- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ 'ਤੇ ਦੋ ਕਾਰਾਂ ਦੀ ਟੱਕਰ, ਇਕ ਜ਼ਖ਼ਮੀ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ
ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ’ਤੇ ਭਵਾਨੀਗੜ੍ਹ ਵਿਖੇ ਅਨਾਜ ਮੰਡੀ ਵਾਲੇ ਕੱਟ ਨਜ਼ਦੀਕ ਦੋ ਕਾਰਾਂ ਦੀ ਆਪਸ ਵਿਚ ਟੱਕਰ ਹੋਣ ਕਾਰਨ ਇਕ ਆਲਟੋ ਕਾਰ ਸੜਕ ’ਤੇ ਪਲਟ ਗਈ। ਹਾਦਸੇ ਵਿਚ ਆਲਟੋ ਸਵਾਰਾਂ ਵਿੱਚੋ ਇਕ ਵਿਅਕਤੀ ਜ਼ਖ਼ਮੀ ਹੋ ਗਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਐੱਫ ਦੀ ਟੀਮ ਮੌਕੇ ’ਤੇ ਪਹੁੰਚੀ। ਟੀਮ ਨੇ ਹਾਦਸੇ ਵਿਚ ਜ਼ਖ਼ਮੀ ਹੋਏ ਰਾਜਦੀਪ ਸਿੰਘ (31) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਜਗਜੀਤਪੁਰਾ, ਜ਼ਿਲ੍ਹਾ ਬਰਨਾਲਾ ਨੂੰ ਤੁਰੰਤ ਇਲਾਜ ਲਈ ਸੀਐੱਚਸੀ ਭਵਾਨੀਗੜ੍ਹ ਵਿਖੇ ਦਾਖ਼ਲ ਕਰਵਾਇਆ।
ਐੱਸਐੱਸਐੱਫ ਟੀਮ ਏਐੱਸਆਈ ਹਰਬੰਸ ਸਿੰਘ, ਵਿੱਕੀ ਸਿੰਘ, ਰਮਨਦੀਪ ਕੌਰ ਅਤੇ ਸੰਦੀਪ ਕੌਰ ਵੱਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਪਾਸੇ ਕਰਵਾਇਆ ਗਿਆ, ਜਿਸ ਉਪਰੰਤ ਹਾਈਵੇ ’ਤੇ ਆਵਾਜਾਈ ਸੁਚਾਰੂ ਕਰਵਾਈ ਗਈ। ਮਾਮਲੇ ਸਬੰਧੀ ਥਾਣਾ ਭਵਾਨੀਗੜ੍ਹ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ।
ਲੋਕਾਂ ਨੇ ਪ੍ਰਸ਼ਾਸਨ ਤੋਂ ਕੀਤੀ ਸਪੀਡ ਕੰਟਰੋਲ ਕਰਨ ਦੀ ਮੰਗ
ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਭਵਾਨੀਗੜ੍ਹ ਸ਼ਹਿਰ ਵਿੱਚ ਚੌਕਾਂ ਅਤੇ ਹਾਦਸੇ ਵਾਲੇ ਸੰਵੇਦਨਸ਼ੀਲ ਸਥਾਨਾਂ ’ਤੇ ਟ੍ਰੈਫਿਕ ਲਾਈਟਾਂ ਲਗਾਉਣ ਦੇ ਨਾਲ-ਨਾਲ ਲੋੜੀਂਦੀ ਥਾਂ ’ਤੇ ਵੈਰੀਗੇਟਿੰਗ ਕਰਵਾਈ ਜਾਵੇ, ਤਾਂ ਜੋ ਵਾਹਨਾਂ ਦੀ ਰਫ਼ਤਾਰ ਨੂੰ ਕੰਟਰੋਲ ਕੀਤਾ ਜਾ ਸਕੇ। ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਜਾਨੀ ਤੇ ਮਾਲੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਅਤੇ ਸੜਕ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।