- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖ਼ਿਲਾਫ਼ ਭਾਜਪਾ ਵੱਲੋਂ ਮਾਲੇਰਕੋਟਲਾ ਵਿੱਚ ਮਾਰਚ

ਸੱਤਪਾਲ ਕਾਲਾਬੂਲਾ/ ਜਸਪਾਲ ਲਾਡੇਵਾਲ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਤਹਿਤ ਮਾਲੇਰਕੋਟਲਾ ਵਿੱਚ ਰੈਲੀ ਅਤੇ ਮਾਰਚ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦਾ ਸੱਦਾ ਦਿੱਤਾ।
ਭਾਜਪਾ ਆਗੂ ਜਗਤ ਕਤੂਰੀਆ ਨੇ ਕਿਹਾ ਕਿ ਪਾਰਟੀ ਨੇ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਸੰਕਲਪ ਲਿਆ ਹੈ ਅਤੇ ਇਸੇ ਤਹਿਤ 18 ਸਤੰਬਰ ਨੂੰ ਨਸ਼ਾ ਵਿਰੋਧੀ ਯਾਤਰਾ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜਿਸ ਦੀ ਨੀਅਤ ਅਤੇ ਨੀਤੀ ਸਪੱਸ਼ਟ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਸਬੰਧੀ ਸੰਕਲਪ ਲੈਣ ਲਈ ਪਹੁੰਚ ਰਹੇ ਹਨ।
ਜੀਵਨ ਗਰਗ ਨੇ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਨਸ਼ਾ ਖ਼ਤਮ ਕਰਨ ਦੇ ਵਾਅਦੇ ਕੀਤੇ ਗਏ, ਪਰ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਅਜੇ ਵੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਯਾਤਰਾ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਪਾਰਟੀ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਦੀ ਅਪੀਲ ਕਰਦਿਆਂ 97149-02027 ਨੰਬਰ ’ਤੇ ਸੰਪਰਕ ਕਰਨ ਲਈ ਕਿਹਾ।
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਤਾਕਤ ਨੂੰ ਕਮਜ਼ੋਰ ਕਰਨ ਵਾਲੇ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਭ ਤੋਂ ਪਹਿਲਾਂ ਇਸ ਦੀ ਸਪਲਾਈ ਚੇਨ ਨੂੰ ਤੋੜਨਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇਲਾਜ, ਹਸਪਤਾਲਾਂ, ਦਵਾਈਆਂ ਅਤੇ ਵਿੱਤੀ ਸਰੋਤਾਂ ਦੀ ਲੋੜ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ‘ਵਿਕਸਤ ਭਾਰਤ’ ਦਾ ਟੀਚਾ ਰੱਖਿਆ ਗਿਆ ਹੈ, ਜਿਸ ਤਹਿਤ ਦੇਸ਼ ਦੀ ਤਰੱਕੀ ਦੇ ਨਾਲ ਗਰੀਬੀ ਨੂੰ ਘਟਾਉਣ ਦਾ ਟੀਚਾ ਵੀ ਹੈ।
ਰਾਜ ਕੁਮਾਰ ਭਾਟੀਆ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਨਸ਼ਿਆਂ ਦੀ ਲਪੇਟ ਵਿੱਚ ਆਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੰਜਾਬ ਦੇ ਘਰਾਂ ਤੱਕ ਪਹੁੰਚ ਚੁੱਕਾ ਹੈ ਅਤੇ ਇਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਸਰਕਾਰ ਨੂੰ ਉਸ ਦੇ ਕੰਮਾਂ ਦਾ ਜਵਾਬ ਦੇਣਗੇ।
ਭਾਜਪਾ ਆਗੂਆਂ ਨੇ ਨਸ਼ਾ ਮੁਕਤ ਪੰਜਾਬ ਲਈ ਲੋਕਾਂ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ, ਸਮਾਜ ਅਤੇ ਪਰਿਵਾਰਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।
ਇਸ ਮੌਕੇ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਇੰਚਾਰਜ ਹੀਰਾ ਸਿੰਘ, ਅੰਕੂ ਜਖਮੀ ਹਾਜ਼ਰ ਸਨ।