ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ : ਭਰਾਜ
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਭਰਾਜ
Publish Date: Wed, 10 Jun 2026 03:56 PM (IST)
Updated Date: Wed, 10 Jun 2026 03:59 PM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ ਸੰਗਰੂਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਮੰਗਲਵਾਰ ਨੂੰ ਸ਼੍ਰੀ ਕਾਲਾ ਮਾਤਾ ਮੰਦਰ ਹਾਲ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜਿਕ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਹੈਲਪਲਾਈਨ ਅਤੇ ਜਾਗਰੂਕਤਾ ਈ-ਰਿਕਸ਼ਾ ਮੁਹਿੰਮ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸੰਗਰੂਰ ਵਿੱਚ ਪ੍ਰਾਪਤ ਹੋਈਆਂ 155 ਸ਼ਿਕਾਇਤਾਂ ਵਿੱਚੋਂ ਜਾਂਚ ਉਪਰੰਤ 22 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 90 ਹਜ਼ਾਰ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਕਰਵਾਇਆ ਗਿਆ ਹੈ, ਜਦਕਿ ਲਗਭਗ 60 ਹਜ਼ਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਰਾਜ ਨੇ ਕਿਹਾ ਕਿ ਨਸ਼ਾ ਕੇਵਲ ਇੱਕ ਵਿਅਕਤੀ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ, ਨੌਜਵਾਨ, ਸਮਾਜਿਕ ਸੰਸਥਾਵਾਂ ਅਤੇ ਡਿਫੈਂਸ ਕਮੇਟੀਆਂ ਆਪਸੀ ਤਾਲਮੇਲ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਸਰਪੰਚਾਂ ਅਤੇ ਪੰਚਾਂ ਨੂੰ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਹਾਜ਼ਰੀਨ ਨੇ ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ। ਇਸ ਮੌਕੇ ਐੱਸਡੀਐੱਮ ਸੰਗਰੂਰ ਸਤੀਸ਼ ਚੰਦਰ, ਐੱਸਡੀਐੱਮ ਭਵਾਨੀਗੜ੍ਹ ਮਨਜੀਤ ਕੌਰ ਆਦਿ ਹਾਜ਼ਰ ਸਨ।