ਸਰਕਾਰ ਦੇ ਸ਼ਾਨਦਾਰ 4 ਸਾਲ, ‘ਭਗਵੰਤ ਸਿੰਘ ਮਾਨ ਦੇ ਨਾਲ’ ਸੰਵਾਦ ਪ੍ਰੋਗਰਾਮ ਹੋਇਆ
ਸਰਕਾਰ ਦੇ ਸ਼ਾਨਦਾਰ 4 ਸਾਲ, ‘ਭਗਵੰਤ ਸਿੰਘ ਮਾਨ ਦੇ ਨਾਲ’ ਸੰਵਾਦ ਪ੍ਰੋਗਰਾਮ ਹੋਇਆ
Publish Date: Fri, 27 Mar 2026 06:46 PM (IST)
Updated Date: Sat, 28 Mar 2026 04:09 AM (IST)

ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੁਗਾਏ: ਹਰਿੰਦਰ ਧਾਲੀਵਾਲ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪਿੰਡਾਂ ’ਚ ਸਰਕਾਰ ਦੇ ਸ਼ਾਨਦਾਰ 4 ਸਾਲ, ‘ਭਗਵੰਤ ਸਿੰਘ ਮਾਨ ਦੇ ਨਾਲ’ ਸੰਵਾਦ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਪਿੰਡ ਕਰਮਗੜ੍ਹ ਅਤੇ ਹਰੀਗੜ੍ਹ ਵਿਚ ਸਬੋਧਨ ਕਰਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਸੰਤੁਸ਼ਟ ਹਨ। ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਲੋਕਾਂ ਦੀਆਂ ਉਮੀਦਾਂ ਅਤੇ ਭਰੋਸੇ ਉੱਤੇ ਖਰੀ ਉੱਤਰੀ ਹੈ। ਉਹਨਾਂ ਵਲੋਂ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਗਏ ਹਨ ਅਤੇ ਪੰਜਾਬ ਦੇ ਵਿਕਾਸ ਨੂੰ ਹੋਰ ਤੇਜ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿੱਚ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਇਸ ਦੇ ਨਾਲ ਹੀ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ ਅਤੇ ਕੱਚੇ ਕਰਮਚਾਰੀਆਂ ਨੂੰ ਵੱਡੇ ਪੱਧਰ ‘ਤੇ ਪੱਕਾ ਕੀਤਾ ਗਿਆ। ਸਰਕਾਰ ਵੱਲੋਂ ਘਰਾਂ ਲਈ 600 ਯੂਨਿਟ ਤੱਕ ਬਿਜਲੀ ਮੁਫ਼ਤ ਕੀਤੀ ਗਈ ਹੈ, ਜਿਸ ਨਾਲ ਲੋਕਾਂ ਦੇ ਬਿਜਲੀ ਬਿੱਲ ਘਟ ਕੇ ਜ਼ੀਰੋ ਤੱਕ ਆ ਰਹੇ ਹਨ। ਇਸ ਦੇ ਨਾਲ ਹੀ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਯੂਥ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੱਡੇ ਪੱਧਰ ‘ਤੇ ਸਟੇਡੀਅਮ ਬਣਾਏ ਜਾ ਰਹੇ ਹਨ। ਲਿੰਕ ਸੜਕਾਂ ਦੀ ਮੁਰੰਮਤ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਰੋਜ਼ਾਨਾ ਬੱਸਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਨਾ ਮੰਦਰ, ਜਲਿਆਂਵਾਲਾ ਬਾਗ, ਰਾਮ ਤੀਰਥ ਵਾਲਮੀਕੀ ਮੰਦਰ ਤੇ ਵਾਹਗਾ ਬਾਰਡਰ ਲਈ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਚ ਜ਼ਿਲ੍ਹਾ ਬਰਨਾਲਾ ਵਿੱਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ‘ਚ ਕਰੋੜਾਂ ਰੁਪਏ ਨਾਲ ਸੜਕਾਂ ਦਾ ਕੰਮ ਚੱਲ ਰਿਹਾ ਹੈ। ਨਹਿਰੀ ਪ੍ਰੋਜੈਕਟ ਲਿਆਂਦੇ ਗਏ ਹਨ ਤੇ 94 ਖੇਡ ਮੈਦਾਨਾਂ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਚਾਇਤ ਘਰ, ਆਂਗਨਵਾੜੀ ਕੇਂਦਰ, ਮੰਡੀਆਂ ਵਿੱਚ ਸ਼ੈੱਡਾਂ ਅਤੇ ਪੁਲਾਂ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਜ਼ਿਲ੍ਹੇ ਦੇ ਵਿਕਾਸ ਕਾਰਜ ਵੱਡੇ ਪੱਧਰ ਉੱਤੇ ਹੋ ਰਹੇ ਹਨ। ਇਸ ਮੌਕੇ ਪਾਰਟੀ ਦੇ ਵੱਖ ਵੱਖ ਅਹੁਦੇਦਾਰ ਤੇ ਪਿੰਡਾਂ ਦੇ ਮੋਹਤਵਾਰ ਮੌਜੂਦ ਸਨ।