2027 ਚੋਣਾਂ ਤੋਂ ਪਹਿਲਾਂ BJP ਨੂੰ ਝਟਕਾ, ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਹਮਾਇਤੀਆਂ ਸਣੇ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ
Sukhbir Singh Badal ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਰਿਹਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਦਾ ਪੂਰਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਨਤਾ ਮੌਜੂਦਾ ਸਰਕਾਰ ਅਤੇ ਹੋਰਨਾਂ ਪਾਰਟੀਆਂ ਤੋਂ ਨਿਰਾਸ਼ ਹੈ, ਇਸ ਲਈ ਲੋਕ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੀਡਰਸ਼ਿਪ 'ਤੇ ਭਰੋਸਾ ਜਤਾ ਰਹੇ ਹਨ।
Publish Date: Sun, 15 Feb 2026 04:22 PM (IST)
Updated Date: Sun, 15 Feb 2026 04:34 PM (IST)
ਜਾਗਰਣ ਸੰਵਾਦਦਾਤਾ, ਸੰਗਰੂਰ : ਸੰਗਰੂਰ 'ਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਆਪਣੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਖੰਨਾ ਨੂੰ ਸਿਰੋਪਾਓ ਦੇ ਕੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਵਾਇਆ। ਇਸ ਘਟਨਾ ਨੇ ਪੰਜਾਬ ਦੀ ਰਾਜਨੀਤੀ 'ਚ ਵੱਡੀ ਹਲਚਲ ਪੈਦਾ ਕਰ ਦਿੱਤੀ ਹੈ। ਸੰਗਰੂਰ ਦੇ ਇਕ ਪੈਲੇਸ 'ਚ ਇਸ ਪ੍ਰੋਗਰਾਮ 'ਚ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ। ਸਮਾਗਮ ਦੌਰਾਨ ਅਰਵਿੰਦ ਖੰਨਾ ਦੇ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ, ਤਿੰਨ ਕੌਂਸਲਰਾਂ ਅਤੇ ਸੈਂਕੜੇ ਵਰਕਰਾਂ ਨੇ ਵੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਸ ਨਾਲ ਇਲਾਕੇ 'ਚ ਸਿਆਸੀ ਸਮੀਕਰਨਾਂ ਨੂੰ ਲੈ ਕੇ ਨਵੀਂ ਚਰਚਾ ਛਿੜ ਗਈ ਹੈ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਰਿਹਾ ਹੈ ਅਤੇ ਪਾਰਟੀ 'ਚ ਸ਼ਾਮਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਦਾ ਪੂਰਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਨਤਾ ਮੌਜੂਦਾ ਸਰਕਾਰ ਅਤੇ ਹੋਰਨਾਂ ਪਾਰਟੀਆਂ ਤੋਂ ਨਿਰਾਸ਼ ਹੈ, ਇਸ ਲਈ ਲੋਕ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੀਡਰਸ਼ਿਪ 'ਤੇ ਭਰੋਸਾ ਜਤਾ ਰਹੇ ਹਨ। ਅਰਵਿੰਦ ਖੰਨਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਲਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਅਕਾਲੀ ਦਲ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ ਜੋ ਸੂਬੇ ਦੇ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਂਦੀ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਹ ਪੂਰੀ ਮਿਹਨਤ ਨਾਲ ਕੰਮ ਕਰਨਗੇ। ਪਾਰਟੀ ਅਹੁਦੇਦਾਰਾਂ ਨੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸੰਗਰੂਰ ਜ਼ਿਲ੍ਹੇ ਵਿੱਚ ਜਥੇਬੰਦੀ ਨੂੰ ਨਵੀਂ ਮਜ਼ਬੂਤੀ ਮਿਲੇਗੀ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਘਟਨਾਕ੍ਰਮ ਨਾਲ ਜ਼ਿਲ੍ਹੇ ਦੀ ਸਥਾਨਕ ਰਾਜਨੀਤੀ ਵਿੱਚ ਆਉਣ ਵਾਲੇ ਦਿਨਾਂ ਵਿੱਚ ਨਵੇਂ ਸਮੀਕਰਨ ਬਣ ਸਕਦੇ ਹਨ।