ਜੇਐੱਨਐੱਨ, ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਾਰਤੀ ਆਜ਼ਾਦੀ ਸੰਘਰਸ਼ ਦੌਰਾਨ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿਚ ਜਾਨਾਂ ਨਿਛਾਵਰ ਕਰਨ ਵਾਲੇ ਅਣਗਿਣਤ ਗੁੰਮਨਾਮ ਨਾਇਕਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਕ ਯਾਦਗਾਰ ਦਾ ਨਿਰਮਾਣ ਛੇਤੀ ਕੀਤਾ ਜਾਵੇਗਾ। ਇਹ ਯਾਦਗਾਰ ਵਤਨ ਦੇ ਪਰਵਾਨਿਆਂ ਨੂੰ ਸਮਰਪਿਤ ਹੋਵੇਗੀ ਜਿਨ੍ਹਾਂ ਨੂੰ ਕਾਲੇਪਾਣੀ ਵਜੋਂ ਜਾਣੀ ਜਾਂਦੀ ਬੇਰਹਿਮ ਸਜ਼ਾ ਭੁਗਤਣੀ ਪਈ।

ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਦੇ ਆਜ਼ਾਦੀ ਅੰਦੋਲਨ ਵਿਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਅਜਿਹੇ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਖਾਸ ਕਰਕੇ ਪੰਜਾਬ ਨਾਲ ਸਬੰਧਤ ਵਤਨਪ੍ਰਸਤਾਂ ਦੀ ਸ਼ਨਾਖ਼ਤ ਕਰਨ ਲਈ ਉੱਘੇ ਇਤਿਹਾਸਕਾਰਾ ਅਤੇ ਵਿਦਵਾਨ ਪਹਿਲਾਂ ਹੀ ਬਹੁਤ ਖੋਜ ਕਰ ਚੁੱਕੇ ਹਨ।

ਮੁੱਖ ਮੰਤਰੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸੁਨਾਮੀ ਨਾਲ ਤਬਾਹ ਹੋਏ ਇਲਾਕੇ ਦਾ ਦੌਰਾ ਕਰਨ ਮੌਕੇ ਅੰਡੇਮਨ ਟਾਪੂ ਵਿਚ ਸੈਲੂਲਰ ਜੇਲ੍ਹ ਦੀ ਫੇਰੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਹੈਰਾਨੀ ਹੋਈ ਕਿ ਉੱਥੇ ਕੰਧਾਂ ਉਤੇ ਸ਼ਹੀਦਾਂ ਦੇ ਉਕਰੇ ਹੋਏ ਨਾਵਾਂ ਵਿੱਚੋਂ ਉਹ ਕਿਸੇ ਨੂੰ ਵੀ ਨਹੀਂ ਜਾਣਦੇ ਸਨ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਕਾਲੇਪਾਣੀ ਦੀ ਸਜ਼ਾ ਭੁਗਤਦਿਆਂ ਗੁੰਮਨਾਮੀ ਵਿਚ ਹੀ ਇਸ ਜਹਾਨ ਤੋਂ ਤੁਰ ਗਏ ਅਤੇ ਉਨ੍ਹਾਂ ਦੀਆਂ ਯਾਦਾਂ ਵੀ ਜੇਲ੍ਹ ਤੱਕ ਹੀ ਮਹਿਦੂਦ ਹੋ ਕੇ ਰਹਿ ਗਈਆਂ। ਉਨ੍ਹਾਂ ਕਿਹਾ, “ਮਾਤਭੂਮੀ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਫਰਜ਼ ਬਣਦਾ ਹੈ।”

