21 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ ਬਰਨਾਲਾ ’ਚ 21 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਮੌਤ
Publish Date: Sat, 01 Aug 2026 05:52 PM (IST)
Updated Date: Sun, 02 Aug 2026 04:02 AM (IST)
--ਪਰਿਵਾਰ ਨੇ ਲਗਾਏ ਕਤਲ ਦੇ ਗੰਭੀਰ ਦੋਸ਼, ਪੁਲਿਸ ਜਾਂਚ ’ਚ ਜੁਟੀ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਸ਼ਹਿਰ ਦੇ ਪ੍ਰੇਮ ਨਗਰ ਇਲਾਕੇ ਤੋਂ ਇੱਕ ਬਹੁਤ ਹੀ ਮੰਦਭਾਗੀ ਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਰਹਿਣ ਵਾਲੇ 21 ਸਾਲਾ ਨੌਜਵਾਨ ਜਸਕਰਨ ਸਿੰਘ ਦੀ ਭੇਦਭਰੇ ਹਾਲਾਤਾਂ ’ਚ ਮੌਤ ਹੋ ਜਾਣ ਨਾਲ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ ਤੇ ਨਾਲ ਹੀ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜਸਕਰਨ ਸਿੰਘ, ਪੁੱਤਰ ਰਜੇਸ਼ ਕੁਮਾਰ, ਵਾਸੀ ਪ੍ਰੇਮ ਨਗਰ ਬਰਨਾਲਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਮੌਤ ਨੂੰ ਇੱਕ ਸਾਜ਼ਿਸ਼ੀ ਕਤਲ ਕਰਾਰ ਦਿੰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਤੇ ਇਨਸਾਫ਼ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਸਥਾਨਕ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹਰ ਪੱਖ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁਝ ਦੋਸਤ ਘਰੋਂ ਬੁਲਾਕੇ ਆਪਣੇ ਨਾਲ ਲੈ ਕੇ ਗਏ ਸਨ : ਪਰਿਵਾਰਕ ਮੈਂਬਰਾਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਸ਼ਾਮ ਲਗਭਗ ਸਾਢੇ 5 ਵਜੇ ਜਸਕਰਨ ਸਿੰਘ ਨੂੰ ਉਸ ਦੇ ਕੁਝ ਦੋਸਤ ਘਰੋਂ ਬੁਲਾਕੇ ਆਪਣੇ ਨਾਲ ਲੈ ਕੇ ਗਏ ਸਨ। 3 ਤੋਂ 4 ਘੰਟਿਆਂ ਬਾਅਦ ਪਰਿਵਾਰ ਨੂੰ ਫੋਨ ਰਾਹੀਂ ਇਤਲਾਹ ਮਿਲੀ ਕਿ ਰੇਲਵੇ ਸਟੇਸ਼ਨ ਨੇੜੇ ਕਿਸੇ ਗੱਲ ਨੂੰ ਲੈ ਕੇ ਲੜਾਈ-ਝਗੜਾ ਹੋਇਆ ਹੈ। ਸੂਚਨਾ ਮਿਲਣ ਤੋਂ ਬਾਅਦ ਜਦੋਂ ਪਰਿਵਾਰ ਨੇ ਭਾਲ ਸ਼ੁਰੂ ਕੀਤੀ, ਤਾਂ ਗ੍ਰੀਨ ਪੈਲੇਸ ਰੋਡ ਨੇੜੇ ਗਲੀਆਂ ’ਚੋਂ ਜਸਕਰਨ ਦੀ ਮ੍ਰਿਤਕ ਦੇਹ ਬਰਾਮਦ ਹੋਈ। ਪਰਿਵਾਰ ਨੇ ਦੋਸ਼ ਲਾਉਂਦਿਆਂ ਦੱਸਿਆ ਕਿ ਜਸਕਰਨ ਨੂੰ ਬਹੁਤ ਹੀ ਬੇਰਹਿਮੀ ਨਾਲ ਕੁੱਟਿਆ ਗਿਆ ਹੈ, ਜਿਸ ਕਾਰਨ ਉਸ ਦੀ ਮੌਤ ਹੋਈ ਹੈ। ਘਰ ’ਚ ਛੋਟੇ ਪੁੱਤਰ ਦੀ ਅਚਾਨਕ ਮੌਤ ਨਾਲ ਮਾਤਮ ਪਸਰਿਆ ਹੋਇਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। --ਪੁਲਿਸ ਜਾਂਚ, ਸੀਸੀਟੀਵੀ ਫੁਟੇਜ ਖੰਗਾਲਨ ਲੱਗੀ ਪੁਲਿਸ ਘਟਨਾ ਦੀ ਇਤਲਾਹ ਮਿਲਦਿਆਂ ਹੀ ਥਾਣਾ ਸਿਟੀ-2 ਬਰਨਾਲਾ ਦੇ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਥਾਣੇ ਦੀ ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ। ਸ਼ੁਰੂਆਤੀ ਸੀਸੀਟੀਵੀ ਫੁਟੇਜ ’ਚ ਜਸਕਰਨ ਘਰੋਂ ਇਕੱਲਾ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ, ਜੋ ਕਿ ਪਰਿਵਾਰ ਦੇ ਦਾਅਵੇ ਤੋਂ ਕੁਝ ਵੱਖਰਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਤੇ ਘਟਨਾ ਦੀ ਪੂਰੀ ਸੱਚਾਈ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਫਿਲਹਾਲ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਜ਼ਿਲ੍ਹਾ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। --ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਇਸ ਦੁਖਦ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੇ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪਰਿਵਾਰ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਜਦੋਂ ਪੂਰੇ ਪੰਜਾਬ ’ਚ ਲੋਕ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਹਨ, ਉਦੋਂ ਉਨ੍ਹਾਂ ਦੇ ਘਰ ਦਾ ਚਿਰਾਗ ਸਦਾ ਲਈ ਬੁੱਝ ਗਿਆ। ਉਨ੍ਹਾਂ ਕਿਹਾ ਕਿ ਸੂਬੇ ’ਚ ਅਪਰਾਧਿਕ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ’ਚ ਅਸੁਰੱਖਿਆ ਦੀ ਭਾਵਨਾ ਵਧਦੀ ਜਾ ਰਹੀ ਹੈ। ਇਸ ਦੇ ਬਾਵਜੂਦ, ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ’ਤੇ ਭਰੋਸਾ ਜਤਾਉਂਦਿਆਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।