- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਕੀਤਾ ਝੰਡਾ ਮਾਰਚ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਚੋਣ ਹਲਕੇ ਦਿੜ੍ਹਬਾ ਵਿਖੇ ਕੀਤਾ ਝੰਡਾ ਮਾਰਚ, ਇਸ ਸਮੇਂ ਹਾਜ਼ਰ ਮੋਰਚੇ ਦੇ ਆਗੂਆਂ ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ, ਸ਼ੇਰ ਸਿੰਘ ਖੰਨਾ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਗੁਰਵਿੰਦਰ ਸਿੰਘ ਕਾਹਲੋ, ਹਮੀਰ ਸਿੰਘ ਭੀਖੀ ਅਤੇ ਜਗਸੀਰ ਭੰਗੂ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਦੋ ਦਰਜਨਾਂ ਪਿੰਡਾਂ ’ਚ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣੇ ਕਾਰਜ਼ਕਾਲ ਦੇ ਅੰਤਿਮ ਸਮੇਂ ਤੱਕ ਪੁੱਜ ਚੁੱਕੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਨ ਲਈ ਨਵਾਂ ਕਾਨੂੰਨ ਬਣਾਉਣ ਉਪਰੰਤ ਵੀ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਨਹੀਂ ਕੀਤਾ ਜਾ ਰਿਹਾ। ਜਿਸ ਦੇ ਵਿਰੋਧ ਵਜੋਂ ਅੱਜ ਮੋਰਚੇ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਦੇ ਚੋਣ ਹਲਕੇ ਦਿੜ੍ਹਬਾ ਵਿਖੇ ਝੰਡਾ ਮਾਰਚ ਕੀਤਾ ਗਿਆ ਹੈ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਨਵੇਂ ਬਣਾਏ ਕਾਨੂੰਨ ਦੇ ਘੇਰੇ ਵਿੱਚੋਂ ਬਾਹਰ ਰੱਖੀਆਂ ਸਮੂਹ ਕੈਟਾਗਿਰੀਆਂ ਨੂੰ ਕਾਨੂੰਨ ਵਿੱਚ ਸ਼ਾਮਿਲ ਕੀਤਾ ਜਾਵੇ, ਸਮੂਹ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸਡ, ਇਨਲਿਸਟਮੈਂਟ,ਸੋਸਾਇਟੀਆਂ,ਕੰਪਨੀਆਂ,ਠੇਕਾਦਾਰਾਂ ਆਦਿ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਸੇਵਾਂਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜ਼ਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ।