ਵੱਡੀ ਖ਼ਬਰ : ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਪ੍ਰਚਾਰ, ਘਨੌੜ ਜੱਟਾਂ ਵਿਖੇ ਲੋਕਾਂ ਦੇ ਰੂ-ਬ-ਰੂ ਹੋਏ ਹਰਪਾਲ ਸਿੰਘ ਚੀਮਾ ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਘਨੌੜ ਜੱਟਾਂ ਵਿਖੇ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਡੋਰ-ਟੂ-ਡੋਰ ਮੁਹਿੰਮ ਅਤੇ ਮੈਂਬਰਸ਼ਿਪ ਡਰਾਈਵ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਸਾਂਝਾ ਕੀਤਾ ਅਤੇ ਵੱਖ-ਵੱਖ ਲੋਕ-ਭਲਾਈ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਗਿਆ।
Publish Date: Tue, 22 Sep 2026 11:11 AM (IST)
Updated Date: Tue, 22 Sep 2026 11:13 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ - ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਘਨੌੜ ਜੱਟਾਂ ਵਿਖੇ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਡੋਰ-ਟੂ-ਡੋਰ ਮੁਹਿੰਮ ਅਤੇ ਮੈਂਬਰਸ਼ਿਪ ਡਰਾਈਵ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਸਾਂਝਾ ਕੀਤਾ ਅਤੇ ਵੱਖ-ਵੱਖ ਲੋਕ-ਭਲਾਈ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਗਿਆ। ਸ. ਚੀਮਾ ਨੇ ਘਰਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਰਾਏ ਤੇ ਸੁਝਾਅ ਵੀ ਸੁਣੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀ ਅਸਲ ਜਵਾਬਦੇਹੀ ਲੋਕਾਂ ਪ੍ਰਤੀ ਹੁੰਦੀ ਹੈ ਅਤੇ ਇਸੇ ਲਈ ਆਮ ਆਦਮੀ ਪਾਰਟੀ ਆਪਣੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਹਿਸਾਬ ਲੈ ਕੇ ਸਿੱਧੀ ਲੋਕਾਂ ਦੀ ਕਚਹਿਰੀ ਵਿੱਚ ਪਹੁੰਚ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਮੈਂਬਰਸ਼ਿਪ ਮੁਹਿੰਮ ਦਾ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜ ਕੇ ਜ਼ਮੀਨੀ ਪੱਧਰ ’ਤੇ ਲੋਕ ਸੇਵਾ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਵਰਕਰ ਅਤੇ ਵਲੰਟੀਅਰ ਹਨ, ਜੋ ਸਰਕਾਰ ਅਤੇ ਆਮ ਲੋਕਾਂ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਦੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਮ ਪਰਿਵਾਰ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜੇ ਖ਼ਰਚਿਆਂ ਨੂੰ ਘਟਾਉਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਵੱਡੀ ਗਿਣਤੀ ਵਿੱਚ ਘਰੇਲੂ ਖਪਤਕਾਰਾਂ ਨੂੰ ਬਿਜਲੀ ਬਿੱਲਾਂ ਤੋਂ ਰਾਹਤ ਮਿਲੀ ਹੈ, ਜਦਕਿ ਸਰਕਾਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਮਜ਼ਬੂਤ ਕਰਨ ਦਾ ਉਦੇਸ਼ ਪਰਿਵਾਰਾਂ ਦੇ ਇਲਾਜ ਅਤੇ ਬੱਚਿਆਂ ਦੀ ਪੜ੍ਹਾਈ ’ਤੇ ਹੋਣ ਵਾਲੇ ਖ਼ਰਚੇ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ, ਖੇਡਾਂ, ਸੜਕੀ ਬੁਨਿਆਦੀ ਢਾਂਚੇ ਅਤੇ ਪਿੰਡਾਂ ਦੇ ਵਿਕਾਸ ਸਮੇਤ ਹਰੇਕ ਖੇਤਰ ਵਿੱਚ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਲਈ ਸਿੰਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪਾਰਟੀ ਵੱਲੋਂ ਕੀਤੇ ਗਏ ਮੁਲਾਂਕਣ ਮੁਤਾਬਕ ਮੁਫ਼ਤ ਬਿਜਲੀ, ਸਿਹਤ ਤੇ ਸਿੱਖਿਆ ਸਹੂਲਤਾਂ ਅਤੇ ਹੋਰ ਲੋਕ-ਭਲਾਈ ਪਹਿਲਕਦਮੀਆਂ ਨੂੰ ਮਿਲਾ ਕੇ ਪੰਜਾਬ ਦੇ ਇੱਕ ਔਸਤ ਪਰਿਵਾਰ ਨੂੰ ਸਾਲਾਨਾ ਲਗਭਗ 1.82 ਲੱਖ ਰੁਪਏ ਤੱਕ ਦਾ ਲਾਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰੇਲੂ ਬਜਟ ਦਾ ਹਿਸਾਬ ਲਗਾ ਕੇ ਖ਼ੁਦ ਦੇਖ ਸਕਦੇ ਹਨ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਨਾਲ ਉਨ੍ਹਾਂ ਦੇ ਖ਼ਰਚਿਆਂ ਵਿੱਚ ਕਿੰਨੀ ਕਮੀ ਆਈ ਹੈ।
