ਵੋਟ ਚੋਰੀ ਤੇ ਐੱਸਆਈਆਰ ਖ਼ਿਲਾਫ਼ ਕਾਂਗਰਸੀਆਂ ਵੱਲੋਂ ਧਰਨਾ ਵੋਟ ਚੋਰੀ ਤੇ ਐਸਆਈਆਰ ਖ਼ਿਲਾਫ਼ ਕਾਂਗਰਸੀਆਂ ਵੱਲੋਂ ਧਰਨਾ
Publish Date: Sat, 10 Oct 2026 03:34 PM (IST)
Updated Date: Sun, 11 Oct 2026 04:02 AM (IST)
ਸੱਤਪਾਲ ਸਿੰਘ ਕਾਲਾਬੂਲਾ/ਰਹਿਮਾਨ, ਪੰਜਾਬੀ ਜਾਗਰਣ, ਮਾਲੇਰਕੋਟਲਾ : ਵੋਟ ਚੋਰੀ ਦੇ ਦੋਸ਼ਾਂ ਅਤੇ ਐਸਆਈਆਰ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸਾਤ ਅਖਤਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸਰਹੰਦੀ ਗੇਟ ਵਿਖੇ ਪਹੁੰਚ ਕੇ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਲੋਕਤੰਤਰ ਅਤੇ ਵੋਟ ਦੇ ਅਧਿਕਾਰ ਦੀ ਰਾਖੀ ਦੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਪਾਰਟੀ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਝਨੇਰ ਅਤੇ ਮੁਹੰਮਦ ਅਨਵਰ ਮਹਿਬੂਬ ਸਪੋਕਸਮੈਨ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ਦੇਸ਼ ਦੀ ਲੋਕਤੰਤਰੀ ਵਿਵਸਥਾ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਨੀਂਹ ਹੈ ਅਤੇ ਇਸ ਅਧਿਕਾਰ ਦੀ ਰਾਖੀ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਲੋਕਾਂ ਦੇ ਵੋਟ ਦੇ ਅਧਿਕਾਰ ਨੂੰ ਸੁਰੱਖਿਅਤ ਰੱਖਣ ਲਈ ਸੰਘਰਸ਼ ਕਰਦੀ ਆ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਵੱਲੋਂ ਵੋਟ ਚੋਰੀ ਦੇ ਮੁੱਦੇ ਨੂੰ ਲਗਾਤਾਰ ਉਠਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਉਣਾ ਚੋਣ ਕਮਿਸ਼ਨ ਦੀ ਅਹਿਮ ਜ਼ਿੰਮੇਵਾਰੀ ਹੈ। ਕਾਂਗਰਸ ਪਾਰਟੀ ਲੋਕਤੰਤਰ ਦੀ ਮਜ਼ਬੂਤੀ ਅਤੇ ਵੋਟਰਾਂ ਦੇ ਹੱਕਾਂ ਦੀ ਰਾਖੀ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ। ਧਰਨੇ ਦੌਰਾਨ ਮੁਹੰਮਦ ਜਾਵੇਦ, ਫਾਰੂਕ ਅੰਸਾਰੀ, ਮੁਹੰਮਦ ਸਵੀਰ ਮੁਹੰਮਦ ਇਕਬਾਲ ਲਾਲੀ ਸਾਰੇ ਕੌਂਸਲਰ ਮੈਂਬਰ, ਪ੍ਰੀਤਪਾਲ ਸਿੰਘ ਰੂਬਲ ਨਾਰੀਕੇ, ਮਹਿਮੂਦ ਰਾਣਾ, ਮੁਹੰਮਦ ਤਾਰਿਕ, ਜਸਵੰਤ ਸਿੰਘ ਸਾਬਕਾ ਸਰਪੰਚ ਬਾਗੜੀਆਂ ਅਤੇ ਮਹਿਲਾ ਆਗੂ ਕਾਂਤਾ ਕੁਠਾਲਾ ਮੌਜੂਦ ਸਨ।