ਕਾਰ ਨੇ ਮਾਰੀ ਟੱਕਰ, ਇੱਕ ਦੀ ਮੌਤ
ਕਾਰ ਨੇ ਸਕੂਟਰੀ ਸਵਾਰ ਨੂੰ ਮਾਰੀ ਟੱਕਰ, ਮੌਤ
Publish Date: Wed, 18 Mar 2026 05:23 PM (IST)
Updated Date: Wed, 18 Mar 2026 05:25 PM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ ਸੰਗਰੂਰ : ਬੁੱਧਵਾਰ ਨੂੰ ਦੁਪਹਿਰ ਸਮੇਂ ਨੈਸ਼ਨਲ ਹਾਈਵੇ ’ਤੇ ਪਿੰਡ ਖੁਰਾਣਾ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਸੜਕ ਪਾਰ ਕਰ ਰਹੇ ਇਲੈਕਟ੍ਰੋਨਿਕ ਸਕੂਟਰੀ ਸਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਪਿੰਡ ਖਡਿਆਲ ਕੋਠਿਆਂ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਰਹਿਣ ਵਾਲੇ ਜਰਨੈਲ ਸਿੰਘ (69) ਆਪਣੀ ਲੜਕੀ ਨੂੰ ਮਿਲਣ ਲਈ ਪਿੰਡ ਬਾਲੀਆਂ ਵੱਲ ਜਾ ਰਹੇ ਸਨ ਕਿ ਰਸਤੇ ਵਿੱਚ ਜਦੋਂ ਉਹ ਨੈਸ਼ਨਲ ਹਾਈਵੇ ’ਤੇ ਪੁੱਜੇ ਤਾਂ ਸੜਕ ਪਾਰ ਕਰਨ ਸਮੇਂ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪੁੱਜੀ ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕ ਦੇਹ ਸਿਵਲ ਹਸਪਤਾਲ ਸੰਗਰੂਰ ਮੋਰਚਰੀ ਵਿੱਚ ਲਿਆਂਦੀ। ਡਾਕਟਰਾਂ ਮੁਤਾਬਿਕ ਲਾਸ਼ ਦਾ ਪੋਸਟਮਾਰਟਮ ਕਰਨ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਫਿਲਹਾਲ ਥਾਣਾ ਸਦਰ ਦੀ ਪੁਲਿਸ ਨੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜਰਨੈਲ ਸਿੰਘ ਦੇ ਦੋ ਬੱਚੇ ਹਨ, ਜਿਨ੍ਹਾਂ ਵਿੱਚੋਂ ਲੜਕਾ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਲੜਕੀ ਪਿੰਡ ਬਾਲੀਆ ਵਿਆਹੀ ਹੋਈ ਹੈ, ਜਿਸ ਨੂੰ ਜਰਨੈਲ ਸਿੰਘ ਮਿਲਣ ਲਈ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਰਨੈਲ ਸਿੰਘ ਆਪਣੇ ਪਾਲਤੂ ਪਸ਼ੂਆਂ ਦਾ ਦੁੱਧ ਵੇਚ ਕੇ ਗੁਜਾਰਾ ਕਰਦਾ ਸੀ।