- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਪਿਊਟਰ ਟੀਚਰਾਂ ਨੇ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਧਰਨਾ

ਧਰਨੇ ’ਚ ਪੁੱਜੇ ਮੰਤਰੀ ਅਮਨ ਅਰੋੜਾ ਵੱਲੋਂ ਮੰਗਾਂ ਮੰਨਣ ਦਾ ਭਰੋਸਾ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੇ ਮੰਗਾਂ ਦੀ ਪੂਰਤੀ ਨੂੰ ਲੈ ਕੇ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਮੰਤਰੀ ਅਮਨ ਅਰੋੜਾ ਨੇ ਧਰਨਾਕਾਰੀਆਂ ਦੇ ਵਿੱਚ ਆਕੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ। ਐਤਵਾਰ ਨੂੰ ਸੁਨਾਮ ਵਿਖੇ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ
ਗੁਰਵਿੰਦਰ ਸਿੰਘ ਤਰਨਤਾਰਨ, ਜੋਨੀ ਸਿੰਗਲਾ, ਹਰਜੀਤ ਸਿੰਘ ਸੰਧੂ , ਨਰਦੀਪ ਸ਼ਰਮਾ, ਹਰਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਨੇ ਆਖਿਆ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਦੋ ਦਹਾਕਿਆਂ (20 ਸਾਲਾਂ) ਤੋਂ ਵੀ ਵੱਧ ਸਮੇਂ ਤੋਂ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੇ ਹਨ, ਪਰ ਰੈਗੂਲਰ ਕੰਪਿਊਟਰ ਅਧਿਆਪਕ ਅੱਜ ਵੀ ਆਪਣੇ ਬੁਨਿਆਦੀ ਹੱਕਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਟੈਕਨੀਕਲ ਸਿੱਖਿਆ ਦੇ ਕੇ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਬਾਵਜੂਦ ਇਸਦੇ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਲ 2020 ਤੋਂ ਕੰਪਿਊਟਰ ਅਧਿਆਪਕਾਂ ਦਾ 148% ਡੀ.ਏ. ਫਰੀਜ਼ ਕਰ ਦਿੱਤਾ ਗਿਆ। ਪੰਜਾਬ ਸਰਕਾਰ ਵੱਲੋਂ 20.01.2025 ਨੂੰ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਡੀ.ਏ. 181% ਕੀਤਾ ਗਿਆ. ਜਦੋਂਕਿ ਮੌਜੂਦਾ ਸਮੇਂ ਅਨ-ਰੀਵਾਈਜ਼ਡ ਡੀ.ਏ. 252% ਬਣਦਾ ਹੈ।
ਸਬ ਕਮੇਟੀ ਨਾਲ ਹੋਈਆਂ ਪਿਛਲੀਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਅਨੁਸਾਰ 221% ਡੀ.ਏ. ਦੇਣ ਸਬੰਧੀ ਫਾਇਲ ਵਿੱਤ ਮੰਤਰੀ ਦੀ ਮੰਨਜੂਰੀ ਲਈ ਵਿੱਤ ਵਿਭਾਗ ਵਿੱਚ ਪਿਛਲੇ 2 ਮਹੀਨਿਆਂ ਤੋਂ ਵਿਚਾਰ ਅਧੀਨ ਲੰਬਿਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਵਾਅਦੇ ਅਨੁਸਾਰ ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ‘ਟੀਚਰ ਗਰੰਟੀ ਪ੍ਰੋਗਰਾਮ ਵਿੱਚ ਲਿਖਤੀ ਵਾਅਦਾ ਕੀਤਾ ਗਿਆ ਕਿ “ਪਿਕਟਸ ਸੁਸਾਇਟੀ ਤੋਂ ਕੰਪਿਊਟਰ ਅਧਿਆਪਕਾਂ ਨੂੰ ਸਿੱਧਾ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇਗਾ’। ਇਸੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਸਮੂਹ ਵਰਗਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ।