- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਪਿਊਟਰ ਟੀਚਰਾਂ ਨੇ ਸੁਨਾਮ ’ਚ ਕੱਢਿਆ ਮਸ਼ਾਲ ਮਾਰਚ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਹੱਕੀ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕਾਂ ਨੇ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਤੱਕ ਮਸ਼ਾਲ ਮਾਰਚ ਕੱਢਿਆ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵਾਅਦਿਆਂ ਤੋਂ ਮੁੱਕਰ ਗਈ ਹੈ, ਪੈਨਲ ਮੀਟਿੰਗਾਂ ਦਾ ਸਮਾਂ ਦੇ ਕੇ ਮੁੱਕਰਿਆ ਜਾ ਰਿਹਾ ਹੈ। ਕੰਪਿਊਟਰ ਟੀਚਰ ਯੂਨੀਅਨ ਦੇ ਸੂਬਾ ਆਗੂ ਨਰਦੀਪ ਸ਼ਰਮਾ, ਕੁਲਵਿੰਦਰ ਸਿੰਘ, ਨਾਇਬ ਸਿੰਘ, ਰਿਸ਼ਵ ਗੋਇਲ, ਬਲਜੀਤ ਸਿੰਘ ਅਤੇ ਪ੍ਰਦੀਪ ਸਿੰਘ ਦਾ ਕਹਿਣਾ ਹੈ ਕਿ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਕਈ ਵਾਰ ਸਮਾਂ ਤੈਅ ਹੋਣ ਦੇ ਬਾਵਜੂਦ ਮੀਟਿੰਗ ਨਹੀਂ ਹੋ ਸਕੀ। ਇਸ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਤਾਇਨਾਤ 6,440 ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਅਧਿਆਪਕਾਂ ਦਾ ਦਾਅਵਾ ਹੈ ਕਿ ਸਾਲ 2010-11 ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਹੋਰ ਸਰਕਾਰੀ ਮੁਲਾਜ਼ਮਾਂ ਵਾਂਗ ਕਈ ਲਾਭ ਨਹੀਂ ਮਿਲ ਰਹੇ। ਉਨ੍ਹਾਂ ਆਖਿਆ ਕਿ ਜਥੇਬੰਦੀ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨਾ, ਡੀਏ ਬਹਾਲ ਕਰਨਾ, ਰਿਟਾਇਰਮੈਂਟ ਅਤੇ ਬੀਮੇ ਦੇ ਲਾਭ ਦੇਣਾ, ਤਰੱਕੀਆਂ ਕਰਨਾ ਅਤੇ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ਜਾਂ ਕੇਸ ਵਾਪਸ ਲੈਣਾ ਸ਼ਾਮਲ ਦੀ ਮੰਗ ਕਰਦੀ ਆ ਰਹੀ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।