- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਦਾ " ਆਪ " ਸਰਕਾਰ ਤੇ ਤਿੱਖਾ ਸ਼ਬਦੀ ਵਾਰ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ
ਭਾਜਪਾ ਦੇ ਅਨੂਸੂਚਿਤ ਜਾਤੀ ਮੋਰਚਾ ਨੇ ਆਮ ਆਦਮੀ ਪਾਰਟੀ ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਆਖਿਆ ਕਿ ਕਿਰਤੀ ਗੁਲਜ਼ਾਰ ਸਿੰਘ ਤੂਰਬੰਨਜਾਰਾ ਖੁਦਕੁਸ਼ੀ ਮਾਮਲੇ ਵਿੱਚ ਹਰਪਾਲ ਸਿੰਘ ਚੀਮਾ ਖਿਲਾਫ ਮਾਮਲਾ ਦਰਜ਼ ਕੀਤਾ ਜਾਵੇ। ਮੰਗਲਵਾਰ ਨੂੰ ਸੁਨਾਮ ਵਿਖੇ ਬੀ ਬੀ ਗ੍ਰੈਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਕੌਮੀ ਪ੍ਰਧਾਨ ਸਿਵੇਸ਼ ਕੁਮਾਰ ਰਾਮ ਨੇ ਆਖਿਆ ਕਿ ਪੰਜਾਬ ਅੰਦਰ ਨਸ਼ਿਆਂ ਦੀ ਹੋਮ ਡਿਲਿਵਰੀ ਸ਼ੁਰੂ ਹੋ ਚੁੱਕੀ ਹੈ , ਨੌਜਵਾਨ ਨਿੱਤ ਦਿਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਗੁਲਜ਼ਾਰ ਸਿੰਘ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਨਸ਼ੇ ਰੋਕਣ ਬਾਰੇ ਸਵਾਲ ਖੜ੍ਹਾ ਕੀਤਾ ਸੀ, ਪਰ ਉਸਨੂੰ ਡਰਾਇਆ ਧਮਕਾਇਆ ਗਿਆ ਜਿਸ ਕਰਕੇ ਉਸ ਨੇ ਜ਼ਹਿਰੀਲੀ ਚੀਜ਼ ਨਿਗਲਕੇ ਆਤਮ ਹੱਤਿਆ ਕਰ ਲਈ। ਭਾਜਪਾ ਆਗੂ ਨੇ ਕਿਹਾ ਕਿ ਉਹ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲਕੇ ਆਏ ਹਨ, ਪਰਿਵਾਰਕ ਮੈਂਬਰਾਂ ਨੇ ਆਪਣਾ ਦਰਦ ਬਿਆਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਗੁਲਜ਼ਾਰ ਸਿੰਘ ਦਾ ਪਰਿਵਾਰ ਅੱਜ ਵੀ ਡਰਿਆ ਹੋਇਆ ਹੈ।
ਉਨ੍ਹਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਬਾਬਾ ਸਾਹਿਬ ਅੰਬੇਡਕਰ ਦੇ ਅਪਮਾਨ ਅਤੇ ਦਲਿਤਾਂ ਦੀ ਅਣਦੇਖੀ ਨੂੰ ਲੈਕੇ ਘੇਰਾਬੰਦੀ ਸੂਬੇ ਦੀ 38% ਦਲਿਤ ਆਬਾਦੀ ਨਾਲ ਜੁੜੇ ਮੁੱਦੇ ਨੂੰ ਉਠਾਉਂਦੇ ਹੋਏ, ਭਾਜਪਾ ਆਗੂ ਨੇ ਕਿਹਾ ਕਿ ‘ਆਪ’ ਆਗੂਆਂ ਨੇ ਸੰਵਿਧਾਨ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਨਾਂਅ ਲੈ ਕੇ ਵੋਟਾਂ ਹਾਸਲ ਕੀਤੀਆਂ ਸਨ। ਹਾਲਾਂਕਿ, ਸੱਤਾ ਵਿੱਚ ਆਉਣ ਤੋਂ ਬਾਅਦ, ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਬਾਬਾ ਸਾਹਿਬ ਦਾ ਵਾਰ-ਵਾਰ ਅਪਮਾਨ ਕੀਤਾ ਗਿਆ ਹੈ। ਇਸ ਮੌਕੇ ਸੰਸਦ ਮੈਂਬਰ ਸੁਨੀਤਾ ਦੁੱਗਲ, ਸਾਬਕਾ ਵਿਧਾਇਕ ਸਤੀਸ਼ ਅੰਗੂਰਾਲ, ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ ਅਤੇ ਰਾਜੀਵ ਕੁਮਾਰ ਮੱਖਣ ਹਾਜ਼ਰ ਸਨ।