- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸੀ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਹੋਣ: ਧਾਲੀਵਾਲ

ਰਣਵੀਰ ਰਾਣਾ/ਜਸਪਾਲ ਲਾਡੇਵਾਲ, ਪੰਜਾਬੀ ਜਾਗਰਣ,
ਅਮਰਗੜ੍ਹ/ ਮਾਲੇਰਕੋਟਲਾ : ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਕਾਂਗਰਸ ਆਗੂ ਕਮਲ ਧਾਲੀਵਾਲ ਨੇ ਸਥਾਨਕ ਕਾਂਗਰਸ ਮੁੱਖ ਦਫ਼ਤਰ ਵਿੱਚ ਪਿੰਡਾਂ ਦੇ ਮੋਹਰੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵਰਕਰਾਂ ਨੂੰ ਲੋਕਾਂ ਨਾਲ ਨਿਰੰਤਰ ਤਾਲਮੇਲ ਬਣਾਉਣ ਅਤੇ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਕਮਲ ਧਾਲੀਵਾਲ ਨੇ ਕਿਹਾ ਕਿ ਕਾਂਗਰਸੀ ਵਰਕਰ ਵੋਟਰਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਨਿਰਪੱਖ ਢੰਗ ਨਾਲ ਆਵਾਜ਼ ਉਠਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਨਜ਼ਦੀਕੀ ਸੰਪਰਕ ਅਤੇ ਉਨ੍ਹਾਂ ਦੇ ਮਸਲਿਆਂ ਲਈ ਲਗਾਤਾਰ ਕੰਮ ਕਰਨ ਨਾਲ ਪਾਰਟੀ ਦਾ ਜਨ-ਅਧਾਰ ਹੋਰ ਮਜ਼ਬੂਤ ਹੋ ਸਕਦਾ ਹੈ।
ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਹਕੀਕਤ ਲੋਕਾਂ ਦੀਆਂ ਮੁਸ਼ਕਲਾਂ ਤੋਂ ਵੱਖਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਤੇ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ ਅਤੇ ਸਰਕਾਰ ਨੂੰ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਨਾਲ ਸੂਬੇ ਦੀ ਵਿੱਤੀ ਸਥਿਤੀ ਬਾਰੇ ਵੀ ਜਵਾਬਦੇਹ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕੁਝ ਗਰੀਬ ਪਰਿਵਾਰਾਂ ਨੂੰ ਉਨ੍ਹਾਂ ਦੀ ਸਮਰੱਥਾ ਤੋਂ ਵੱਧ ਬਿਜਲੀ ਦੇ ਬਿੱਲ ਮਿਲਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁਫ਼ਤ ਬਿਜਲੀ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਲੋਕਾਂ ਵੱਲੋਂ ਵੱਧ ਬਿਜਲੀ ਬਿੱਲਾਂ ਸਬੰਧੀ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਸ਼ਿਕਾਇਤਾਂ ਦੀ ਜਾਂਚ ਕਰਕੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਦਿੱਤੀ ਜਾਵੇ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ ’ਤੇ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਬਾਜ਼ੀ ਦੀ ਬਜਾਏ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਅਤੇ ਸੂਬੇ ਦੇ ਵਿਕਾਸ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਸਰਕਾਰ ਦੇ ਕੰਮਕਾਜ ਨੂੰ ਆਪਣੇ ਤਜਰਬਿਆਂ ਦੇ ਆਧਾਰ ’ਤੇ ਪਰਖ ਰਹੇ ਹਨ।
ਮੀਟਿੰਗ ਦੌਰਾਨ ਸ਼ਹਿਰੀ ਪ੍ਰਧਾਨ ਮਹਿੰਦਰ ਸਿੰਘ, ਪ੍ਰਧਾਨ ਪ੍ਰਿੰਸ ਜੋਸ਼ੀ, ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਫੌਜੀ, ਸਰਪੰਚ ਮਨਦੀਪ ਸਿੰਘ ਚੰਨੀ ਬਨਭੌਰਾ, ਪ੍ਰੀਤਮ ਸਿੰਘ ਰਾਮਪੁਰ ਛੰਨਾ, ਲੱਕੀ ਤੋਲੇਵਾਲ, ਬਲਕਾਰ ਸਿੰਘ ਭੜੀ ਮਾਨਸਾ, ਧਰਮ ਸਿੰਘ ਬਾਗੜੀਆਂ, ਅਮਰਿੰਦਰ ਸਿੰਘ ਭੁੱਲਰਾਂ, ਯੂਥ ਪ੍ਰਧਾਨ ਤਜਿੰਦਰ ਸਿੰਘ ਬਬਲੂ, ਭਗਵੰਤ ਸਿੰਘ ਭੜੀ ਮਾਨਸਾ, ਯੂਥ ਪ੍ਰਧਾਨ ਗੁਰਮੀਤ ਸਿੰਘ ਸੇਠੀ ਨਿਆਮਤਪੁਰ, ਰੂਪ ਪੰਚ, ਐੱਸਸੀ ਵਿੰਗ ਮਾਲੇਰਕੋਟਲਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮੁਲਾਬੱਧਾ ਅਤੇ ਬਲਵੰਤ ਸਿੰਘ ਭੱਟੀ ਹਾਜ਼ਰ ਸਨ।