
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਜਨੀਤਿਕ ਪਾਰਟੀਆਂ ਨੂੰ ਡਰਾਫਟ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਵੋਟਰ ਸੂਚੀ ਦੀ ਗਹਿਰੀ ਸੁਧਾਈ ਪ੍ਰਕਿਰਿਆ (ਐਸ.ਆਈ.ਆਰ.) ਦੇ ਦੂਜੇ ਪੜਾਅ ਦੇ ਪਹਿਲੇ ਦਿਨ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਡਰਾਫ਼ਟ ਵੋਟਰ ਸੂਚੀ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ ਗਈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਧਾਈ ਪ੍ਰਕਿਰਿਆ ਦੇ ਦੂਜੇ ਪੜਾਅ ਤਹਿਤ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ (ਡਰਾਫ਼ਟ ਵੋਟਰ ਸੂਚੀ) ਮੁਕੰਮਲ ਹੋਣ ਉਪਰੰਤ ਇਸ ਦੀ ਇੱਕ ਇੱਕ ਕਾਪੀ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਨਾਮ ਡਰਾਫਟ ਵੋਟਰ ਸੂਚੀ ‘ਚ ਦਰਜ ਹੋਣ ਤੋਂ ਰਹਿ ਗਿਆ ਹੈ ਤਾਂ ਉਹ 12 ਸਤੰਬਰ 2026 ਤੱਕ ਫਾਰਮ ਨੰਬਰ 6 ਭਰਕੇ ਆਨਲਾਈਨ ਜਾਂ ਦਸਤੀ ਰੂਪ ’ਚ ਆਪਣਾ ਦਾਅਵਾ ਦਰਜ ਕਰ ਸਕਦੇ ਹਨ। ਜਿਹੜੇ ਵੋਟਰਾਂ ਦੇ ਫਾਰਮ ਪ੍ਰਾਪਤ ਹੋਏ ਹਨ ਪਰ ਮੈਪਿੰਗ 2003 ਦੀ ਵੋਟਰ ਸੂਚੀ ਨਾਲ ਨਹੀਂ ਹੋਈ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਣ-ਮੈਪਡ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਕਰਕੇ ਕੋਈ ਯੋਗ ਵੋਟਰ ਰਹਿ ਗਿਆ ਹੈ ਤਾਂ ਉਹ ਦਾਅਵੇ ਤੇ ਇਤਰਾਜ਼ ਦਰਜ ਕਰਾਉਣ ਦੀ ਮਿਆਦ (13 ਅਗਸਤ ਤੋਂ 12 ਸਤੰਬਰ 2026) ਦੇ ਪੜਾਅ ’ਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਅੰਤਿਮ ਵੋਟਰ ਸੂਚੀ ’ਚ ਉਨ੍ਹਾਂ ਦੇ ਨਾਮ ਸ਼ਾਮਲ ਹੋ ਸਕਣ। ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਤੇ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।