ਮਹਿਲ ਕਲਾਂ 'ਚ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਹੰਗਾਮਾ ਮਹਿਲ ਕਲਾਂ 'ਚ ਮੁੱਖ ਮੰਤਰੀ ਦੀ ਲੋਕ ਮਿਲਣੀ
Publish Date: Tue, 30 Jun 2026 06:38 PM (IST)
Updated Date: Wed, 01 Jul 2026 04:08 AM (IST)
ਮੁੱਖ ਮੰਤਰੀ ਨੂੰ ਮਿਲਣ ਜਾਂਦੇ ਕਿਸਾਨ ਪੁਲਿਸ ਨੇ ਖੇਤਾਂ ’ਚ ਭਜਾਏ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਹਿਲ ਕਲਾਂ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਕਿਸਾਨਾਂ ਦੇ ਕਾਫਲੇ ਨੂੰ ਪੁਲਿਸ ਵੱਲੋਂ ਖੇਤਾਂ ’ਚ ਭਜਾਇਆ ਗਿਆ। ਜਿਵੇਂ ਹੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਪ੍ਰਧਾਨ ਜਸਪਾਲ ਸਿੰਘ ਸਹਿਜੜ੍ਹਾ ਤੇ ਜ਼ਿਲਾ ਆਗੂ ਕਰਨੈਲ ਸਿੰਘ ਗਾਂਧੀ ਦੀ ਅਗਵਾਈ ’ਚ ਕਿਸਾਨਾਂ ਦਾ ਕਾਫ਼ਲਾ ਮਹਿਲ ਕਲਾਂ ਲਈ ਰਵਾਨਾ ਹੋਈਆਂ ਤਾਂ ਸੀਆਈਏ ਸਟਾਫ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਤੇ ਡੀਐੱਸਪੀ ਬਰਨਾਲਾ ਬਲਜੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਤਾਇਨਾਤ ਪੁਲਿਸ ਫੋਰਸ ਵੱਲੋਂ ਰਸਤੇ ’ਚ ਹੀ ਰੋਕ ਲਿਆ। ਇਸ ਤੋ ਬਾਅਦ ਕਿਸਾਨਾ ਨੇ ਖੇਤਾਂ ’ਚ ਦੀ ਭੱਜ ਕੇ ਲੋਕ ਮਿਲਣੀ ਵਾਲੀ ਥਾਂ ’ਤੇ ਜਾਣਾ ਚਾਹਿਆ ਤਾਂ ਪੁਲਿਸ ਨੇ ਖੇਤਾਂ ’ਚ ਘੇਰਾਬੰਦੀ ਕਰ ਦਿੱਤੀ। ਇਸ ਮੌਕੇ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਕਿਹਾ ਕਿ ਉਹ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ, ਕਿਸਾਨਾਂ-ਮਜ਼ਦੂਰਾਂ ਦੀਆਂ ਲਟਕਦੀਆਂ ਮੰਗਾਂ, ਕਿਸਾਨਾਂ ਦੀਆਂ ਚੋਰੀ ਹੋਈਆਂ ਟਰਾਲੀਆਂ ਤੇ ਹੋਰ ਅਹਿਮ ਮਸਲਿਆਂ ਸਬੰਧੀ ਮੁੱਖ ਮੰਤਰੀ ਨੂੰ ਮੰਗ-ਪੱਤਰ ਦੇਣ ਲਈ ਕਾਫਲੇ ਦੇ ਰੂਪ ’ਚ ਮਹਿਲ ਕਲਾਂ ਵੱਲ ਜਾ ਰਹੇ ਸੀ। ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਤੱਕ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ-ਆਪ ਨੂੰ ਕਿਸਾਨਾਂ ਦਾ ਹਮਾਇਤੀ ਦੱਸਦੇ ਹਨ ਪਰ ਦੂਜੇ ਪਾਸੇ ਜਦੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਲੈ ਕੇ ਉਨ੍ਹਾਂ ਨੂੰ ਮਿਲਣ ਜਾਂਦੇ ਹਨ ਤਾਂ ਪੁਲਿਸ ਦੇ ਜ਼ਰੀਏ ਉਨ੍ਹਾਂ ਨੂੰ ਰੋਕ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ ਤੇ ਸਰਕਾਰ ਦੀ ਦੋਹਰੀ ਨੀਤੀ ਨੂੰ ਬੇਨਕਾਬ ਕਰਦਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਮੁੱਖ ਮੰਤਰੀ ਨਾਲ ਫਸਲਾਂ ਲਈ ਕਾਨੂੰਨੀ ਐੱਮਐੱਸਪੀ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਤੇ ਹੋਰ ਜਨਤਕ ਮੁੱਦਿਆਂ ਬਾਰੇ ਗੱਲਬਾਤ ਕਰਨਾ ਚਾਹੁੰਦੀ ਸੀ ਪਰ ਗੱਲ ਸੁਣਨ ਦੀ ਬਜਾਏ ਪੁਲਿਸ ਰਾਹੀਂ ਰੋਕਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪਹਿਲੀ ਵਾਰ ਅਜਿਹਾ ਮਾਹੌਲ ਬਣਾਇਆ ਗਿਆ ਹੈ ਕਿ ਕਿਸੇ ਮੁੱਖ ਮੰਤਰੀ ਦੇ ਪਿੰਡਾਂ ਦੇ ਦੌਰੇ ਤੋਂ ਪਹਿਲਾਂ ਹੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਘੇਰ ਕੇ ਹਿਰਾਸਤ ’ਚ ਲੈ ਕੇ ਨਜ਼ਰਬੰਦ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਨਾਲ ਉਹ ਆਪਣੇ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ, ਫਸਲਾਂ ਲਈ ਕਾਨੂੰਨੀ ਐੱਮਐੱਸਪੀ ਦੀ ਗਾਰੰਟੀ ਤੇ ਹੋਰ ਜਨਤਕ ਮੁੱਦਿਆਂ ਨੂੰ ਲੈ ਕੇ ਜਥੇਬੰਦੀ ਦਾ ਸੰਘਰਸ਼ ਪਹਿਲਾਂ ਨਾਲੋਂ ਹੋਰ ਮਜ਼ਬੂਤੀ ਨਾਲ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਜ਼ਿਲ੍ਹਾ ਜਨਰਲ ਸਕੱਤਰ ਨਛੱਤਰ ਸਿੰਘ ਸਹੌਰ, ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ, ਬਲਾਕ ਬਰਨਾਲਾ ਦੇ ਪ੍ਰਧਾਨ ਜਗਜੀਤ ਸਿੰਘ ਜੱਗਾ, ਬਲਾਕ ਸੀਹਣਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਯੂਥ ਆਗੂ ਜਗਦੀਪ ਸਿੰਘ ਧਾਲੀਵਾਲ, ਡਾ. ਰਾਜੂ ਸਿੰਘ ਕਲਾਲਮਾਜਰਾ, ਗੁਰਪ੍ਰੀਤ ਸਿੰਘ ਪੱਖੋ ਹਾਜ਼ਰ ਸਨ।