ਪਰਵਿੰਦਰ ਸਿੰਘ ਝੋਟਾ ਦੇ ਹੱਕ 'ਚ ਬਰਨਾਲਾ ਬੰਦ ਦਾ ਸੱਦਾ ਪਰਵਿੰਦਰ ਸਿੰਘ ਝੋਟਾ ਦੇ ਹੱਕ 'ਚ ਬਰਨਾਲਾ ਬੰਦ ਦਾ ਸੱਦਾ
Publish Date: Wed, 14 Oct 2026 06:27 PM (IST)
Updated Date: Thu, 15 Oct 2026 04:00 AM (IST)
-- 15 ਨੂੰ ਸਵੇਰੇ ਰੇਲਵੇ ਸਟੇਸ਼ਨ ਤੇ ਇਕੱਠੇ ਹੋ ਕੇ ਕੱਢਿਆ ਜਾਵੇਗਾ ਰੋਸ ਮਾਰਚ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ 15 ਅਕਤੂਬਰ ਦਿਨ ਵੀਰਵਾਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਬੁੱਧਵਾਰ ਸ਼ਾਮ ਨੂੰ ਬਰਨਾਲਾ ਵਿਖੇ ਸਮੂਹ ਸਿਆਸੀ, ਧਾਰਮਿਕ, ਸਮਾਜਿਕ, ਕਿਸਾਨ ਜਥੇਬੰਦੀਆਂ ਅਤੇ ਵਪਾਰ ਮੰਡਲ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਬੰਦ ਦੇ ਸਮਰਥਨ ਵਿੱਚ 15 ਅਕਤੂਬਰ ਨੂੰ ਸਵੇਰੇ 9 ਵਜੇ ਸਮੂਹ ਆਗੂ ਤੇ ਵਰਕਰ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਇਕੱਠੇ ਹੋਣਗੇ, ਜਿੱਥੋਂ ਸ਼ਹਿਰ ਅੰਦਰ ਇੱਕ ਰੋਸ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਆਗੂਆਂ ਨੇ ਬਰਨਾਲਾ ਦੇ ਸਮੂਹ ਵਪਾਰੀ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕਾਰੋਬਾਰ ਤੇ ਦੁਕਾਨਾਂ ਬੰਦ ਰੱਖ ਕੇ ਇਸ ਸੱਦੇ ਦਾ ਪੂਰਨ ਸਮਰਥਨ ਕਰਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਬਰਨਾਲਾ ਦੇ ਕਾਂਗਰਸ ਪਾਰਟੀ ਦੇ ਐਮ.ਐਲ.ਏ. ਕੁਲਦੀਪ ਸਿੰਘ ਕਾਲਾ ਢਿੱਲੋਂ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਨੀਟਾ, ਅਨਿਲ ਬਾਂਸਲ ਨਾਣਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਅਤੇ ਪਲੈਨਿੰਗ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਮੱਖਣ ਸ਼ਰਮਾ, ਗੁਰਜੰਟ ਸਿੰਘ ਕੱਟੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜੱਥੇਦਾਰ ਪਰਮਜੀਤ ਸਿੰਘ ਖ਼ਾਲਸਾ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਮੋਤਾ ਸਿੰਘ ਨਾਈਵਾਲਾ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਸੁਖਪਾਲ ਸਿੰਘ ਰੁਪਾਣਾ, ਵਾਰਸ ਪੰਜਾਬ ਦੇ ਜਥੇਬੰਦੀ ਵੱਲੋਂ ਸੁਖਵਿੰਦਰ ਸਿੰਘ ਠੀਕਰੀਵਾਲਾ, ਰਜਿੰਦਰ ਸਿੰਘ ਦਰਾਕਾ, ਉੱਤਮ ਬਾਂਸਲ, ਦੀਪਕ ਸਿੰਗਲਾ ਤੇ ਜਗਰਾਜ ਸਿੰਘ ਟੱਲੇਵਾਲ ਵੀ ਸ਼ਾਮਲ ਹੋਏ।