- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ-ਵਿਰੋਧੀ ਵੀਡੀਓ ਨੂੰ ਲੈਕੇ ਨਮੋਲ ਚ, ਭਖਿਆ ਵਿਵਾਦ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਨਮੋਲ ਵਿਖੇ ਨਸ਼ਿਆਂ ਵਿਰੁੱਧ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਗਰਮਾ ਗਿਆ ਹੈ। ਇਸ ਘਟਨਾ ਨੇ ਕਾਫ਼ੀ ਚਰਚਾ ਛੇੜ ਦਿੱਤੀ ਹੈ, ਜਿਸ ਵਿੱਚ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤੇ ਜਾਣ ਅਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਤੋਂ ਦੁਖੀ ਹੋ ਕੇ ਇੱਕ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਪੀੜਤ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਘਟਨਾ ਤੋਂ ਬਾਅਦ, ਜਿੱਥੇ ਪੁਲਿਸ ਨੇ ਪੀੜਤ ਦੀ ਪਤਨੀ ਦੀ ਸ਼ਿਕਾਇਤ ’ਤੇ ਪਿੰਡ ਦੇ ਸਰਪੰਚ ਵਿਰੁੱਧ ਕੇਸ ਦਰਜ ਕੀਤਾ ਹੈ, ਉੱਥੇ ਹੀ ਪਿੰਡ ਵਾਸੀ ਸਰਪੰਚ ਦੇ ਬਚਾਅ ਲਈ ਅੱਗੇ ਆਏ ਹਨ। ਜ਼ਹਿਰੀਲਾ ਪਦਾਰਥ ਨਿਗਲ ਤੋਂ ਬਾਅਦ ਜ਼ੇਰੇ ਇਲਾਜ ਪੀੜਤ ਜੱਗਾ ਸਿੰਘ ਨੇ ਦੱਸਿਆ ਕਿ ਉਸਨੇ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਦੇ ਵਿਰੋਧ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਪਾਈ ਸੀ। ਉਸਨੇ ਮੰਨਿਆ ਕਿ ਉਹ ਖੁਦ ਨਸ਼ੇ ਦੀ ਲਤ ਦਾ ਸ਼ਿਕਾਰ ਰਿਹਾ ਹੈ। ਜੱਗਾ ਸਿੰਘ ਦਾ ਦੋਸ਼ ਹੈ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਸਰਪੰਚ ਅਤੇ ਉਸਦੇ ਸਾਥੀਆਂ ਨੇ ਉਸਨੂੰ ਲਗਾਤਾਰ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਦੋਸ਼ੀਆਂ ਨੇ ਕਥਿਤ ਤੌਰ 'ਤੇ ਜ਼ਬਰਦਸਤੀ ਉਸਦੇ ਘਰ ਵਿੱਚ ਦਾਖਲ ਹੋ ਕੇ ਭੰਨ-ਤੋੜ ਕੀਤੀ, ਉਸ ਨਾਲ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਸਬੂਤ ਮਿਟਾਉਣ ਦੀ ਕੋਸ਼ਿਸ਼ ਵਿੱਚ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਗਏ ਅਤੇ ਡੀਵੀਆਰ ਨੂੰ ਉਖਾੜਕੇ ਲੈ ਗਏ। ਪੀੜਤ ਦਾ ਦਾਅਵਾ ਹੈ ਕਿ ਉਸਨੇ ਧਮਕੀਆਂ ਅਤੇ ਆਪਣੀਆਂ ਸ਼ਿਕਾਇਤਾਂ 'ਤੇ ਕੋਈ ਕਾਰਵਾਈ ਨਾ ਹੋਣ ਕਾਰਨ ਪੈਦਾ ਹੋਈ ਨਿਰਾਸ਼ਾ ਵਿੱਚ ਇਹ ਸਖ਼ਤ ਕਦਮ ਚੁੱਕਿਆ। ਇਸੇ ਦੌਰਾਨ, ਨਮੋਲ ਵਿਖੇ ਪੈਦਾ ਹੋਈ ਸਥਿਤੀ ਦੇ ਵਿਰੋਧ ਵਿੱਚ ਪਿੰਡ ਨਮੋਲ ਦੇ ਵਸਨੀਕਾਂ ਨੇ ਇਕੱਠੇ ਹੋ ਕੇ ਜੱਗਾ ਸਿੰਘ ਵੱਲੋਂ ਸਰਪੰਚ ਤੇ ਲਾਏ ਦੋਸ਼ਾਂ ਨੂੰ ਨਕਾਰਦਿਆਂ ਦਾਅਵਾ ਕੀਤਾ ਕਿ ਉਹ ਖੁਦ ਨਸ਼ੇੜੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਰਿਹਾ ਹੈ। ਲੋਕਾਂ ਨੇ ਕਿਹਾ ਕਿ ਸਰਪੰਚ 'ਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਸਰਪੰਚ ਅਤੇ ਹੋਰਨਾਂ ਵਿਰੁੱਧ ਕੇਸ ਦਰਜ ਕਰਨਾ ਬਿਲਕੁਲ ਗਲਤ ਹੈ।
ਉਕਤ ਮਾਮਲੇ ਬਾਰੇ ਵੇਰਵੇ ਦਿੰਦਿਆਂ ਸੰਗਰੂਰ ਦੇ ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਪੀੜਤ ਧਿਰ, ਜੱਗਾ ਸਿੰਘ, ਦਾ ਪਹਿਲਾਂ ਤੋਂ ਹੀ ਅਪਰਾਧਿਕ ਰਿਕਾਰਡ ਰਿਹਾ ਹੈ। ਜੱਗਾ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ, ਬਲਾਤਕਾਰ ਅਤੇ ਆਬਕਾਰੀ ਐਕਟ ਤਹਿਤ ਕੇਸ ਦਰਜ ਹਨ। ਅਦਾਲਤ ਵੱਲੋਂ ਇਨ੍ਹਾਂ ਵਿੱਚੋਂ ਚਾਰ ਮਾਮਲਿਆਂ ਵਿੱਚ ਉਸਨੂੰ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। ਐੱਸਐੱਸਪੀ ਅਨੁਸਾਰ, ਜੱਗਾ ਸਿੰਘ ਨੇ 12 ਸਤੰਬਰ ਨੂੰ ਸੋਸ਼ਲ ਮੀਡੀਆ ਪੋਸਟ ਰਾਹੀਂ ਖੁਦਕੁਸ਼ੀ ਕਰਨ ਦੀ ਧਮਕੀ ਵੀ ਦਿੱਤੀ ਸੀ; ਇਸ ਸਬੰਧੀ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਪੰਚਾਇਤ ਵੱਲੋਂ ਵੀ ਉਸਦੇ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਗਈ ਸੀ। ਥਾਣਾ ਚੀਮਾਂ ਦੇ ਮੁਖੀ ਯੋਗੇਸ਼ ਗਰਗ ਨੇ ਦੱਸਿਆ ਕਿ ਜੱਗਾ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਨਮੋਲ ਦੇ ਸਰਪੰਚ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।