- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਜੰਗਲ ਰਾਜ ਵਰਗੇ ਹਾਲਾਤ, ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ: ਪ੍ਰਗਟ ਸਿੰਘ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ 4 ਨਵੰਬਰ ਨੂੰ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਫੱਗੂਵਾਲਾ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਇਨਸਾਫ਼ ਰੈਲੀ’ ਤੋਂ ਇੱਕ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗ੍ਟ ਸਿੰਘ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਆਲ ਇੰਡੀਆ ਕਾਂਗਰਸ ਦੇ ਸੰਯੁਕਤ ਖ਼ਜ਼ਾਨਚੀ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੀ ਮੌਜੂਦ ਸਨ।
ਸੂਬਾ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਗੁਰੂਆਂ, ਪੀਰਾਂ ਅਤੇ ਫ਼ਕੀਰਾਂ ਦੀ ਧਰਤੀ ਪੰਜਾਬ ਵਿੱਚ ਅੱਜ ਜੰਗਲ ਰਾਜ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਫਿਰੌਤੀਆਂ, ਗੈਂਗਸਟਰਵਾਦ ਅਤੇ ਸਿਆਸੀ ਤੇ ਪੁਲਿਸ ਤੰਤਰ ਦੇ ਗੱਠਜੋੜ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਛੋਟੇ ਦੁਕਾਨਦਾਰਾਂ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ ਹਰ ਵਰਗ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਨਸ਼ਿਆਂ, ਬੇਰੁਜ਼ਗਾਰੀ ਅਤੇ ਗੈਂਗਸਟਰਵਾਦ ਵਰਗੀਆਂ ਸਮੱਸਿਆਵਾਂ ਦਾ ਕੀ ਹਾਲ ਹੈ। ਸਰਕਾਰ ਦੇ ਇਸ਼ਤਿਹਾਰਾਂ ਵਿੱਚ ਕੀਤੇ ਜਾ ਰਹੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਅੰਤਰ ਹੈ। ਕਿਸਾਨ, ਮਜ਼ਦੂਰ, ਨੌਜਵਾਨ ਅਤੇ ਮੁਲਾਜ਼ਮ ਵਰਗ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ।
ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਹੱਕਾਂ, ਕਿਸਾਨਾਂ ਦੀਆਂ ਸਮੱਸਿਆਵਾਂ, ਨੌਜਵਾਨਾਂ ਦੇ ਭਵਿੱਖ, ਨਸ਼ਿਆਂ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਵਰਗੇ ਅਹਿਮ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਣ ਦੀ ਲੋੜ ਹੈ। ਉਨ੍ਹਾਂ ਪੱਤਰਕਾਰ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਪੰਜਾਬ ਦੇ ਅਸਲ ਮੁੱਦਿਆਂ ਨੂੰ ਲੋਕਾਂ ਸਾਹਮਣੇ ਲਿਆਉਣ ਦੀ ਆਪਣੀ ਜ਼ਿੰਮੇਵਾਰੀ ਨਿਭਾਈ ਜਾਵੇ।
ਉਨ੍ਹਾਂ ਪੰਜਾਬ ਵਾਸੀਆਂ ਨੂੰ ਪਾਰਟੀਬਾਜ਼ੀ ਅਤੇ ਨਿੱਜੀ ਹਉਮੈ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਤੋਂ ਵੱਡੀ ਕੋਈ ਨਿੱਜੀ ਹਉਮੈ ਨਹੀਂ ਹੋ ਸਕਦੀ। ਇਹ ਲੜਾਈ ਕਿਸੇ ਕੁਰਸੀ ਲਈ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਭਵਿੱਖ ਅਤੇ ਅਸਲ ਕਿਰਦਾਰ ਨੂੰ ਬਚਾਉਣ ਲਈ ਹੈ।