ਦਿ ਰੂਟਸ ਮਿਲੇਨੀਅਮ ਸਕੂਲ ਖਨੌਰੀ ’ਚ ਬਾਲ ਦਿਵਸ ਮਨਾਇਆ ਦ ਰੂਟਸ ਮਿਲੇਨੀਅਮ ਸਕੂਲ ਖਨੌਰੀ ’ਚ ਬਾਲ ਦਿਵਸ ਧੂਮਧਾਮ ਨਾਲ ਮਨਾਇਆ
Publish Date: Mon, 16 Nov 2026 03:48 PM (IST)
Updated Date: Mon, 16 Nov 2026 03:48 PM (IST)
ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦ ਰੂਟਸ ਮਿਲੇਨੀਅਮ ਸਕੂਲ ਖਨੌਰੀ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਲਈ ਵੱਖ-ਵੱਖ ਸਿੱਖਿਆਦਾਇਕ ਅਤੇ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਜਮਾਤਾਂ ਵਿੱਚ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ ਅਤੇ ਦੇਸ਼ ਪ੍ਰਤੀ ਪਾਏ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬਾਲ ਦਿਵਸ ਮਨਾਉਣ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ਪੰਜਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਕਬੱਡੀ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਬਲਜੀਤ ਸਿੰਘ ਦੀ ਨਿਗਰਾਨੀ ਹੇਠ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਫੁਰਤੀ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਬੱਡੀ ਦੇ ਦਿਲਚਸਪ ਮੁਕਾਬਲੇ ਸਮਾਗਮ ਦੌਰਾਨ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ। ਇਸ ਮੌਕੇ ਸਕੂਲ ਦੇ ਪ੍ਰਬੰਧਕ ਡਾ. ਸੰਨੀ ਮਹਿਤਾ, ਡਾ. ਸ਼ਵੇਤਾ ਮਹਿਤਾ, ਸੰਜੀਵ ਸਿੰਘਲਾ ਅਤੇ ਰੇਖਾ ਰਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਲਈ ਪ੍ਰੇਰਿਤ ਕੀਤਾ। ਸਮੁੱਚੇ ਪ੍ਰੋਗਰਾਮ ਦੀ ਰੂਪ-ਰੇਖਾ ਸਕੂਲ ਮੁਖੀ ਡਾ. ਰਮਨਦੀਪ ਕੌਰ ਵੱਲੋਂ ਤਿਆਰ ਕੀਤੀ ਗਈ। ਸਕੂਲ ਕੋਆਰਡੀਨੇਟਰ ਸ਼੍ਰੀਮਤੀ ਪ੍ਰਿਅੰਕਾ ਰਾਣੀ ਅਤੇ ਸ਼੍ਰੀਮਤੀ ਜਤਿੰਦਰ ਕੌਰ ਦੀ ਸੁਚੱਜੀ ਨਿਗਰਾਨੀ ਹੇਠ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹਿਆ। ਅੰਤ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਬਾਲ ਦਿਵਸ ਦੇ ਜਸ਼ਨਾਂ ਨੂੰ ਯਾਦਗਾਰੀ ਬਣਾਇਆ।