- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਕਾਂਗਰਸ ਪਾਰਟੀ ਨੇ ਕੀਤਾ ਕੈਂਡਲ ਮਾਰਚ

ਸੱਤਪਾਲ ਸਿੰਘ ਕਾਲਾਬੂਲਾ/ਰਹਿਮਾਨ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਪੰਜਾਬ ਅੰਦਰ ਫੈਲ ਰਹੇ ਨਸ਼ਿਆਂ ਦੇ ਖਿਲਾਫ ਬੇਬਾਕ ਹੋ ਕੇ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿਚ ਸ਼ਰੇ ਬਜ਼ਾਰ ਹੋਏ ਕਤਲ ਖਿਲਾਫ ਬੀਤੀ ਰਾਤ ਜ਼ਿਲ੍ਹਾ ਕਾਂਗਰਸ ਮਾਲੇਰਕੋਟਲਾ ਦੀ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਅਤੇ ਸਾਬਕਾ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ਕਾਂਗਰਸੀਆਂ ਵੱਲੋਂ ਸਥਾਨਕ ਸਰਹਿੰਦੀ ਗੇਟ ਤੋਂ ਕੈਂਡਲ ਮਾਰਚ ਕੱਢ ਕੇ ਪੰਜਾਬ ਸਰਕਾਰ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਹਿੰਦੀ ਗੇਟ ਦੇ ਬਾਹਰ ਇਕੱਠੇ ਹੋਏ ਵੱਡੀ ਗਿਣਤੀ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਅਤੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਿਹਾ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਦਿਨ-ਦਿਹਾੜੇ ਕਤਲ ਹੋ ਰਹੇ ਹਨ ਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਦਾ ਕਤਲ, ਫਿਰ ਉੱਘੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਅਤੇ ਹੁਣ ਪਰਵਿੰਦਰ ਝੋਟੇ ਦਾ ਕਤਲ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਦਾ ਸਬੂਤ ਹਨ। ਉਨ੍ਹਾਂ ਦੋਸ਼ ਲਾਇਆ ਕਿ ਜੇ ਸਰਕਾਰ ਨੇ ਅਪਰਾਧੀਆਂ ’ਚ ਕਾਨੂੰਨ ਦਾ ਡਰ ਬਣਾ ਕੇ ਰੱਖਿਆ ਹੁੰਦਾ ਤਾਂ ਇਹ ਘਟਨਾਵਾਂ ਨਾ ਵਾਪਰਦੀਆਂ।ਸਰਕਾਰ ਦੀ ਨਲਾਇਕੀ ਕਾਰਨ ਅੱਜ ਪੰਜਾਬ ਵਿਚ ਹਰ ਕੋਈ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਝੋਟਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾ ਕੇ ਸਾਰੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ।
ਇਸ ਮੌਕੇ ਮੁੱਖ ਸਪੋਕਸਪਰਸ਼ਨ ਅਨਵਰ ਮਹਿਬੂਬ, ਜ਼ਿਲ੍ਹਾ ਪਰਿਸ਼ਦ ਮੈਂਬਰ ਨਿਰਮਲਜੀਤ ਸਿੰਘ ਅਤੇ ਮਨਿੰਦਰ ਸਿੰਘ ਚਹਿਲ, ਬਲਾਕ ਕਾਂਗਰਸ ਪ੍ਰਧਾਨ ਕੁਲਵਿੰਦਰ ਸਿੰਘ ਝੁਨੇਰ ਤੇ ਮੁਹੰਮਦ ਜਾਵੇਦ, ਅਕਰਮ ਲਿਬੜਾ, ਬਾਬੂ ਸੁਭਾਸ਼ ਚੰਦਰ ਕੁਠਾਲਾ, ਮਹਿਮੂਦ ਰਾਣਾ, ਹਰਿੰਦਰ ਸਿੰਘ ਐਹਨੋ, ਰਣਜੀਤ ਸਿੰਘ ਮਦੇਵੀ, ਮਾਸਟਰ ਮੇਲਾ ਸਿੰਘ ਅਤੇ ਸੁਰਿੰਦਰਪਾਲ ਸਿੰਘ ਰੱਖੜਾ ਸ਼ਾਮਲ ਸਨ।