮਚ ਗਿਆ। ਆਸ-ਪਾਸ ਦੇ ਪਿੰਡ ਵਾਸੀਆਂ ਅਤੇ ਰਾਹਗੀਰਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ। ਉਨ੍ਹਾਂ ਨੇ ਛੋਟੇ ਟੈਂਪੂਆਂ ਅਤੇ ਹੋਰ ਵਾਹਨਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਲਹਿਰਾਗਾਗਾ ਦੇ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕੀਤਾ, ਜਦਕਿ ਗੰਭੀਰ ਹਾਲਤ ਵਾਲੇ ਕਈ ਮਜ਼ਦੂਰਾਂ ਨੂੰ ਸੁਨਾਮ, ਸੰਗਰੂਰ ਅਤੇ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ, ਮਨਰੇਗਾ ਮਜ਼ਦੂਰ ਜੰਗਲਾਤ ਵਿਭਾਗ ਅਧੀਨ ਬੂਟੇ ਲਾਉਣ ਦਾ ਕੰਮ ਕਰ ਰਹੇ ਸਨ। ਕੰਮ ਦੌਰਾਨ ਕੁਝ ਮਜ਼ਦੂਰ ਸੜਕ ਦੇ ਇੱਕ ਪਾਸੇ ਬੈਠ ਕੇ ਪਾਣੀ ਪੀ ਰਹੇ ਸਨ, ਜਦੋਂ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਹਾਦਸੇ ਵਿੱਚ ਪੰਜ ਔਰਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਮਹਿਲਾਵਾਂ ਨੇ ਲਹਿਰਾਗਾਗਾ ਅਤੇ ਇੱਕ ਮਹਿਲਾ ਨੇ ਸੰਗਰੂਰ ਹਸਪਤਾਲ ਵਿੱਚ ਦਮ ਤੋੜ ਦਿੱਤਾ। ਮ੍ਰਿਤਕਾਂ ਵਿੱਚ ਸਰਬਜੀਤ ਕੌਰ ਪਤਨੀ ਸੋਨੀ ਖ਼ਾਂ, ਰਣਜੀਤ ਕੌਰ ਪਤਨੀ ਕਾਲਾ ਖ਼ਾਂ, ਕਰਮਜੀਤ ਕੌਰ ਪਤਨੀ ਜੱਗੀ, ਨਿੱਕੀ ਰਾਣੀ ਪਤਨੀ ਬੰਤਾ ਸਿੰਘ, ਮਨਜੀਤ ਕੌਰ ਪਤਨੀ ਤਰਸੇਮ ਸਿੰਘ ਅਤੇ ਮੋਟਰਸਾਈਕਲ ਸਵਾਰ ਜੀਵਨ ਪੁੱਤਰ ਰਾਮ ਲਾਲ ਦੇ ਨਾਂ ਸ਼ਾਮਲ ਹਨ। ਖ਼ਬਰ ਲਿਖੇ ਜਾਣ ਤੱਕ ਦੋ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਸੀ।
ਮੌਕੇ ’ਤੇ ਪਹੁੰਚੇ ਐੱਸਪੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਸੀ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ, ਪਰ ਉਸ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
42 ਮਜ਼ਦੂਰਾਂ ਦਾ ਸੀ ਮਸਟਰ ਰੋਲ
ਮਨਰੇਗਾ ਦੇ ਪੰਚਾਇਤ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਮਸਟਰ ਰੋਲ ਵਿੱਚ ਕੁੱਲ 42 ਮਜ਼ਦੂਰ ਦਰਜ ਸਨ, ਜਿਨ੍ਹਾਂ ਵਿੱਚੋਂ 24 ਮਜ਼ਦੂਰ ਮੌਕੇ ’ਤੇ ਬੂਟੇ ਲਾਉਣ ਦਾ ਕੰਮ ਕਰ ਰਹੇ ਸਨ। ਇਹ ਸਾਰੇ ਜੰਗਲਾਤ ਵਿਭਾਗ ਅਧੀਨ ਕੰਮ ਕਰ ਰਹੇ ਸਨ। ਕੰਮ ਦੌਰਾਨ ਕੁਝ ਮਜ਼ਦੂਰ ਸੜਕ ਕਿਨਾਰੇ ਬੈਠ ਕੇ ਪਾਣੀ ਪੀ ਰਹੇ ਸਨ, ਜਦੋਂ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਮੰਤਰੀ ਬਰਿੰਦਰ ਗੋਇਲ ਨੇ ਦੁੱਖ ਪ੍ਰਗਟਾਇਆ
ਹਲਕਾ ਲਹਿਰਾਗਾਗਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਵਕੀਲ ਬਰਿੰਦਰ ਗੋਇਲ ਨੇ ਇਸ ਦਰਦਨਾਕ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁਖਦਾਈ ਘਟਨਾ ਹੈ, ਜਿਸ ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਭਰੋਸਾ ਦਿੱਤਾ ਕਿ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੀੜਤਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਲੋੜੀਂਦੀਆਂ ਡਾਕਟਰੀ ਸਹੂਲਤਾਂ
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਲਹਿਰਾਗਾਗਾ-ਜਾਖਲ ਰੋਡ ’ਤੇ ਪਿੰਡ ਅਲੀਸ਼ੇਰ-ਚੋਟੀਆਂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਇਸ ਹਾਦਸੇ ਵਿੱਚ ਲਗਭਗ ਇੱਕ ਦਰਜਨ ਲੋਕ ਜ਼ਖ਼ਮੀ ਹੋਏ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਚੱਲ ਰਹੇ ਕੰਮ ਦੌਰਾਨ ਮਜ਼ਦੂਰਾਂ ਦੀ ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।