'ਯੁੱਧ ਗੱਪਾਂ ਵਿਰੁੱਧ' ਕਾਂਗਰਸ ਨੇ ਆਪ ਸਰਕਾਰ ਦੀਆਂ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ
ਕਾਂਗਰਸ ਨੇ ਆਪ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ 'ਯੁੱਧ ਗੱਪਾਂ ਵਿਰੁੱਧ'...!
Publish Date: Thu, 05 Mar 2026 05:48 PM (IST)
Updated Date: Fri, 06 Mar 2026 04:06 AM (IST)

: ਸਰਕਾਰ ਹਰ ਖੇਤਰ ’ਚ ਫੇਲ੍ਹ ਸਾਬਤ ਹੋਈ : ਰਣਦੀਪ ਸਿੰਘ ਨਾਭਾ : ਸਰਕਾਰ ਔਰਤਾਂ ਦੇ ਖਾਤਿਆਂ ’ਚ ਤੁਰੰਤ ਪਾਵੇ 48000 : ਕਾਲਾ ਢਿੱਲੋ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਕਾਂਗਰਸ ਪਾਰਟੀ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਗੱਪੀਆਂ ਦੀ ਸਰਕਾਰ ਦੱਸਦੇ ਹੋਏ ਯੁੱਧ ਗੱਪਾਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤਹਿਤ ਸਮੁੱਚੇ ਪੰਜਾਬ ’ਚ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਪ੍ਰੈਸ ਕਾਨਫਰੰਸਾਂ ਕਰ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਖ਼ਿਲਾਫ਼ ਸੂਬੇ ਦੇ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਏ। ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਰਿਹਾਇਸ਼ ’ਤੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਨਾਲ ਵੱਖ-ਵੱਖ ਗਰੰਟੀਆਂ ਦਾ ਵਾਅਦਾ ਕਰ ਕੇ ਸੱਤਾ ’ਚ ਆਈ ਪਰੰਤੂ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਇਹ ਗਰੰਟੀਆਂ ਗੁਮਰਾਹਕੁੰਨ ਨਿਕਲੀਆਂ। ਉਨ੍ਹਾਂ ਕਿਹਾ ਕਿ ਆਪ ਨੇ ਸੂਬੇ ਦੀਆਂ ਔਰਤਾਂ ਨਾਲ ਪ੍ਰਤੀ ਮਹੀਨਾ 1000 ਰੁਪਏ ਦੀ ਗਰੰਟੀ ਦਿੱਤੀ ਸੀ ਪ੍ਰੰਤੂ ਸਰਕਾਰ ਦੀ ਇਹ ਗਰੰਟੀ ਝੂਠੀ ਨਿਕਲੀ। ਉਨ੍ਹਾਂ ਸ਼ੰਕਾ ਪ੍ਰਗਟ ਕੀਤੀ ਕਿ ਆਪ ਸਰਕਾਰ ਔਰਤਾਂ ਦੀਆਂ ਅੱਖਾਂ ਪੂੰਝਣ ਲਈ ਬਜਟ ਤੋਂ ਬਾਅਦ ਔਰਤਾਂ ਦੇ ਖਾਤਿਆਂ ’ਚ ਦੋ ਕੁ ਹਜ਼ਾਰ ਰੁਪਏ ਪਾ ਸਕਦੀ ਹੈ ਪ੍ਰੰਤੂ ਸਰਕਾਰ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਸਰਕਾਰ ਵੱਲ ਔਰਤਾਂ ਦਾ ਚਾਰ ਸਾਲਾਂ ਦਾ 48000 ਰੁਪਏ ਬਕਾਇਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਖ-ਵੱਖ ਸਮੱਸਿਆਵਾਂ ਦੇ ਖ਼ਿਲਾਫ਼ ਯੁੱਧ ਸ਼ੁਰੂ ਕਰਨ ਦਾ ਢੰਡੋਰਾ ਪਿੱਟ ਰਹੀ ਹੈ, ਪਰ ਅਸਲ ’ਚ ਸਰਕਾਰ ਹਰ ਖੇਤਰ ਵਿਚ ਫੇਲ੍ਹ ਸਾਬਤ ਹੋਈ ਹੈ। ਸਰਕਾਰ ਵੱਲੋਂ ਨਸ਼ਾ ਤਸਕਰੀ, ਰਿਸ਼ਵਤ ਖੋਰੀ ਦੇ ਖ਼ਿਲਾਫ਼ ਸ਼ੁਰੂ ਕੀਤੇ ਜਾਣ ਵਾਲੇ ਯੁੱਧ ਦੀਆਂ ਮੁਹਿੰਮਾਂ ਆਪਣੇ ਆਪ ਸਪੱਸ਼ਟ ਕਰਦੀਆਂ ਹਨ ਕਿ ਪੰਜਾਬ ਆਪ ਸਰਕਾਰ ਦੇ ਕਾਰਜਕਾਲ ਦੇ ਚਾਰ ਸਾਲਾਂ ਦੌਰਾਨ ਵੀ ਨਸ਼ਾ ਤਸਕਰੀ ਤੇ ਰਿਸ਼ਵਤਖੋਰੀ ਦੀ ਦਲਦਲ ਵਿਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਭਾਂਡਾ ਭੰਨਣ ਲਈ ਗੱਪੀਆਂ ਦੀ ਸਰਕਾਰ ਦੇ ਖ਼ਿਲਾਫ਼ ਯੁੱਧ ਗੱਪਾਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਲੋਕਾਂ ਦੇ ਵਿਚ ਹੇਠਲੇ ਪੱਧਰ ’ਤੇ ਜਾ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਵੱਡੇ ਆਪ ਆਗੂਆਂ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਗੱਪਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੇ ਅਮਨ ਕਾਨੂੰਨ ਦੇ ਹਾਲਾਤ ਬਦ ਤੋਂ ਬਦਤਰ ਹਨ ਇਥੋਂ ਤੱਕ ਕਿ ਪੁਲਿਸ ਮੁਲਾਜ਼ਮਾਂ ਦੇ ਕਤਲ ਵੀ ਹੋ ਰਹੇ ਹਨ ਤੇ ਪੰਜਾਬ ਪੁਲਿਸ ਨੂੰ ਕਾਤਲ ਲੱਭ ਹੀ ਨਹੀਂ ਰਹੇ। ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਮਰੀਕਾ ਭਾਰਤ ਵਪਾਰ ਸਮਝੌਤਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਖ਼ਤਮ ਕਰ ਦੇਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਅਮਰੀਕਾ ਭਾਰਤ ਵਪਾਰ ਸਮਝੌਤੇ ਦੇ ਖ਼ਿਲਾਫ਼ ਸਾਜਿਸ਼ੀ ਚੁੱਪ ਧਾਰੀ ਹੋਈ ਹੈ ਜਿਸ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ਼ਤਿਹਾਰਬਾਜ਼ੀ ਦੀ ਸਰਕਾਰ ਬਣ ਕੇ ਰਹਿ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਖਜ਼ਾਨੇ ਦੇ ਸਿਰ ਤੇ ਆਪ ਆਗੂ ਆਪਣੀ ਮਸ਼ਹੂਰੀ ਕਰ ਰਹੇ ਹਨ ਪਰੰਤੂ ਇਹਨਾਂ ਆਗੂਆਂ ਨੇ ਪੰਜਾਬ ਸਿਰ 4 ਲੱਖ ਕਰੋੜ ਦੇ ਕਰਜ਼ੇ ਤੋਂ ਅੱਖਾਂ ਫੇਰੀਆਂ ਹੋਈਆਂ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਆਪ ਸਰਕਾਰ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਖ਼ਾਤਰ ਨਸ਼ਾ ਤਸਕਰੀ, ਰਿਸ਼ਵਤਖੋਰੀ, ਗੈਂਗਸਟਰਵਾਦ ਦੇ ਖ਼ਿਲਾਫ਼ ਨਕਲੀ ਯੁੱਧ ਸ਼ੁਰੂ ਕਰ ਰਹੀ ਹੈ ਪ੍ਰੰਤੂ ਹੁਣ ਕਾਂਗਰਸ ਸੂਬੇ ਦੀ ਸਰਕਾਰ ਦੇ ਕਲਾਕਾਰਾਂ ਖ਼ਿਲਾਫ਼ ਯੁੱਧ ਗੱਪਾਂ ਵਿਰੁੱਧ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਸਰਕਾਰ ਦਾ ਅਸਲੀ ਚਿਹਰਾ ਦਿਖਾਵੇਗੀ। ਵਿਧਾਇਕ ਢਿੱਲੋਂ ਨੇ ਮੰਗ ਕੀਤੀ ਕਿ ਸਰਕਾਰ 18 ਸਾਲ ਤੋਂ ਉੱਪਰ ਦੀਆਂ ਸੂਬੇ ਦੀਆਂ ਸਾਰੀਆਂ ਔਰਤਾਂ ਦੇ ਖਾਤਿਆਂ ’ਚ ਤੁਰੰਤ 48000 ਦੀ ਬਕਾਇਆ ਰਕਮ ਪਾਵੇ, ਜਿਹੜੀ ਕਿ ਇਹਨਾਂ ਨੇ ਗਰੰਟੀ ਦਿੱਤੀ ਸੀ। ਵਿਧਾਇਕ ਢਿੱਲੋਂ ਨੇ ਕਿਹਾ ਕਿ ਉਹ ਪੰਜਾਬ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਸਬੰਧੀ ਸਰਕਾਰ ਨੂੰ ਘੇਰਨਗੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।