ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ, ਕਿਹਾ- ਅੱਜ 40 ਲੱਖ ਮਾਵਾਂ-ਧੀਆਂ ਦੇ ਫੋਨਾਂ ’ਤੇ ਵੱਜੇਗੀ ਟੂੰ-ਟੂੰ; ਖਿੜ ਜਾਣਗੇ ਪੰਜਾਬ ਦੀਆਂ ਔਰਤਾਂ ਦੇ ਚਿਹਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਅਗਸਤ ਨੂੰ ਪੰਜਾਬ ਦੀਆਂ 40 ਲੱਖ ਮਾਵਾਂ-ਧੀਆਂ ਦੇ ਫੋਨਾਂ ’ਤੇ ਫੇਰ ਟੂੰ-ਟੂੰ ਵਜੇਗੀ, ਜਦਕਿ 32 ਲੱਖ ਮਾਵਾਂ-ਧੀਆਂ ਨੂੰ ਪਹਿਲੀ ਜੁਲਾਈ ਨੂੰ ਪੈਸੇ ਆ ਚੁੱਕੇ ਹਨ। ਉਨ੍ਹਾਂ ਆਖਿਆ ਕਿ ਬਾਕੀਆਂ ਨੂੰ ਵੀ ਰਜਿਸਟ੍ਰੇਸ਼ਨ ਹੋ ਜਾਣ ਤੋਂ ਬਾਅਦ ਪੈਸਾ ਮਿਲੇਗਾ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਜੱਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਿਰੰਗੀਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਦੀ ਨਵੀਂ ਅਨਾਜ ਮੰਡੀ ’ਚ ਕਰਵਾਏ ਸੂਬਾ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
Publish Date: Sat, 01 Aug 2026 10:08 AM (IST)
Updated Date: Sat, 01 Aug 2026 10:10 AM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਅਗਸਤ ਨੂੰ ਪੰਜਾਬ ਦੀਆਂ 40 ਲੱਖ ਮਾਵਾਂ-ਧੀਆਂ ਦੇ ਫੋਨਾਂ ’ਤੇ ਫੇਰ ਟੂੰ-ਟੂੰ ਵਜੇਗੀ, ਜਦਕਿ 32 ਲੱਖ ਮਾਵਾਂ-ਧੀਆਂ ਨੂੰ ਪਹਿਲੀ ਜੁਲਾਈ ਨੂੰ ਪੈਸੇ ਆ ਚੁੱਕੇ ਹਨ। ਉਨ੍ਹਾਂ ਆਖਿਆ ਕਿ ਬਾਕੀਆਂ ਨੂੰ ਵੀ ਰਜਿਸਟ੍ਰੇਸ਼ਨ ਹੋ ਜਾਣ ਤੋਂ ਬਾਅਦ ਪੈਸਾ ਮਿਲੇਗਾ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਜੱਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਿਰੰਗੀਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਦੀ ਨਵੀਂ ਅਨਾਜ ਮੰਡੀ ’ਚ ਕਰਵਾਏ ਸੂਬਾ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਕਚਹਿਰੀਆਂ ’ਚ ਰਿਸ਼ਵਤ ਖ਼ਤਮ ਕਰਨ ਲਈ ਈ-ਰਜਿਸਟਰੀਆਂ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਕਿਸੇ ਦੀ ਖੱਜਲ-ਖ਼ੁਆਰੀ ਨਾ ਹੋਵੇ। ਸੂਬੇ ਦੇ 68,685 ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਤੇ ਪੈਸੇ ਤੋਂ ਮੈਰਿਟ ਅਨੁਸਾਰ ਨੌਕਰੀਆਂ ਦਿੱਤੀਆਂ ਹਨ। ਸੂਬੇ ਅੰਦਰ 43,000 ਕਿਲੋਮੀਟਰ ਸੜਕਾਂ ਬਣ ਰਹੀਆਂ ਹਨ। ਪੜ੍ਹਾਈ ਦੇ ਖੇਤਰ ’ਚ ਪੰਜਾਬ 27ਵੇਂ ਨੰਬਰ 'ਤੇ ਸੀ ਅੱਜ ਸਰਕਾਰ ਦੀ ਕਾਰਗੁਜ਼ਾਰੀ ਸਦਕਾ ਕੇਰਲਾ ਨੂੰ ਪਛਾੜ ਕੇ ਪਹਿਲੇ ਨੰਬਰ ’ਤੇ ਆ ਗਿਆ ਹੈ। ਉਨ੍ਹਾਂ ਆਖਿਆ ਕਿ ਸਰਕਾਰੀ ਸਕੂਲਾਂ ’ਚ ਪੜ੍ਹਦੇ 882 ਬੱਚੇ ਮੈਡੀਕਲ ਪ੍ਰਵੇਸ਼ ਪ੍ਰੀਖਿਆ ਨੀਟ ਦਾ ਪੇਪਰ ਕਲੀਅਰ ਕਰ ਗਏ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ਕੰਮ ਗਿਣਾਉਂਦਿਆਂ ਪੰਜਾਬੀਆਂ ਨੂੰ ਸਪੱਸ਼ਟ ਕਿਹਾ ਕਿ ਜੇਕਰ ਸਰਕਾਰ ਨੇ ਕੰਮ ਕੀਤਾ ਹੈ ਤਾਂ ਵੋਟਾਂ ਪਾ ਦਿਓ, ਨਹੀਂ ਕਿਹੜਾ ਕੁੰਭ ਦਾ ਮੇਲਾ ਹੈ, ਫੇਰ ਅਗਲੀ ਵਾਰ ਦੇਖ ਲਵਾਂਗੇ।
ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦਾ ਏਜੰਡਾ ਹੀ ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ’ਤੇ 100 ਕਰੋੜ ਰੁਪਏ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਨਾਮ ’ਤੇ ਸੁਨਾਮ ਵਿਖੇ ਅਨੇਕਾਂ ਪ੍ਰਾਜੈਕਟ ਦਾ ਨਿਰਮਾਣ ਕੀਤਾ ਹੈ। ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਵਿਧਾਇਕ ਗੋਲਡੀ ਕੰਬੋਜ, ਜਮੀਲ ਉਰ ਰਹਿਮਾਨ, ਨਰਿੰਦਰ ਕੌਰ ਭਰਾਜ, ਦੇਵ ਸਿੰਘ ਮਾਨ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਆਦਿ ਹਾਜ਼ਰ ਸਨ