ਅੱਜ ਚਾਰ ਮੰਤਰੀਆ ਦੇ ਘਰਾਂ ਦਾ ਕੀਤਾ ਜਾਵੇਗਾ ਮੁਕੰਮਲ ਘਿਰਾਓ: ਉਗਰਾਹਾਂ ਅੱਜ ਚਾਰ ਮੰਤਰੀਆ ਦੇ ਘਰਾਂ ਦਾ ਕੀਤਾ ਜਾਵੇਗਾ ਮੁਕੰਮਲ ਘਿਰਾਓ: ਉਗਰਾਹਾਂ
Publish Date: Fri, 11 Sep 2026 06:31 PM (IST)
Updated Date: Sat, 12 Sep 2026 04:05 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਦ, ਬਰਨਾਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਿਲਾ ਹੈਡਕੁਆਟਰਾਂ ਤੇ ਚਲਦੇ ਮੋਰਚਿਆਂ ਦੌਰਾਨ ਬਰਨਾਲਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ 13 ਦਿਨਾਂ ਤੋਂ ਚੱਲ ਰਹੇ ਕਿਸਾਨ ਮੋਰਚਿਆਂ ਦੀਆਂ ਮੰਗਾਂ ਤੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣੀ ਵੱਟੀ ਹੋਈ ਮੁਜਰਮਾਨਾ ਚੁੱਪ ਤੋੜ ਕੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਨਹੀਂ ਤਾਂ ਆਉਂਦੇ ਦਿਨਾਂ ਵਿੱਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ 13 ਮੰਗਾਂ ’ਤੇ ਚੱਲ ਰਹੇ ਅੰਦੋਲਨ ਸਬੰਧੀ ਅਤੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਲੜ ਰਹੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੱਲ 12 ਸਤੰਬਰ ਨੂੰ ਪੰਜਾਬ ਸਰਕਾਰ ਦੇ ਚਾਰ ਮੰਤਰੀਆਂ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰਾਂ ਦਾ ਮੁਕੰਮਲ ਘਿਰਾਓ ਕਰਕੇ ਕਿਸਾਨਾਂ ਤੇ ਮੁਲਾਜ਼ਮਾਂ ਦੇ ਮੰਗ ਪੱਤਰ ਦੇ ਕੇ ਮੰਗ ਕੀਤੀ ਜਾਵੇਗੀ । ਉਨਾ ਕੇਂਦਰ ਦੀ ਭਾਜਪਾ ਸਰਕਾਰ ਨਾਲ ਸੰਬੰਧਿਤ ਮੰਗਾਂ ਬਾਰੇ 13 ਸਤੰਬਰ ਨੂੰ ਭਾਜਪਾ ਆਗੂਆਂ ਸੁਨੀਲ ਜਾਖੜ (ਫਾਜਿਲਕਾ) ਤੇ ਕੇਵਲ ਸਿੰਘ ਢਿੱਲੋ (ਬਰਨਾਲਾ) ਦੇ ਘਰਾਂ ਅੱਗੇ ਜਾਣ ਦਾ ਵੀ ਐਲਾਨ ਕੀਤਾ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ , ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਦੇਸ ਤੇ ਰਾਜਾਂ ਦੀਆਂ ਸਰਕਾਰਾਂ ਫਿਰਕਾ ਪ੍ਰਸਤੀ ਦੇ ਰਾਹ ਤੇ ਚਲਦਿਆਂ ਕੁਝ ਮੁੱਦਿਆਂ ਨੂੰ ਭੜਕਾ ਕੇ ਇੱਕ ਦੂਜੇ ਸੂਬਿਆਂ ਜਾਂ ਇਲਾਕਿਆਂ ਦੇ ਕਿਸਾਨਾਂ ਤੇ ਹੋਰ ਲੋਕਾਂ ਨੂੰ ਆਪਸ ਵਿੱਚ ਲੜਾਉਣ ਦੀ ਹਰ ਵਕਤ ਚਾਲ ਚਲਦੇ ਰਹਿੰਦੇ ਹਨ ਪਰ ਸਾਨੂੰ ਸਰਕਾਰਾਂ ਦੀ ਇਹ ਲੋਕ ਵਿਰੋਧੀ ਮਨਸਾ ਨੂੰ ਸਮਝਦੇ ਹੋਏ ਆਪਸੀ ਭਾਈਚਾਰੇ ਦੀ ਸਾਂਝ ਹੋਰ ਗੂੜੀ ਕਰਨੀ ਚਾਹੀਦੀ ਹੈ।