ਨੀਟ ਪੇਪਰ ਲੀਕ ਮਾਮਲਾ: ਸੰਗਰੂਰ ਦੀਆਂ ਸੜਕਾਂ 'ਤੇ ਨਿਕਲਿਆ ਕਾਂਗਰਸੀਆਂ ਦਾ ਕੈਂਡਲ ਮਾਰਚ, ਰਾਹੁਲ-ਪ੍ਰਿਯੰਕਾ ਨੂੰ ਹਿਰਾਸਤ 'ਚ ਲੈਣ ਦੀ ਕੀਤੀ ਸਖ਼ਤ ਨਿੰਦਾ ਨੀਟ ਪੇਪਰ ਲੀਕ ਮਾਮਲੇ, ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਕਥਿਤ ਪੁਲਿਸ ਲਾਠੀਚਾਰਜ ਅਤੇ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ 'ਚ ਲੈਣ ਦੇ ਵਿਰੋਧ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਵੱਲੋਂ ਸ਼ਹਿਰ ਦੇ ਬਾਜ਼ਾਰ 'ਚ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ।
Publish Date: Thu, 23 Jul 2026 12:53 PM (IST)
Updated Date: Thu, 23 Jul 2026 12:55 PM (IST)
ਜਾਗਰਣ ਸੰਵਾਦਦਾਤਾ, ਸੰਗਰੂਰ : ਨੀਟ ਪੇਪਰ ਲੀਕ ਮਾਮਲੇ, ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਕਥਿਤ ਪੁਲਿਸ ਲਾਠੀਚਾਰਜ ਅਤੇ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ 'ਚ ਲੈਣ ਦੇ ਵਿਰੋਧ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਵੱਲੋਂ ਸ਼ਹਿਰ ਦੇ ਬਾਜ਼ਾਰ 'ਚ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ।
ਇਹ ਮਾਰਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ, ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਅਤੇ ਬਲਾਕ ਕਾਂਗਰਸ ਪ੍ਰਧਾਨ ਰੌਕੀ ਬੰਸਲ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਕੈਂਡਲ ਮਾਰਚ ਮਹਾਰਾਜਾ ਅਗਰਸੇਨ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚੋਂ ਲੰਘਦਾ ਹੋਇਆ ਬੱਸ ਸਟੈਂਡ ਲਾਲ ਬੱਤੀ ਚੌਕ ਵਿਖੇ ਸਮਾਪਤ ਹੋਇਆ। ਇਸ 'ਚ ਕਾਂਗਰਸ ਅਹੁਦੇਦਾਰਾਂ, ਵਰਕਰਾਂ ਅਤੇ ਵੱਡੀ ਗਿਣਤੀ 'ਚ ਆਮ ਲੋਕਾਂ ਨੇ ਹਿੱਸਾ ਲੈ ਕੇ ਵਿਦਿਆਰਥੀਆਂ ਦੇ ਸਮਰਥਨ 'ਚ ਆਪਣੀ ਆਵਾਜ਼ ਬੁਲੰਦ ਕੀਤੀ। ਉਕਤ ਕਾਂਗਰਸੀ ਨੇਤਾਵਾਂ ਨੇ ਕੇਂਦਰ ਸਰਕਾਰ 'ਤੇ ਸਿੱਖਿਆ ਪ੍ਰਣਾਲੀ ਨੂੰ ਕਮਜ਼ੋਰ ਕਰਨ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਨੀਟ ਪੇਪਰ ਲੀਕ ਨੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੇ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਪੁਲਿਸ ਵੱਲੋਂ ਬਲ ਪ੍ਰਯੋਗ ਕੀਤਾ ਗਿਆ, ਜੋ ਕਿ ਲੋਕਤੰਤਰੀ ਅਧਿਕਾਰਾਂ ਦਾ ਹਨਨ ਹੈ।
ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਹੋਰ ਸੀਨੀਅਰ ਨੇਤਾਵਾਂ ਦੀ ਹਿਰਾਸਤ ਦੀ ਵੀ ਸਖ਼ਤ ਨਿੰਦਾ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦਿਆਰਥੀ ਹਿੱਤਾਂ ਦੀ ਆਵਾਜ਼ ਚੁੱਕਣ ਵਾਲੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਰੋਕਣਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਪ੍ਰਦਰਸ਼ਨ ਦੌਰਾਨ ਕਾਂਗਰਸ ਨੇ ਨੀਟ ਪੇਪਰ ਲੀਕ ਮਾਮਲੇ ਦੀ ਨਿਸ਼ਪੱਖ ਤੇ ਸਮਾਂਬੱਧ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ, ਸਿੱਖਿਆ ਵਿਵਸਥਾ 'ਚ ਹੋਈਆਂ ਕਥਿਤ ਨਾਕਾਮੀਆਂ ਦੀ ਜ਼ਿੰਮੇਵਾਰੀ ਤੈਅ ਕਰਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਨੂੰ ਪਦ ਤੋਂ ਹਟਾਉਣ ਅਤੇ ਵਿਦਿਆਰਥੀਆਂ 'ਤੇ ਕਥਿਤ ਲਾਠੀਚਾਰਜ ਦੀ ਜਵਾਬਦੇਹੀ ਤੈਅ ਕਰਕੇ ਕੇਂਦਰੀ ਗ੍ਰਹਿ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਵਿਦਿਆਰਥੀਆਂ ਨੂੰ ਇਨਸਾਫ਼ ਨਾ ਮਿਲਿਆ ਅਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਨਾ ਹੋਈ, ਤਾਂ ਕਾਂਗਰਸ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ। ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਗੁਰਦੀਪ ਸਿੰਘ, ਨੱਥੂ ਢੀਂਗਰਾ, ਸੁਰਿੰਦਰ ਭਿੰਡਰ, ਬਿੰਦਰ ਬਾਂਸਲ, ਨਰੇਸ਼ ਗਾਬਾ, ਜੋਤੀ ਗਾਬਾ, ਸੁਭਾਸ਼ ਗਰੋਵਰ, ਹਰਪਾਲ ਸੋਨੂ, ਨਵੀਨ ਬੱਗਾ, ਬਲਜੋਤ, ਚਮਕੌਰ ਸਿੰਘ ਜੱਸੀ, ਸ਼ਕਤੀਜੀਤ ਸਿੰਘ, ਮਨਜੀਤ ਸਿੰਘ ਭਿੰਡਰ, ਕੁਲਦੀਪ ਸਿੰਘ ਭੁੱਲਰ, ਕਰਨੈਲ ਮਾਸਟਰ, ਗੌਰਵ ਸਿੰਗਲਾ, ਗੌਰਵ ਗਰਗ, ਅਸ਼ੋਕ ਬੰਸਲ, ਬ੍ਰਿਜ ਮੋਹਨ ਬਿੱਟੂ ਸਮੇਤ ਅਨੇਕਾਂ ਕਾਂਗਰਸੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।