ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਾਇਆ
ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਾਇਆ
Publish Date: Wed, 25 Feb 2026 05:35 PM (IST)
Updated Date: Wed, 25 Feb 2026 05:37 PM (IST)

ਵਰਿੰਦਰ ਸਿੰਘ, ਪੰਜਾਬੀ ਜਾਗਰਣ ਧੂਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਾਇਆ ਗਿਆ। ਇਸ ਕੈਂਪ ਦਾ ਰੋਜ਼ਾਨਾ ਵੱਡੀ ਗਿਣਤੀ ਵਿੱਚ ਧੂਰੀ ਵਾਸੀ ਲਾਭ ਉਠਾ ਰਹੇ ਹਨ ਅਤੇ ਮੌਕੇ ’ਤੇ ਹੀ ਆਪਣੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਐੱਸਡੀਐੱਮ ਧੂਰੀ ਰਿਸ਼ਭ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਬਹੁਤ ਹੀ ਆਸਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਯੋਗ ਨਾਗਰਿਕ ਨੂੰ ਲੰਬੀਆਂ ਕਤਾਰਾਂ ਜਾਂ ਵੱਖ-ਵੱਖ ਦਫ਼ਤਰਾਂ ਦੇ ਚੱਕਰ ਕੱਟਣ ਦੀ ਲੋੜ ਨਹੀਂ ਰਹੀ। ਸਿਰਫ਼ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈਡੀ ਨਾਲ ਵਿਅਕਤੀ ਮੌਕੇ ’ਤੇ ਆਪਣਾ ਨਾਮ ਦਰਜ ਕਰਵਾ ਸਕਦਾ ਹੈ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਦੇ ਹਰ ਪਰਿਵਾਰ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾਉਣਾ ਹੈ। ਕਈ ਵਾਰ ਗੰਭੀਰ ਬਿਮਾਰੀਆਂ ਦੇ ਇਲਾਜ ਕਾਰਨ ਪਰਿਵਾਰਾਂ ਨੂੰ ਵੱਡੀ ਆਰਥਿਕ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਇਸ ਯੋਜਨਾ ਰਾਹੀਂ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਪਰਿਵਾਰ ਸਿਹਤ ਸੰਭਾਲ ਦੀ ਕਮੀ ਕਾਰਨ ਪਰੇਸ਼ਾਨ ਨਾ ਹੋਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਿਸ਼ੇਸ਼ ਕੈਂਪ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਤਕ ਯੋਜਨਾ ਸਬੰਧੀ ਪੂਰੀ ਜਾਣਕਾਰੀ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਅਤੇ ਤੁਰੰਤ ਸੇਵਾ ਨੂੰ ਯਕੀਨੀ ਬਣਾਇਆ ਜਾਵੇ।