ਜ਼ਿਕਰਯੋਗ ਹੈ ਕਿ ਸ਼ਹੀਦ ਊਧਮ ਸਿੰਘ ਦੇ ਕਾਂਸੇ ਦੇ ਆਦਮ ਕੱਦ ਬੁੱਤ ਸਮੇਤ ਆਲ੍ਹਾ ਦਰਜੇ ਦੀ ਯਾਦਗਾਰ ਬਣਾਈ ਗਈ ਹੈ ਜਿਸ ਦੇ ਨਾਲ ਦੋਵੇਂ ਪਾਸੇ ਸਥਾਪਤ ਚਾਰ-ਚਾਰ ਪੱਥਰਾਂ ਉਤੇ ਸ਼ਹੀਦ ਊਧਮ ਸਿੰਘ ਦੇ ਜੀਵਨ, ਇਤਿਹਾਸ ਅਤੇ ਮਿਸਾਲੀ ਯੋਗਦਾਨ ਨੂੰ ਅੰਗਰੇਜ਼ੀ ਅਤੇ ਪੰਜਾਬੀ ਵਿਚ ਉਕਰਿਆ ਹੋਇਆ ਹੈ। ਇਸ ਤੋਂ ਇਲਾਵਾ ਇਕ ਅਜਾਇਬ ਘਰ ਵੀ ਬਣਾਇਆ ਗਿਆ ਹੈ ਜਿੱਥੇ ਨਿਸ਼ਾਨੀਆਂ, ਵਿਲੱਖਣ ਤਸਵੀਰਾਂ, ਦਸਤਾਵੇਜ਼ ਤੇ ਮਹਾਨ ਸ਼ਹੀਦ ਦੀਆਂ ਅਸਥੀਆਂ ਕਲਸ਼ ਵਿਚ ਰੱਖੀਆਂ ਗਈਆਂ ਹਨ। ਇਸ ਯਾਦਗਾਰ ਉਤੇ 6.40 ਕਰੋੜ ਰੁਪਏ ਦੀ ਲਾਗਤ ਆਈ ਹੈ ਜਿਸ ਵਿੱਚੋਂ ਜ਼ਮੀਨ ਦੀ ਕੀਮਤ ਉਤੇ 3.40 ਕਰੋੜ ਜਦਕਿ ਬਾਕੀ 3 ਕਰੋੜ ਰੁਪਏ ਇਸ ਦੀ ਉਸਾਰੀ ਉਤੇ ਖਰਚ ਕੀਤੇ ਗਏ ਹਨ।

ਕਾਂਗਰਸ ਸਰਕਾਰ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਆਖਰੀ ਵਰ੍ਹੇ 'ਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਸੁਨਾਮ ਪਹੁੰਚੇ। ਇਸ ਤੋਂ ਪਹਿਲਾਂ ਸੂਬਾ ਪੱਧਰੀ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਦੌਰਾ ਰੱਦ ਹੁੰਦਾ ਰਿਹਾ ਹੈ। ਬੇਸ਼ਕ ਸਾਲ 2019 ਦੌਰਾਨ ਕੈਪਟਨ ਅਮਰਿੰਦਰ ਸਿੰਘ ਖ਼ੁਦ ਸ਼ਹੀਦ ਦੀ ਯਾਦਗਾਰ ਦੀ ਨੀਂਹ ਰੱਖਣ ਪਹੁੰਚਣ ਵਾਲੇ ਸਨ, ਪਰ ਐਨ ਵੇਲੇ ਬਾਰਿਸ਼ ਕਾਰਨ ਮੌਸਮ ਖਰਾਬ ਹੋਣ ਕਾਰਨ ਦੌਰਾ ਰੱਦ ਕਰ ਦਿੱਤਾ ਗਿਆ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਿਰਕਤ ਕੀਤੀ ਸੀ।

ਮੁੱਖ ਮੰਤਰੀ ਸ਼ਹੀਦੀ ਸਮਾਗਮ ਦੇ ਮੰਚ 'ਤੇ ਪਹੁੰਚ ਚੁੱਕੇ ਹਨ ਤੇ ਸ਼ਹੀਦ ਦੇ ਵਾਰਸਾਂ ਨਾਲ ਮੁਲਾਕਾਤ ਕਰ ਰਹੇ ਹਨ। ਨੌਂ ਸਾਲ ਬਾਅਦ ਸ਼ਹੀਦ ਦੀ ਯਾਦਗਾਰ ਸਥਾਪਤ ਹੋਣ ਦਾ ਸੁਪਨਾ ਪੂਰਾ ਹੋਇਆ ਹੈ। ਸ਼ਹੀਦ ਦੇ ਵਾਰਸਾਂ ਸਮੇਤ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

300 ਯੂਨਿਟ ਮੁਫ਼ਤ ਬਿਜਲੀ ਲਈ ਪ੍ਰਦਰਸ਼ਨ

ਕੈਪਟਨ ਅਮਰਿੰਦਰ ਸਿੰਘ ਦੇ ਪਹੁੰਚਣ ਤੋਂ ਪਹਿਲਾਂ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਗਠਨ ਪੰਜਾਬ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ 'ਚ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਸਮਾਗਮ ਵੱਲ ਵਧਦੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ।

ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੇ ਸ਼ਹੀਦੀ ਸਮਾਗਮ ਦੌਰਾਨ ਕਿਸੇ ਵੀ ਸਿਆਸਤਦਾਨ ਨੂੰ ਸ਼ਰਧਾਂਜਲੀ ਭੇਟ ਨਾ ਕਰਨ ਦੇਣ ਦਾ ਐਲਾਨ ਕੀਤਾ ਅਤੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨਾਲ ਧੱਕਾ-ਮੁੱਕੀ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸ਼ਹੀਦੀ ਸਮਾਗਮ ਵਾਲੀ ਜਗ੍ਹਾ ਵੱਲ ਜਾਂਦੇ ਮੁੱਖ ਮਾਰਗ 'ਤੇ ਧਰਨਾ ਲਗਾ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਸੂਬਾਈ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਤੇ ਸੂਬਾਈ ਸਕੱਤਰ ਮੇਜਰ ਸਿੰਘ ਬਰਨਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਨੇ ਇਕ ਸਾਲ ਪਹਿਲਾਂ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਤੇ ਪਰਿਵਾਰਾਂ ਨੂੰ 300 ਯੂਨਿਟ ਬਿਜਲੀ ਮਾਫ਼ ਕਰਨ ਦਾ ਐਲਾਨ ਕੀਤਾ ਸੀ। ਨਾਲ ਹੀ ਇਕ ਕਿੱਲੋਵਾਟ ਦੀ ਸ਼ਰਤ ਹਟਾਉਣ ਦਾ ਵਾਅਦਾ ਕੀਤਾ ਸੀ, ਮੁੱਖ ਮੰਤਰੀ ਪੰਜਾਬ ਨੇ 20 ਜੁਲਾਈ ਨੂੰ ਜ਼ੁਬਾਨੀ ਐਲਾਨ ਵੀ ਕੀਤਾ ਸੀ, ਪਰ ਹਾਲੇ ਤਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਇਸ ਰੋਸ 'ਚ ਸੰਗਠਨ ਵੱਲੋਂ ਚੇਅਰਮੈਨ ਬਿਜਲੀ ਬੋਰਡ ਪਟਿਆਲਾ ਦੇ ਦਫ਼ਤਰ ਤੇ ਮੋਤੀ ਮਹਿਲਾ ਸਾਹਮਣੇ ਧਰਨਾ ਦਿੱਤਾ ਸੀ ਜਿਸ 'ਤੇ ਐੱਸਡੀਐੱਮ ਵੱਲੋਂ ਲਿਖਤੀ ਤੌਰ 'ਤੇ 30 ਜੁਲਾਈ ਨੂੰ ਸਕੱਤਰ ਪਾਵਰਕਾਮ ਪੰਜਾਬ ਅਤੇ ਸਿਵਲ ਸਕੱਤਰ ਵਨ ਚੰਡੀਗੜ੍ਹ ਸੰਗਠਨ ਆਗੂਆਂ ਨਾਲ ਬੈਠਕ ਦਾ ਸਮਾਂ ਦਿੱਤਾ ਸੀ, ਪਰ ਇਕ ਦਿਨ ਪਹਿਲਾਂ ਹੀ ਬੈਠਕ ਸਕੱਤਰ ਦਾ ਤਬਾਦਲਾ ਹੋਣ ਕਾਰਨ ਦੱਸ ਕੇ ਰੱਦ ਕਰ ਦਿੱਤੀ ਗਈ। ਅਜਿਹੇ 'ਚ ਇਹ ਐਲਾਨ ਇਕ ਸਾਲ ਬਾਅਦ ਵੀ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਅਧੂਰਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਿਆਸਤ ਸਿੰਘ ਸੰਗਰੂਰ, ਮਨਜੀਤ ਸਿੰਘ ਜ਼ਿਲ੍ਹਾ ਸਕੱਤਰ, ਜਗਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਨਿਰਭੈ ਸਿੰਘ ਆਦਿ ਮੌਜੂਦ ਸਨ।

Posted By: Seema Anand