ਜ਼ਿਲ੍ਹਾ ਬਰਨਾਲਾ ’ਚ ਇਕ ਬੱਚਾ ਕੀਤਾ ਰੈਸਕਿਊ
ਜ਼ਿਲ੍ਹਾ ਬਰਨਾਲਾ ’ਚ ਚਾਈਲਡ ਬੈਗਿੰਗ ਵਿਰੁੱਧ ਚੈਕਿੰਗ ਅਭਿਆਨ, ਇਕ ਬੱਚਾ ਕੀਤਾ ਰੈਸਕਿਊ
Publish Date: Tue, 13 Jan 2026 05:36 PM (IST)
Updated Date: Wed, 14 Jan 2026 04:04 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡੀਸੀ ਬਰਨਾਲਾ ਟੀ ਬੈਨਿਥ ਦੇ ਦਿਸ਼ਾ-ਨਿਰਦੇਸ਼ਾ ਅਤੇ ਪ੍ਰਾਜੈਕਟ ਜੀਵਨ ਜੋਤ 2.0 ਦੇ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਬਰਨਾਲਾ ’ਚ ਚਾਈਲਡ ਬੈਗਿੰਗ ਵਿਰੁੱਧ ਚੈਕਿੰਗ ਅਭਿਆਨ ਦੌਰਾਨ ਬਾਲ ਭਿਖਿਆ ਨੂੰ ਰੋਕਣ ਲਈ ਛਾਪੇਮਾਰੀ ਕੀਤੀ ਗਈ। ਇਸ ਅਭਿਆਨ ਦੌਰਾਨ ਚੈਕਿੰਗ ਦਾ ਮੁੱਖ ਉਦੇਸ਼ ਨਾਬਾਲਿਗ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ’ਤੇ ਰੋਕ ਲਗਾਉਣ, ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨੀ ਅਤੇ ਉਨ੍ਹਾਂ ਨੂੰ ਸਿੱਖਿਆ ਤੇ ਸੁਰੱਖਿਅਤ ਭਵਿੱਖ ਵੱਲ ਪ੍ਰੇਰਿਤ ਕਰਨਾ ਹੈ। ਇਸ ਅਭਿਆਨ ਤਹਿਤ ਮੇਨ ਬਾਜ਼ਾਰ, ਰੇਲਵੇ ਸਟੇਸ਼ਨ, ਮੰਦਰਾਂ ਦੇ ਆਲੇ-ਦੁਆਲੇ ਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਇਕ ਨਾਬਾਲਿਗ ਬੱਚੇ ਨੂੰ ਭਿੱਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਰੇਸਕਿਊ ਉਪਰੰਤ ਬੱਚੇ ਦੀ ਸੁਰੱਖਿਆ ਤੇ ਭਲਾਈ ਨੂੰ ਧਿਆਨ ਵਿਚ ਰੱਖਦਿਆਂ ਉਸ ਨੂੰ ਅਗਲੀ ਕਾਨੂੰਨੀ ਕਾਰਵਾਈ ਤੇ ਪੁਨਰਵਾਸ ਲਈ ਚਾਈਲਡ ਵੈੱਲਫ਼ੇਅਰ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਸ ਕਾਰਵਾਈ ਦਾ ਮਕਸਦ ਬੱਚਿਆਂ ਨੂੰ ਭੀਖ ਮੰਗਣ ਵਰਗੀਆਂ ਗੈਰ ਕਾਨੂੰਨੀ ਤੇ ਅਨੈਤਿਕ ਕੁਪ੍ਰਥਾਵਾਂ ਤੋਂ ਬਚਾਉਣਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਅਪੀਲ ਕੀਤੀ ਕਿ ਬੱਚਿਆਂ ਤੋਂ ਭੀਖ ਨਾ ਮੰਗਵਾਈ ਜਾਵੇ। ਉਨ੍ਹਾਂ ਦਿਹਾ ਕਿ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਜੇਕਰ ਕਿਤੇ ਵੀ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਵੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ 1098 ਜਾਂ ਸੰਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਨਿਹਰਾ ਭਵਿੱਖ ਪ੍ਰਦਾਨ ਕੀਤਾ ਜਾ ਸਕੇ।