ਚੀਮਾ ਨੇ ਕਿਹਾ ਕਿ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਵੇਰਵਾ ਇੱਕ ਵਿਸ਼ੇਸ਼ ਰਿਪੋਰਟ ਕਾਰਡ ਰਾਹੀਂ ਵੀ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਣਾ ਹੀ ਨਹੀਂ, ਸਗੋਂ ਲੋਕਾਂ ਕੋਲ ਜਾ ਕੇ ਉਨ੍ਹਾਂ ਦੀ ਰਾਏ, ਸੁਝਾਅ ਅਤੇ ਉਮੀਦਾਂ ਨੂੰ ਜਾਣਨਾ ਵੀ ਹੈ। ਹਲਕਾ ਦਿੜ੍ਹਬਾ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੜਕਾਂ, ਸਿੱਖਿਆ, ਸਿਹਤ, ਪੀਣ ਵਾਲੇ ਪਾਣੀ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਲੋਕ ਸੇਵਾ ਦਾ ਮੌਕਾ ਸਮਝਦੇ ਹਨ ਅਤੇ ਦਿੜ੍ਹਬਾ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਸ. ਚੀਮਾ ਨੇ ਕਿਹਾ ਕਿ ਲੋਕਤੰਤਰ ਵਿੱਚ ਲੋਕ ਸਭ ਤੋਂ ਵੱਡੇ ਨਿਰਣਾਇਕ ਹਨ ਅਤੇ ਉਨ੍ਹਾਂ ਨੂੰ ਹਰੇਕ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਉਸ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਅਤੇ ਮੌਜੂਦਾ ਸਰਕਾਰ ਦੇ ਸਾਢੇ ਚਾਰ ਸਾਲਾਂ ਦੌਰਾਨ ਹੋਏ ਕੰਮਾਂ, ਮਿਲੀਆਂ ਸਹੂਲਤਾਂ ਅਤੇ ਆਪਣੇ ਰੋਜ਼ਾਨਾ ਜੀਵਨ ਵਿੱਚ ਆਈ ਤਬਦੀਲੀ ਦੀ ਤੁਲਨਾ ਕਰਕੇ ਆਪਣੀ ਰਾਏ ਬਣਾਉਣ।
ਵਿਰੋਧੀ ਧਿਰਾਂ ਵੱਲੋਂ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਪ੍ਰਚਾਰ ਬਾਰੇ ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਧਿਰ ਦੇ ਦਾਅਵਿਆਂ ਜਾਂ ਦੋਸ਼ਾਂ ਦੀ ਬਜਾਏ ਲੋਕਾਂ ਨੂੰ ਆਪਣੇ ਤਜਰਬੇ ਅਤੇ ਤੱਥਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਕੰਮ ਲੋਕਾਂ ਦੇ ਸਾਹਮਣੇ ਹਨ ਅਤੇ ਉਨ੍ਹਾਂ ਦਾ ਮੁਲਾਂਕਣ ਕਰਨ ਦਾ ਅਧਿਕਾਰ ਵੀ ਲੋਕਾਂ ਕੋਲ ਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵਲੰਟੀਅਰ ਹਰ ਪਿੰਡ, ਹਰ ਵਾਰਡ ਅਤੇ ਹਰ ਘਰ ਤੱਕ ਪਹੁੰਚ ਕੇ ਸਰਕਾਰ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖਣਗੇ ਅਤੇ ਨਾਲ ਹੀ ਉਨ੍ਹਾਂ ਦੀ ਰਾਏ ਤੇ ਸੁਝਾਅ ਵੀ ਪ੍ਰਾਪਤ ਕਰਨਗੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਬਾਕੀ ਲੋਕਾਂ ਕੋਲ ਆਪਣੇ ਕੰਮਾਂ ਦਾ ਹਿਸਾਬ ਲੈ ਕੇ ਆਏ ਹਾਂ। ਲੋਕ ਪਿਛਲੀਆਂ ਸਰਕਾਰਾਂ ਅਤੇ ਮੌਜੂਦਾ ਸਰਕਾਰ ਦੇ ਕੰਮਾਂ ਦੀ ਤੁਲਨਾ ਕਰਨ, ਆਪਣੇ ਪਰਿਵਾਰ ਨੂੰ ਮਿਲੀਆਂ ਸਹੂਲਤਾਂ ਅਤੇ ਹੋਈ ਬੱਚਤ ਦਾ ਹਿਸਾਬ ਲਗਾਉਣ ਅਤੇ ਤੱਥਾਂ ਦੇ ਆਧਾਰ ’ਤੇ ਆਪਣੀ ਰਾਏ ਬਣਾਉਣ। ਲੋਕਾਂ ਦੀ ਭਲਾਈ, ਪੰਜਾਬ ਦਾ ਵਿਕਾਸ ਅਤੇ ਲੋਕਾਂ ਪ੍ਰਤੀ ਜਵਾਬਦੇਹੀ ਹੀ ਸਾਡੀ ਕਾਰਜਸ਼ੈਲੀ ਦਾ ਆਧਾਰ ਹੈ। ਇਸ ਮੌਕੇ ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪ੍ਰੀਤੂ, ਨਗਰ ਪੰਚਾਇਤ ਦਿੜਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ ਅਤੇ ਪਿੰਡ ਦੇ ਸਰਪੰਚ ਪੰਚ ਅਤੇ ਪਾਰਟੀ ਵਰਕਰ ਹਾਜ਼ਰ ਸਨ।