- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਸਰਕਾਰ ਬਣਦਿਆਂ ਹੀ ਸਕਰੌਦੀ ’ਚ ਸ਼ਹੀਦਾਂ ਦੀ ਯਾਦਗਾਰ ਬਣਾਵਾਂਗੇ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ
ਭਵਾਨੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਨੇੜਲੇ ਪਿੰਡ ਸਕਰੌਦੀ ਵਿਖੇ ਟਕਸਾਲੀ ਅਕਾਲੀ ਆਗੂ ਜਥੇਦਾਰ ਪੂਰਨ ਸਿੰਘ ਗਰੇਵਾਲ ਦਾ ਆਪ੍ਰੇਸ਼ਨ ਹੋਣ ਉਪਰੰਤ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਨ ਵਾਲੇ ਵੱਖ-ਵੱਖ ਵਰਗਾਂ ਨੂੰ ਸਰਕਾਰ ਵੱਲੋਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹੈ।
ਉਨ੍ਹਾਂ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ’ਤੇ ਵੀ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਸਮੇਂ ਭਵਾਨੀਗੜ੍ਹ ਤੋਂ ਸਮਾਣਾ ਰੋਡ ਦਾ ਨਾਮ ਗੁਰੂ ਤੇਗ ਬਹਾਦਰ ਮਾਰਗ ਰੱਖਣ ਦੀ ਬਜਾਏ ਉਨ੍ਹਾਂ ਦੇ ਪਿਤਾ ਦੇ ਨਾਮ ’ਤੇ ਸੰਤ ਰਾਮ ਸਿੰਗਲਾ ਮਾਰਗ ਰੱਖਿਆ ਗਿਆ। ਖੰਨਾ ਨੇ ਕਿਹਾ ਕਿ ਇਹ ਸਿੱਖ ਧਰਮ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਨਗਰ ਕੀਰਤਨਾਂ ਵਿੱਚ ਸ਼ਮੂਲੀਅਤ ਕਰਦਿਆਂ ਸਿੰਗਲਾ ਵੱਲੋਂ ਦਸਤਾਰ ਸਜਾਈ ਜਾਂਦੀ ਹੈ।
ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਕੱਢੀ ਜਾ ਰਹੀ ਯਾਤਰਾ ’ਤੇ ਟਿੱਪਣੀ ਕਰਦਿਆਂ ਖੰਨਾ ਨੇ ਇਸ ਨੂੰ ਸਿਆਸੀ ਕਾਰਵਾਈ ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਭਾਜਪਾ ਨਸ਼ਿਆਂ ਨੂੰ ਖ਼ਤਮ ਕਰਨ ਦੀ ਬਜਾਏ ਸੱਤਾ ਹਾਸਲ ਕਰਨ ਲਈ ਅਜਿਹੇ ਪ੍ਰੋਗਰਾਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਕਾਲੀ ਦਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਖੰਨਾ ਨੇ ਦਾਅਵਾ ਕੀਤਾ ਕਿ ਕਿਸੇ ਵੀ ਅਕਾਲੀ ਆਗੂ ਨੂੰ ਇਨ੍ਹਾਂ ਮਾਮਲਿਆਂ ਵਿੱਚ ਦੋਸ਼ੀ ਸਿੱਧ ਨਹੀਂ ਕੀਤਾ ਗਿਆ।
ਇਸ ਮੌਕੇ ਜਥੇਦਾਰ ਪੂਰਨ ਸਿੰਘ ਗਰੇਵਾਲ ਨੇ ਕਿਹਾ ਕਿ ਹੁਣ ਤੱਕ ਬਣੀਆਂ ਸਰਕਾਰਾਂ ਵੱਲੋਂ ਸ਼ਹੀਦ ਜਥੇਦਾਰ ਹੀਰਾ ਸਿੰਘ, ਸ਼ਹੀਦ ਜਥੇਦਾਰ ਲਹਿਣਾ ਸਿੰਘ, ਸ਼ਹੀਦ ਮਿੱਤ ਸਿੰਘ ਅਤੇ ਸ਼ਹੀਦ ਅਨੂਪ ਸਿੰਘ ਦੀ ਯਾਦ ਨੂੰ ਸਮਰਪਿਤ ਕੋਈ ਯਾਦਗਾਰ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਹਰ ਸਾਲ ਮਨਾਏ ਜਾਂਦੇ ਹਨ ਅਤੇ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਵੀ ਕੀਤਾ ਜਾਂਦਾ ਹੈ।
ਇਸ ਮੌਕੇ ਅਰਵਿੰਦ ਖੰਨਾ ਨੇ ਵਿਸ਼ਵਾਸ ਦਿਵਾਇਆ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਸਕਰੌਦੀ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਯਾਦਗਾਰ ਜ਼ਰੂਰ ਬਣਾਈ ਜਾਵੇਗੀ।
ਇਸ ਮੌਕੇ ਹਰਵਿੰਦਰ ਸਿੰਘ ਕਾਕੜਾ, ਪਰਮਜੀਤ ਸਿੰਘ ਸੰਗਤਪੁਰਾ, ਜਗਜੀਤ ਸਿੰਘ ਜੱਗੀ ਮੈਨੇਜਰ, ਅਰਸ਼ਦੀਪ ਸਿੰਘ, ਜਸਕਰਨ ਸਿੰਘ, ਜਗਦੇਵ ਸਿੰਘ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਦਲਵੀਰ ਸਿੰਘ, ਤਰਨਜੀਤ ਸਿੰਘ, ਹਰਜਿੰਦਰ ਸਿੰਘ, ਸੋਮਜੀਤ ਸਿੰਘ, ਮਨਿੰਦਰ ਸਿੰਘ, ਕੁਲਜੀਤ ਸਿੰਘ, ਗੁਰਪ੍ਰਤਾਪ ਸਿੰਘ, ਸੁਖਵਿੰਦ ਸਿੰਘ, ਸਿਮਰਨਜੀਤ ਸਿੰਘ, ਹਰਚੰਦ ਸਿੰਘ ਅਤੇ ਮਨਪ੍ਰੀਤ ਸਿੰਘ ਹਾਜ਼ਰ ਸਨ।